ਲੁਧਿਆਣਾ- ਪੰਜਾਬ ਵਿਧਾਨ ਸਭਾ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਹੈ ਕਿ ਉਨ੍ਰ੍ਹਾਂ ਨੇ ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਸ੍ਰ. ਐੱਚ. ਐੱਸ. ਫੂਲਕਾ ਦੇ ਅਸਤੀਫੇ ‘ਤੇ ਹਾਲੇ ਵਿਚਾਰ ਨਹੀਂ ਕੀਤਾ ਹੈ। ਮਨਜ਼ੂਰੀ ਤੋਂ ਪਹਿਲਾਂ ਅਸਤੀਫੇ ਨੂੰ ਚੰਗੀ ਤਰ੍ਹਾਂ ਵਾਚਿਆ ਜਾਵੇਗਾ। ਉਹ ਅੱਜ ਪਿੰਡ ਰਕਬਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਉਸਾਰੀ ਯਾਦਗਾਰ ਵਿਖੇ ਜਨਮ ਦਿਵਸ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਹੋਏ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਸ੍ਰੀ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਵਿਧਾਇਕ ਫੂਲਕਾ ਦਾ ਅਸਤੀਫ਼ਾ ਉਨ੍ਹਾਂ ਕੋਲ ਪਹੁੰਚ ਗਿਆ ਹੈ, ਜਿਸ ‘ਤੇ ਹਾਲੇ ਵਿਚਾਰ ਨਹੀਂ ਕੀਤਾ ਗਿਆ ਹੈ। ਇਸ ਨੂੰ ਮਨਜ਼ੂਰ ਕਰਨ ਤੋਂ ਪਹਿਲਾਂ ਉਹ ਅਸਤੀਫ਼ੇ ਨੂੰ ਤਕਨੀਕੀ ਤੌਰ ‘ਤੇ ਵਾਚਣਗੇ ਕਿ ਇਹ ਮਨਜੂਰ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਇਹ ਸਪੀਕਰ ਦਾ ਅਧਿਕਾਰ ਹੈ ਕਿ ਉਹ ਕਿਸੇ ਦਾ ਅਸਤੀਫਾ ਸਵੀਕਾਰ ਜਾਂ ਅਸਵੀਕਾਰ ਕਰਨ ਤੋਂ ਪਹਿਲਾਂ ਉਸ ਬਾਰੇ ਸਾਰੇ ਪੱਖਾਂ ਨੂੰ ਘੋਖ ਲਵੇ। ਉਨ੍ਹਾਂ ਸਾਬਕਾ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ‘ਤੇ ਕਥਿਤ ਹਮਲੇ ਦੀ ਸਾਜਿਸ਼ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਉਹ ਨਿੱਜੀ ਤੌਰ ‘ਤੇ ਕਿਸੇ ਵੀ ਹਿੰਸਕ ਕਾਰਵਾਈ ਦਾ ਵਿਰੋਧ ਕਰਦੇ ਹਨ।

