ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਪੰਜਾਬ ਵਾਸੀਆਂ ਨੂੰ ਸੂਬੇ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਕਾਂਗਰਸ ਨੂੰ ਜਿਤਾ ਕਿ ਸੂਬਾਈ ਅਤੇ ਕੌਮੀ ਸਿਆਸਤ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰ ਦੇਣ ਦਾ ਸੱਦਾ ਦਿੱਤਾ ਹੈ।
ਅੱਜ ਲੰਬੀ ਵਿੱਚ ਰਿਕਾਰਡ ਤੋੜ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਜਮਹੂਰੀਅਤ ਪੱਖੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਪੰਜਾਬ ਕਾਂਗਰਸ ਨੇ ਪਾਰਟੀ ਹਾਈ ਕਮਾਂਡ ਨੂੰ ਜਾਣੰੂ ਕਰਵਾ ਦਿੱਤਾ ਹੈ ਕਿ ਸੂਬੇ ਵਿੱਚ ਨਾ ਤਾਂ ਉਹ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਚਾਹੁੰਦੇ ਹਨ ਤੇ ਨਾ ਹੀ ਇਸ ਦੀ ਸਾਨੂੰ ਲੋੜ ਹੈ। ਉਨਾਂ ਨੇ ਲੋਕਾਂ ਨੂੰ ਪਾਰਟੀ ਦੇ ਹੱਕ ਵਿੱਚ ਸਪੱਸ਼ਟ ਫਤਵਾ ਦੇਣ ਦਾ ਸੱਦਾ ਦਿੱਤਾ।
ਇਸ ਮੌਕੇ ਮੁੱਖ ਮੰਤਰੀ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਲਈ ਮਿਸ਼ਨ-13 ਦਾ ਆਗਾਜ਼ ਕਰਦਿਆਂ ਐਲਾਨ ਕੀਤਾ ਕਿ ਬਠਿੰਡਾ ਅਤੇ ਲੰਬੀ ਹਲਕਿਆਂ ਸਮੇਤ ਸੂਬੇ ਵਿੱਚ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ’ਤੇ ਪਾਰਟੀ ਜਿੱਤ ਹਾਸਲ ਕਰੇਗੀ। ਉਨਾਂ ਨੇ ਸੰਸਦੀ ਚੋਣਾਂ ਦੀ ਮੁਹਿੰਮ ਵਿੱਢਣ ਲਈ ਪੰਜਾਬ ਕਾਂਗਰਸ ਦਾ ਮਿਸ਼ਨ-13 ਪੋਸਟਰ ਵੀ ਜਾਰੀ ਕੀਤਾ।
ਬਾਦਲਾਂ ਦੇ ਹਲਕੇ ਵਿੱਚ ਉਨਾਂ ’ਤੇ ਤਿੱਖਾ ਹਮਲਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਦੇ ਬੇਅਦਬੀ ਮਾਮਲੇ ਅਤੇ ਇਸ ਤੋਂ ਬਾਅਦ ਵਾਪਰੀਆਂ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ’ਤੇ ਬਾਦਲਾਂ ਵੱਲੋਂ ਕੋਰਾ ਝੂਠ ਬੋਲਣ ਲਈ ਦੋਸ਼ੀ ਠਹਿਰਾਇਆ। ਉਨਾਂ ਕਿਹਾ ਕਿ ਬਾਦਲਾਂ ਨੇ ਨਸ਼ਿਆਂ ਅਤੇ ਖੇਤੀ ਕਰਜ਼ਿਆਂ ਦੇ ਮਾਮਲਿਆਂ ’ਤੇ ਕੱਖ ਵੀ ਨਹੀਂ ਕੀਤਾ ਜਿਸ ਨਾਲ ਸਾਡੇ ਨੌਜਵਾਨਾਂ ਅਤੇ ਕਿਸਾਨਾਂ ਦਾ ਜੀਵਨ ਤਬਾਹ ਹੋ ਗਿਆ।
ਮੁੱਖ ਮੰਤਰੀ ਨੇ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ’ਤੇ ਝੂਠ ਬੋਲਣ ਲਈ ਪ੍ਰਕਾਸ਼ ਸਿੰਘ ਬਾਦਲ ਦੀ ਸਖ਼ਤ ਆਲੋਚਨਾ ਕੀਤੀ। ਉਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਇਹ ਦਾਅਵਾ ਕਰਦਾ ਹੈ ਕਿ ਉਹ ਇਸ ਸਮੁੱਚੇ ਘਟਨਾਕ੍ਰਮ ਦੌਰਾਨ ਸੁੱਤਾ ਪਿਆ ਸੀ ਜਦਕਿ ਉਸ ਵੇਲੇ ਦੇ ਡੀ.ਜੀ.ਪੀ. ਨੇ ਪਹਿਲਾਂ ਹੀ ਜਸਟਿਸ ਰਣਜੀਤ ਸਿੰਘ ਅੱਗੇ ਬਾਦਲ ਦੇ ਇਸ ਝੂਠ ਦਾ ਪਰਦਾਫਾਸ਼ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਿਵੇਂ ਹੋ ਸਕਦਾ ਹੈ ਕਿ ਸੂਬੇ ਦੇ ਮੁੱਖ ਮੰਤਰੀ ਨੂੰ ਇੰਨੇ ਮਹੱਤਵਪੂਰਨ ਘਟਨਾਕ੍ਰਮ ਬਾਰੇ ਵੀ ਕੋਈ ਇਲਮ ਨਾ ਹੋਵੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡੀ.ਜੀ.ਪੀ. ਨੇ ਉਸ ਸਵੇਰ 2 ਵਜੇ ਬਾਦਲ ਨਾਲ ਗੱਲਬਾਤ ਕੀਤੀ ਅਤੇ ਉਸ ਤੋਂ ਬਾਅਦ ਆਈ.ਜੀ. ਨਾਲ 22 ਵਾਰ ਗੱਲਬਾਤ ਕੀਤੀ।
