ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਮਾਰਚ 2018 ਵਿੱਚ ਹੋਈ ਪ੍ਰੀਖਿਆ ਵਿੱਚੋਂ ਰਾਜ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ। ਇੱਥੇ ਹੋਏ ਇਕ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸਿੱਖਿਆ ਮੰਤਰੀ ਨੇ 18 ਵਿਦਿਆਰਥੀਆਂ ਨੂੰ ਕੁੱਲ 15,50,000 ਦੀ ਇਨਾਮੀ ਰਾਸ਼ੀ ਤੇ ਸਰਟੀਫਿਕੇਟ ਤਕਸੀਮ ਕੀਤੇ। ਇਸ ਮੌਕੇ ਹਰੇਕ ਸਟਰੀਮ ਵਿੱਚੋਂ ਪਹਿਲੇ ਸਥਾਨ ਉਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਕ ਲੱਖ ਰੁਪਏ, ਦੂਜੇ ਸਥਾਨ ਲਈ 75 ਹਜ਼ਾਰ ਰੁਪਏ ਅਤੇ ਤੀਜੇ ਸਥਾਨ ਉਤੇ ਰਹੇ ਵਿਦਿਆਰਥੀਆਂ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ। ਸਮਾਰੋਹ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਜਿੱਥੇ ਅੱਵਲ ਰਹੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ, ਉਥੇ ਉਨ੍ਹਾਂ ਨੂੰ ਅਗਾਂਹ ਤੋਂ ਹੋਰ ਵੀ ਮਿਹਨਤ ਕਰ ਕੇ ਆਪਣੇ ਮਾਪਿਆਂ ਤੇ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜੇ ਬੱਚੇ ਆਪਣੇ ਟੀਚੇ ਨੂੰ ਸਾਹਮਣੇ ਰੱਖ ਕੇ ਮਿਹਨਤ ਕਰਨਗੇ ਤਾਂ ਦੁਨੀਆਂ ਦੀ ਕੋਈ ਵੀ ਤਾਕਤ ਉਨ੍ਹਾਂ ਨੂੰ ਆਪਣੇ ਉਦੇਸ਼ ਦੀ ਪ੍ਰਾਪਤੀ ਤੋਂ ਨਹੀਂ ਰੋਕ ਸਕਦੀ। ਉਨ੍ਹਾਂ ਅਗਲੇ ਵਰ੍ਹੇ ਤੋਂ ਇਨਾਮ ਰਾਸ਼ੀ ਨੂੰ ਡੇਢ ਗੁਣਾ ਵਧਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ਜਿਹੜੇ ਸਕੂਲ ਦੇ ਪੰਜ ਬੱਚੇ ਪੰਜਾਬ ਦੀ ਮੈਰਿਟ ਵਿੱਚ ਥਾਂ ਬਣਾਉਣਗੇ, ਉਸ ਦੇ ਪ੍ਰਿੰਸੀਪਲ ਨੂੰ ਵੀ ਦੋ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਸ੍ਰੀ ਸੋਨੀ ਨੇ ਬੱਚਿਆਂ ਨੂੰ ਪ੍ਰੇਰਿਆ ਕਿ ਜੇ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਆਪਣੀ ਥਾਂ ਬਣਾਉਣਾ ਚਾਹੁੰਦੇ ਹਨ ਤਾਂ ਇਸ ਦੀ ਤਿਆਰੀ ਹੁਣੇ ਤੋਂ ਸ਼ੁਰੂ ਕਰ ਦੇਣ।
