ਚੰਡੀਗੜ (ਪ੍ਰੈਸ ਕੀ ਤਾਕਤ ਬਿਊਰੋ): :ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਛਪਣ ਤੇ ਲਿਖਣ ਸਮੱਗਰੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਹਰਿਆਲੀ ਵਧਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਢੁੱਕਵੇਂ ਅਤੇ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ। ਉਨਾਂ ਦੱਸਿਆ ਕਿ ਸਾਲ 2017-18 ਦੌਰਾਨ 879 ਏਕੜ, 2018-19 ਦੌਰਾਨ 1688 ਏਕੜ, 2019-20 ਦੌਰਾਨ 13132 ਏਕੜ ਜਦਕਿ ਚਾਲੂ ਸਾਲ 2020-21 ਦੌਰਾਨ ਹੁਣ ਤੱਕ 3247 ਏਕੜ ਜੰਗਲਾਤ ਖੇਤਰ ਨੂੰ ਨਾਜਾਇਜ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ। ਹੁਣ ਤੱਕ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕੁੱਲ ਖੇਤਰ 18946 ਏਕੜ ਬਣਦਾ ਹੈ। ਉਨਾਂ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਨੇ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲਾ ਪ੍ਰਸ਼ਾਸਨਾਂ ਦੇ ਸਹਿਯੋਗ ਨਾਲ ਜੰਗਲਾਤ ਦੀ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਹੈ।

