ਸਮਾਣਾ/ਪਟਿਆਲਾ, 17 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੀ ਯਾਦ ਨੂੰ ਸਦੀਵੀ ਬਣਾਏਗੀ। ਸ. ਧਰਮਸੋਤ ਅੱਜ ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਨਾਇਕ ਰਾਜਵਿੰਦਰ ਸਿੰਘ ਦੇ ਜੱਦੀ ਪਿੰਡ ਦੋਦੜਾ ਵਿਖੇ ਸ਼ਹੀਦ ਦੇ ਨਮਿਤ ਹੋਈ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਸ਼ਰਧਾਂਜਲੀ ਭੇਟ ਕਰਨ ਪੁੱਜੇ ਹੋਏ ਸਨ।
ਸ਼ਹੀਦ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਕੈਬਨਿਟ ਮੰਤਰੀ ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਫ਼ੌਜੀ ਪਿਛੋਕੜ ਦੇ ਹੋਣ ਕਰਕੇ ਫ਼ੌਜੀਆਂ ਦਾ ਦਰਦ ਸਮਝਦੇ ਹਨ, ਜਿਸ ਲਈ ਉਨ੍ਹਾਂ ਨੇ ਲੰਮੇ ਸਮੇਂ ਤੋਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਜਾਂਦੀ ਸਹਾਇਤਾ ਰਾਸ਼ੀ 12 ਲੱਖ ਤੋਂ ਵਧਾ ਕੇ 50 ਲੱਖ ਰੁਪਏ ਕੀਤੀ ਹੈ।
ਸ. ਧਰਮਸੋਤ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦਾ ਕੋਈ ਮੁੱਲ ਨਹੀਂ ਮੋੜਿਆ ਜਾ ਸਕਦਾ ਪਰੰਤੂ ਫੇਰ ਵੀ ਪੰਜਾਬ ਸਰਕਾਰ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੇ ਪਰਿਵਾਰ ਇੱਕ ਯੋਗ ਜੀਅ ਨੂੰ ਨੌਕਰੀ ਅਤੇ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣਾ ਬਣਦਾ ਫ਼ਰਜ਼ ਨਿਭਾਇਆ ਹੈ ਪਰੰਤੂ ਹੁਣ ਕੇਂਦਰ ਸਰਕਾਰ ‘ਚ ਭਾਈਵਾਲਾਂ ਅਤੇ ਦਿੱਲੀ ‘ਚ ਸਰਕਾਰ ਚਲਾ ਰਹੀ ਪਾਰਟੀ ਨੂੰ ਵੀ ਚਾਹੀਦਾ ਹੈ ਕਿ ਉਹ ਕੇਂਦਰ ਸਰਕਾਰ ‘ਤੇ ਦਬਾਅ ਬਣਾ ਕੇ ਸ਼ਹੀਦਾਂ ਲਈ ਕੁਝ ਵੱਡਾ ਕਰਕੇ ਦਿਖਾਵੇ।
ਇਸ ਮੌਕੇ ਕੈਬਨਿਟ ਮੰਤਰੀ ਸ. ਧਰਮਸੋਤ ਨੇ ਕਿਹਾ ਕਿ ਪਿੰਡ ਦੋਦੜਾ ਦੀ ਗ੍ਰਾਮ ਪੰਚਾਇਤ ਵੱਲੋਂ ਦਿੱਤੇ ਮੰਗ ਪੱਤਰ ਮੁਤਾਬਕ ਪਿੰਡ ਦੇ ਸਮੁੱਚੇ ਵਿਕਾਸ ਤੇ ਸ਼ਹੀਦ ਦੀ ਯਾਦਗਾਰ ਸਮੇਤ ਸੜਕਾਂ ਦੇ ਨਿਰਮਾਣ ਤੇ ਸ਼ਹੀਦ ਦੇ ਨਾਮ ‘ਤੇ ਨਾਮਕਰਨ, ਪਿੰਡ ਦਾ ਵਿਕਾਸ ਕਰਵਾਉਣ ਲਈ ਪੰਜਾਬ ਸਰਕਾਰ ਆਪਣੀ ਵੱਚਨਬੱਧਤਾ ਬਹੁਤ ਛੇਤੀ ਨਿਭਾਏਗੀ।
ਸ. ਧਰਮਸੋਤ ਨੇ ਸ਼ਹੀਦ ਦੇ ਪਿਤਾ ਸ. ਅਵਤਾਰ ਸਿੰਘ ਅਤੇ ਮਾਤਾ ਸ੍ਰੀਮਤੀ ਮਹਿੰਦਰ ਕੌਰ ਨੂੰ ਨਤਮਸਤਕ ਹੁੰਦਿਆਂ ਕਿਹਾ ਕਿ ਇਸ ਪਰਿਵਾਰ ਨੇ ਦੇਸ਼ ਦੀ ਅਜ਼ਮਤ ਦੀ ਰਾਖੀ ਲਈ ਮਰ ਮਿੱਟਣ ਵਾਲਾ ਯੋਧਾ ਪੈਦਾ ਕੀਤਾ, ਜਿਸਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰੱਖਿਆ ਕਰਨ ਲਈ ਅਤਿਵਾਦੀਆਂ ਦਾ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ।
ਇਸ ਦੌਰਾਨ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਤਰਫ਼ੋਂ ਸ਼ੋਕ ਸੁਨੇਹਾ ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਰਾਜ ਕੁਮਾਰ ਲੈਕੇ ਪੁੱਜੇ। ਜਦੋਂਕਿ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਸ. ਮਹਿੰਦਰ ਸਿੰਘ ਲਾਲਵਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਚੇਤੰਨ ਸਿੰਘ ਜੌੜੇਮਾਜਰਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਵੀ ਸ਼ਰਧਾਂਜਲੀ ਅਰਪਿਤ ਕੀਤੀ। ਪਿੰਡ ਦੋਦੜਾ ਦੇ ਸਰਪੰਚ ਸ੍ਰੀਮਤੀ ਪਰਮਜੀਤ ਕੌਰ ਸਮੇਤ ਗ੍ਰਾਮ ਪੰਚਾਇਤ ਨੇ ਸ. ਧਰਮਸੋਤ ਨੂੰ ਮੰਗ ਪੱਤਰ ਸੌਂਪਿਆ।
ਇਸ ਦੌਰਾਨ ਐਮ.ਐਲ.ਏ. ਨਿਰਮਲ ਸਿੰਘ ਦੀ ਤਰਫ਼ੋਂ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਸਤਨਾਮ ਸਿੰਘ, ਐਸ.ਡੀ.ਐਮ. ਸਮਾਣਾ ਨਮਨ ਮੜਕਨ, ਡੀ.ਐਸ.ਪੀ. ਸਮਾਣਾ ਜਸਵੰਤ ਸਿੰਘ ਮਾਂਗਟ, ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਕਰਨਲ ਐਮ.ਐਸ. ਰੰਧਾਵਾ, ਤਹਿਸੀਲਦਾਰ ਸੰਦੀਪ ਸਿੰਘ, ਸ਼ਗਨ ਵੈਲਫੇਅਰ ਸੁਸਾਇਟੀ ਬਠੋਈ ਤੋਂ ਜਤਿੰਦਰ ਸਿੰਘ, ਜੀਓਜੀ ਜ਼ਿਲ੍ਹਾ ਮੁਖੀ ਬ੍ਰਿਗੇਡੀਅਰ ਡੀ.ਐਸ. ਗਰੇਵਾਲ ਦੀ ਤਰਫ਼ੋਂ ਹੌਲਦਾਰ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਸਾਬਕਾ ਫ਼ੌਜੀ, ਇਲਾਕੇ ਦੇ ਪਤਵੰਤੇ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ।