Web Desk-Harsimran
ਚੰਡੀਗੜ੍ਹ,25 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ‘ਚ ਬੀ. ਐੱਸ. ਐੱਫ. ਦਾ ਦਾਇਰਾ ਵਧਾਏ ਜਾਣ ਦੇ ਮਾਮਲੇ ‘ਤੇ ਸੋਮਵਾਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ। ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਇਸ ਮੁੱਦੇ ‘ਤੇ ਮੀਟਿੰਗ ਲਈ ਸਮਾਂ ਦੇਣ ਦੀ ਅਪੀਲ ਕੀਤੀ ਹੈ। ਇਸ ਮੀਟਿੰਗ ‘ਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਹਿੱਸਾ ਲਿਆ ਜਾਵੇਗਾ, ਜਦ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਮੀਟਿੰਗ ਦਾ ਬਾਈਕਾਟ ਕੀਤਾ ਗਿਆ ਹੈ। ਬੇਸ਼ੱਕ ਨਵਜੋਤ ਸਿੰਘ ਸਿੱਧੂ ਨੂੰ ਅਜੇ ਤੱਕ ਅਧਿਕਾਰਿਤ ਤੌਰ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਵਾਪਸ ਲੈਣ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ 25 ਅਕਤੂਬਰ ਨੂੰ ਹੋਣ ਵਾਲੀ ਸਰਬ ਪਾਰਟੀ ਬੈਠਕ ‘ਚ ਇਹ ਸ਼ਿਰੱਕਤ ਕਰਨਗੇ।
ਕੇਂਦਰ ਸਰਕਾਰ ਵੱਲੋਂ ਸੂਬੇ ’ਚ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾਉਣ ਦੇ ਮਾਮਲੇ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਪੰਜਾਬ ਭਵਨ ’ਚ ਕੁਝ ਕੈਬਨਿਟ ਮੰਤਰੀਆਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਚੰਨੀ ਨੇ ਸੋਮਵਾਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ। ਸਰਕਾਰ ਇਸ ਬੈਠਕ ’ਚ ਲਏ ਜਾਣ ਵਾਲੇ ਫ਼ੈਸਲੇ ’ਤੇ ਕਾਰਵਾਈ ਕਰੇਗੀ ਤੇ ਮੁੱਦਿਆਂ ਨੂੰ ਕੇਂਦਰ ਕੋਲ ਉਠਾਏਗੀ। ਭਾਜਪਾ ਇਸ ਬੈਠਕ ਦਾ ਬਾਈਕਾਟ ਕਰੇਗੀ ਜਦ ਕਿ ਬਾਕੀ ਸਾਰੀਆਂ ਪਾਰਟੀਆਂ ’ਚ ਹਿੱਸਾ ਲੈਣਗੀਆਂ। ਭਾਜਪਾ ਨੂੰ ਛੱਡ ਕੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਸਮੇਤ ਬਾਕੀ ਪਾਰਟੀਆਂ ਨੇ ਬੀਐੱਸਐੱਫ ਦੇ ਅਧਿਕਾਰ ਖੇਤਰ ਦਾ ਘੇਰਾ ਵਧਾਉਣ ਦੇ ਕੇਂਦਰ ਦੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਇਸ ਨੂੰ ਸੰਘਵਾਦ ਤੇ ਸੂਬੇ ਦੇ ਅਧਿਕਾਰਾਂ ਦੀ ਉਲੰਘਣਾ ਦੱਸਿਆ ਸੀ।
ਚੰਨੀ ਦੀ ਅਗਵਾਈ ’ਚ ਹੋਣ ਵਾਲੀ ਬੈਠਕ ਲਈ ਪ੍ਰਦੇਸ਼ ਕਾਂਗਰਸ ਪ੍ਰਧਾਨ ਤੋਂ ਅਸਤੀਫ਼ਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਭਾਜਪਾ ਦੇ ਸੂਬੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਸੱਦਾ ਭੇਜਿਆ ਗਿਆ ਹੈ ਪਰ ਭਾਜਪਾ ਨੇ ਬੈਠਕ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵੱਧ ਰਹੇ ਅੱਤਵਾਦੀ ਦੇ ਖ਼ਤਰੇ ਕਾਰਨ ਦੇਸ਼ ਦੇ ਸਾਰੇ ਸਰਹੱਦੀ ਸੂਬਿਆਂ ’ਚ ਬੀਐੱਸਐੱਫ ਦਾ ਘੇਰਾ ਵਧਾਇਆ ਗਿਆ ਹੈ। ਅਕਾਲੀ ਦਲ ਵੱਲੋਂ ਡਾ. ਦਲਜੀਤ ਸਿੰਘ ਚੀਮਾ ਤੇ ਪ੍ਰੇਮ ਸਿੰਘ ਚੰਦੂਮਾਜਰਾ ਬੈਠਕ ’ਚ ਸ਼ਾਮਲ ਹੋਣਗੇ, ਜਦ ਕਿ ਆਪ ਦੇ ਭਗਵੰਤ ਮਾਨ ਤੇ ਅਮਨ ਅਰੋੜਾ ਦੇ ਬੈਠਕ ’ਚ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਦੱਸਿਆ ਜਾ ਰਿਹਾ ਹੈ ਕਿ ਚੰਨੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਦੇ ਮੁੱਦੇ ’ਤੇ ਫ਼ੈਸਲਾ ਬਦਲਣ ਦੀ ਮੰਗ ਕੀਤੀ ਸੀ। ਚੰਨੀ ਨੇ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ’ਤੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਤੇ ਫ਼ਾਜ਼ਿਲਕਾ ਦੇ ਕੁੱਲ ਖੇਤਰਫਲ ਦਾ 80 ਫ਼ੀਸਦੀ ਤੋਂ ਵੱਧ ਇਸੇ ਘੇਰੇ ’ਚ ਆਉਂਦਾ ਹੈ। ਇਨ੍ਹਾਂ ਸਰਹੱਦੀ ਜ਼ਿਲ੍ਹਿਆਂ ਦਾ ਜ਼ਿਲ੍ਹਾ ਦਫ਼ਤਰ ਵੀ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 50 ਕਿਲੋਮੀਟਰ ਦੇ ਘੇਰੇ ’ਚ ਹੈ।