ਬਰਨਾਲਾ, 31 ਮਾਰਚ (ਰਾਕੇਸ਼ ਗੋਇਲ):- ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਕਿਹਾ ਕਿ ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਣਕ ਦਾ ਇਕ-ਇਕ ਦਾਣਾ ਚੁੱਕਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਵਿਚ ਬਾਰਦਾਨੇ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜੀਂਦਾ ਬਾਰਦਾਨਾ ਉਪਲਬੱਧ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਮੰਡੀਆਂ ਵਿਚ ਕਿਸਾਨਾਂ ਦੀ ਜਿਣਸ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ।
ਇਸ ਮੌਕੇ ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਮਿਨਾਕਸ਼ੀ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋਵੇਗੀ। ਉਨਾਂ ਦੱਸਿਆ ਕਿ ਜ਼ਿਲੇ ਵਿਚ 98 ਮੰਡੀਆਂ ਤੋਂ ਇਲਾਵਾ 72 ਸਬ ਯਾਰਡ ਬਣਾਏ ਗਏ ਹਨ। ਉਨਾਂ ਦੱਸਿਆ ਕਿ ਪਿਛਲੇ ਸੀਜ਼ਨ 2021-22 ਦੌਰਾਨ 468539 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਸੀ ਤੇ ਇਸ ਸਾਲ ਵੀ ਇੰਨੀ ਹੀ ਜਿਣਸ ਦੀ ਆਮਦ ਦੀ ਉਮੀਦ ਹੈ।
ਇਸ ਮੌਕੇ ਜ਼ਿਲਾ ਮੰਡੀ ਅਫਸਰ ਸ੍ਰੀ ਜਸਪਾਲ ਸਿੰਘ ਨੇ ਕਿਹਾ ਕਿ ਮੰਡੀਆਂ ਵਿਚ ਬਿਜਲੀ, ਪਾਣੀ, ਸਫਾਈ ਆਦਿ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਸ੍ਰੀਮਤੀ ਮੀਨਾਕਸ਼ੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਥਾਵਾਂ ’ਤੇ ਆਪਣੀ ਫਸਲ ਉਤਾਰਨ ਤਾਂ ਜੋ ਖਰੀਦ ਵਿਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਉਨਾਂ ਕਿਸਾਨਾਂ ਨੂੰ ਵੱਧ ਨਮੀ ਵਾਲੀ ਫਸਲ ਮੰਡੀਆਂ ਵਿਚ ਨਾ ਲਿਆਉਣ ਦੀ ਅਪੀਲ ਕੀਤੀ। ਉਨਾਂ ਦੱਸਿਆ ਕਿ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਆਉਣ ’ਤੇ ਕੰਟਰੋਲ ਰੂਮ ਨੰਬਰ 01679-235051 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨ (ਵਿਕਾਸ) ਸ੍ਰੀ ਰਾਜਿੰਦਰ ਬੱਤਰਾ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਵਰਜੀਤ ਵਾਲੀਆ, ਉਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਸਿਮਰਪ੍ਰੀਤ ਕੌਰ ਤੇ ਹੋਰ ਅਧਿਕਾਰੀ ਅਤੇ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।