ਬਰਨਾਲਾ, 7 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਮਾਲ ਵਿਭਾਗ ਨਾਲ ਸਬੰਧਤ ਕੰਮਾਂ ਅਤੇ ਰਿਕਵਰੀ ਮਾਮਲਿਆਂ ਵਿਚ ਬੇਲੋੜੀ ਦੇਰੀ ਨਾ ਕੀਤੀ ਜਾਵੇ ਅਤੇ ਆਮ ਲੋਕਾਂ ਨੂੰ ਸਮਾਂਬੱਧ ਜਨਤਕ ਸੇਵਾਵਾਂ ਮੁਹੱਈਆ ਕਰਾਈਆਂ ਜਾਣ ਤਾਂ ਜੋ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ।
ਇਹ ਹਦਾਇਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੱਖੀ ਮਹੀਨਾਵਾਰ ਮੀਟਿੰਗ ਦੌਰਾਨ ਦਿੱਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਆਦਿਤਯ ਡੇਚਲਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ੋਕ ਕੁਮਾਰ, ਐਸਡੀਐਮ ਅਨਮੋਲ ਸਿੰਘ ਧਾਲੀਵਾਲ, ਐਸਪੀ ਰਤਨ ਸਿੰਘ ਬਰਾੜ, ਜ਼ਿਲ੍ਹਾ ਮਾਲ ਅਫਸਰ ਗਗਨਦੀਪ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਮਾਲ ਵਿਭਾਗ ਦੇ ਅਧਿਕਾਰੀਆਂ, ਸਰਕਲ ਰੈਵੇਨਿਊ ਅਫਸਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਰਿਕਵਰੀ ਕੇਸਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ 47ਏ ਐਂਟਰੀ ਸਮਤੇ ਹੋਰ ਬਕਾਇਆਂ ਮਾਮਲਿਆਂ ਦੇ ਸਬੰਧ ਵਿੱਚ ਸਬੰਧਤ ਅਫਸਰਾਂ ਨੂੰ ਅਹਿਮ ਦਿਸ਼ਾ ਨਿਰਦੇਸ਼ ਦਿੱਤੇ। ਇਸ ਮਗਰੋਂ ਵੱਖ ਵੱਖ ਕਮਿਸ਼ਨਾਂ ਨਾਲ ਸਬੰਧਤ ਬਕਾਇਆ ਮਾਮਲਿਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਾਰੇ ਮਾਮਲੇ ਤੇਜ਼ੀ ਨਾਲ ਨਿਪਟਾਉਣ ਦੀ ਹਦਾਇਤ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਵਿਭਾਗਾਂ ਨੂੰ ਈ-ਆਫਿਸ ਦੀ ਵਰਤੋਂ ਯਕੀਨੀ ਬਣਾਉਣ ਲਈ ਆਖਿਆ।
ਇਸ ਮੌਕੇ ਡੀਡੀਪੀਓ ਸੰਜੀਵ ਕੁਮਾਰ ਸ਼ਰਮਾ, ਈਓ ਬਰਨਾਲਾ ਮਨਪ੍ਰੀਤ ਸਿੰਘ ਸਿੱੱਧੂ, ਈਓ ਤਪਾ ਮਨਜੀਤ ਸਿੰਘ ਢੀਂਡਸਾ, ਜ਼ਿਲ੍ਹਾ ਮੰਡੀ ਅਫਸਰ ਤੇ ਹੋਰ ਅਧਿਕਾਰੀ ਹਾਜ਼ਰ ਸਨ।