Web Desk -Harsimranjit Kaur
ਸ਼ਾਹਜਹਾਂਪੁਰ/ਉਤਰ ਪ੍ਰਦੇਸ਼, 7 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਮੋਹਾਲੀ ਤੋਂ ਲਖੀਮਪੁਰ ਲਈ ਰਵਾਨਾ ਹੋਏ ਪੰਜਾਬ ਕਾਂਗਰਸ ਦੇ ਕਾਫ਼ਲੇ ਨੂੰ ਯੂਪੀ ਦੇ ਸਹਾਰਨਪੁਰ ਬਾਰਡਰ ਤੇ ਰੋਕ ਲਿਆ ਗਿਆ। ਜਿਸ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਬੈਰੀਕੇਡ ਹਟਾ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਕਾਫ਼ਲੇ ਵਿੱਚ ਸਿੱਧੂ ਸਮੇਤ ਕਈ ਵੱਡੇ ਆਗੂ ਸ਼ਾਮਲ ਹਨ। ਇਸ ਦੌਰਾਨ ਉਤਰ ਪ੍ਰਦੇਸ਼ ਪੁਲਿਸ ਵੱਡੀ ਗਿਣਤੀ ਵਿੱਚ ਹਾਜ਼ਰ ਸੀ, ਜਿਸ ਨੇ ਨਵਜੋਤ ਸਿੰਘ ਸਿੱਧੂ ਸਮੇਤ ਕਈ ਕਾਂਗਰਸੀ ਮੰਤਰੀਆਂ ਅਤੇ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ।
ਸਿੱਧੂ ਅਤੇ ਕਾਂਗਰਸੀ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਵਿਰੋਧ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਸ਼ਾਹਜਹਾਂਪੁਰ ਚੌਕੀ ‘ਤੇ ਹੀ ਧਰਨਾ ਲਾ ਲਿਆ। ਸਿੱਧੂ ਤੋਂ ਇਲਾਵਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਗੁਰਕੀਰਤ ਕੋਟਲੀ ਨੂੰ ਯੂਪੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।
ਗ੍ਰਿਫ਼ਤਾਰੀ ਮੌਕੇ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਨੂੰ ਇਥੇ ਰੋਕਿਆ ਜਾਂਦਾ ਹੈ ਤਾਂ ਉਹ ਇਥੇ ਹੀ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ। ਸਿੱਧੂ ਨੇ ਕਿਹਾ ਕਿ ਇਹ ਸਾਰੇ ਰਾਹੁਲ ਗਾਂਧੀ ਦੇ ਸਿਪਾਹੀ ਹਨ, ਕੋਈ ਵੀ ਹੱਥ ਨਹੀਂ ਚੁੱਕੇਗਾ। ਉਨ੍ਹਾਂ ਕਿਹਾ ਕਿ ਉਹ ਇਥੋਂ ਇੱਕ ਇੰਚ ਵੀ ਪਿੱਛੇ ਪੈਰ ਨਹੀਂ ਪੁਟਣਗੇ ਅਤੇ ਹਰ ਹਾਲਤ ਵਿੱਚ ਅੱਗੇ ਜਾਣਗੇ।
ਸੂਤਰਾਂ ਅਨੁਸਾਰ ਏਡੀਜੀਪੀ ਨੇ ਦੱਸਿਆ ਹੈ ਕਿ ਆਗੂਆਂ ਨੂੰ ਲਖੀਮਪੁਰ ਲੈ ਕੇ ਜਾਣ ਬਾਰੇ ਕਿਹਾ ਜਾ ਰਿਹਾ ਹੈ।