ਪਟਿਆਲਾ, 13 ਮਾਰਚ: (ਪ੍ਰੈਸ ਕੀ ਤਾਕਤ ਬਿਊਰੋ)
ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ (ਕੋਵਿਡ-19) ਨਾਲ ਨਜਿੱਠਣ ਲਈ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਹਦਾਇਤ ਕੀਤੀ ਕਿ ਉਹ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ‘ਤੇ ਪੂਰੀ ਗੰਭੀਰਤਾ ਨਾਲ ਨਜ਼ਰ ਬਣਾਏ ਰੱਖਣ।
ਜਿਕਰਯੋਗ ਹੈ ਕਿ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਲਗਾਤਾਰ ਕਰੋਨਾ ਵਾਇਰਸ ਕਰਕੇ ਉਪਜੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਪੈਦਾ ਹੋਣ ਵਾਲੀ ਸੰਭਾਵਤ ਸਥਿਤੀ ਨਾਲ ਫ਼ੌਰੀ ਤੌਰ ‘ਤੇ ਨਜਿੱਠਣ ਲਈ ਜ਼ਿਲ੍ਹੇ ਦੇ ਸਿਹਤ ਵਿਭਾਗ ਨੂੰ ਤਿਆਰ-ਬਰ-ਤਿਆਰ ਰੱਖਿਆ ਜਾਵੇ।
ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਇਸ ਤੋਂ ਇਲਾਵਾ ਸ਼ੱਕੀ ਮਾਮਲਿਆਂ ਦੀ ਜਾਂਚ ਪੂਰਣ ਤੌਰ ‘ਤੇ ਕੀਤੇ ਜਾਣ ਨੂੰ ਵੀ ਯਕੀਨੀ ਬਣਾਇਆ ਜਾਵੇ। ਇਸੇ ਦੌਰਾਨ ਸ੍ਰੀਮਤੀ ਪਰਨੀਤ ਕੌਰ ਨੇ ਲੋਕਾਂ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ ਲੋਕਾਂ ਦੇ ਇਕੱਠ ਵਾਲੀਆਂ ਆਪਣੀਆਂ ਸਾਰੀਆਂ ਮੀਟਿੰਗਾਂ ਅਤੇ ਜਨਤਕ ਸ਼ਮੂਲੀਅਤ ਵਾਲੇ ਪ੍ਰੋਗਰਾਮ ਵੀ ਮੁਲਤਵੀ ਕਰ ਦਿੱਤੇ ਹਨ।
ਲੋਕ ਸਭਾ ਮੈਂਬਰ ਨੇ ਲੋਕਾਂ ਨੂੰ ਕਿਸੇ ਤਰ੍ਹਾਂ ਵੀ ਨਾ ਘਬਰਾਹਟ ‘ਚ ਨਾ ਆਉਣ ਅਤੇ ਸਾਵਧਾਨੀ ਵਰਤਣ ਦੀ ਅਪੀਲ ਵੀ ਕੀਤੀ ਹੈ। ਪ੍ਰਨੀਤ ਕੌਰ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਹੈ ਕਿ ਉਹ ਸਮੂਹ ਵਿਭਾਗਾਂ ਦੇ ਫੀਲਡ ਸਟਾਫ ਨੂੰ ਲੋਕਾਂ ਵਿੱਚ ਇਸ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਸਹਾਇਤਾ ਕਰਨ ਦੇ ਨਿਰਦੇਸ਼ ਦੇਣ।
ਸ੍ਰੀਮਤੀ ਪਰਨੀਤ ਕੌਰ ਨੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਮ ਲੋਕਾਂ ਨੂੰ ਮਾਸਕ ਤੇ ਸੈਨੇਟਾਈਜ਼ਰ ਦੀ ਵੱਧ ਤੋਂ ਵੱਧ ਸਪਲਾਈ ਨੂੰ ਯਕੀਨੀ ਬਣਾਉਣ ਅਤੇ ਕਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਆਪਣਾ ਹਿੱਸਾ ਪਾਉਣ। ਲੋਕ ਸਭਾ ਮੈਂਬਰ ਨੇ ਇਨ੍ਹਾਂ ਵਸਤਾਂ ਦੀ ਜਮਾਂਖੋਰੀ ਕਰਕੇ ਇਸਨੂੰ ਨਿਰਧਾਰਿਤ ਸਮੇਂ ਤੋਂ ਬਾਅਦ ਵੇਚਣ ਅਤੇ ਇਸਦਾ ਵਾਧੂ ਮੁੱਲ ਲਗਾਉਣ ਤੋਂ ਪਰਹੇਜ਼ ਕਰਨ ਦੇ ਵੀ ਸਖ਼ਤ ਆਦੇਸ਼ ਦਿੱਤੇ ਹਨ ਕਿਉਂਕਿ ਇਹ ਵਸਤਾਂ ਇਸ ਸਮੇਂ ਦੀ ਮੁੱਖ ਮੰਗ ਹਨ, ਜਿਸ ਲਈ ਸਭਨਾਂ ਦਾ ਫਰਜ਼ ਬਣਦਾ ਹੈ ਕਿ ਲੋੜਵੰਦਾਂ ਨੂੰ ਇਹ ਵਾਜਿਬ ਮੁੱਲ ‘ਤੇ ਮੁਹੱਈਆ ਕਰਵਾਈਆਂ ਜਾਣ।
ਸ੍ਰੀਮਤੀ ਪਰਨੀਤ ਕੌਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਥਿਤੀ ਪੂਰੀ ਤਰ੍ਹਾਂ ਨਿਯੰਤਰਨ ਹੇਠ ਹੈ, ਇਸ ਲਈ ਕਿਸੇ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਨੇ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਵੱਡੇ ਇਕੱਠਾਂ ‘ਚ ਨਾ ਜਾਣ। ਇਸ ਤੋਂ ਬਿਨ੍ਹਾਂ ਹੱਥ ਮਿਲਾਉਣ ਤੋਂ ਵੀ ਪਰਹੇਜ਼ ਕਰਨ ਅਤੇ ਸਮੇਂ-ਸਮੇਂ ‘ਤੇ ਸੈਨੇਟਾਈਜ਼ਰ ਨਾਲ ਹੱਥ ਸਾਫ਼ ਕਰਨ ਜਾਂ ਲਗਾਤਾਰ ਹੱਥ ਸਾਫ਼ ਰੱਖਣ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਸੰਭਵ ਹੈ ਪਰ ਇਸ ਲਈ ਸਾਨੂੰ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਸਾਫ਼ ਸਫ਼ਾਈ ਦਾ ਧਿਆਨ ਰੱਖਣ ਦੀ ਲੋੜ ਹੈ।