ਫ਼ਤਹਿਗੜ੍ਹ ਸਾਹਿਬ :
ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜ਼ਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜੰਗੀ ਪੱਧਰ ਤੇ ਤਿਆਰੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜ਼ੋ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹੀਦੀ ਸਭਾ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਸੜਕਾਂ ਕਿਨਾਰੇ ਵੱਖ-ਵੱਖ ਵਸਤੂਆਂ ਵੇਚਣ ਵਾਲੇ ਵਿਅਕਤੀਆਂ ਵੱਲੋਂ ਕੀਤੇ ਗਏ ਨਜਾਇਜ਼ ਕਬਜੇ ਹਟਵਾਏ ਗਏ ਹਨ ਤਾਂ ਜੋ ਪੈਦਲ ਚੱਲਣ ਵਾਲੇ ਸ਼ਰਧਾਲੂਆਂ ਨੁੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੰਗਤ ਬਿਨਾਂ ਕਿਸੇ ਵਿਘਨ ਤੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਦੀ ਸਾਫ ਸਫਾਈ ਲਈ ਵੀ ਨਗਰ ਕੌਂਸਲਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਸਫਾਈ ਦਾ ਕੰਮ ਜੋਰਾਂ ਤੇ ਚੱਲ ਰਿਹਾ ਹੈ। ਇਸ ਤੋਂ ਇਲਾਵਾ ਚਾਰ ਯਾਦਗਾਰੀ ਗੇਟਾਂ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਗੇਟ, ਨਵਾਬ ਸ਼ੇਰ ਮੁਹੰਮਦ ਯਾਦਗਾਰੀ ਗੇਟ, ਦੀਵਾਨ ਟੋਡਰ ਮੱਲ ਯਾਦਗਾਰੀ ਗੇਟ ਅਤੇ ਬਾਬਾ ਮੋਤੀ ਰਾਮ ਮਹਿਰਾ ਯਾਦਗਾਰੀ ਗੇਟ ਨੂੰ ਰੰਗ ਰੋਗਨ ਕਰਨ ਦੇ ਨਾਲ-ਨਾਲ ਸਾਫ ਸਫਾਈ ਕਰਕੇ ਲਾਈਟਾਂ ਵੀ ਲਗਾਈਆਂ ਗਈਆਂ ਹਨ ਤਾਂ ਜੋ ਸ਼ਹਿਰ ਦੀ ਦਿੱਖ ਨੂੰ ਹੋਰ ਸਵਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਫ ਸਫਾਈ ਨਾਲ ਸੰਗਤ ਨੁੰ ਇਹ ਸੁਨੇਹਾ ਜਾਵੇਗਾ ਕਿ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨੂੰ ਸ਼ਾਨਦਾਰ ਢੰਗ ਨਾਲ ਜੀ ਆਇਆ ਕਿਹਾ ਜਾ ਰਿਹਾ ਹੈ।
ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਇਹ ਵੀ ਦੱਸਿਆ ਕਿ ਸ਼ਹਿਰ ਅਤੇ ਪ੍ਰਮੁੱਖ ਸੜਕਾਂ ਤੇ ਲੱਗੀਆਂ ਲਾਈਟਾਂ ਅਤੇ ਮੁਹੱਲਿਆਂ ਦੀਆਂ ਸਟਰੀਟ ਲਾਈਟਾਂ ਦੀ ਚੈਕਿੰਗ ਕਰਵਾ ਕੇ ਇਨ੍ਹਾਂ ਨੂੰ ਮੁੜ ਤੋਂ ਚਾਲੂ ਹਾਲਤ ਵਿੱਚ ਕਰਵਾਇਆ ਗਿਆ ਹੈ ਤਾਂ ਜੋ ਰਾਤ ਸਮੇਂ ਕੋਈ ਮੁਸ਼ਕਲ ਨਾ ਹੋਵੇ। ਇਸ ਤੋਂ ਇਲਾਵਾ ਨਗਰ ਕੌਂਸਲਾਂ ਦੀਆਂ ਟੀਮਾਂ ਵੱਲੋਂ ਮੱਛਰ ਮਾਰਨ ਵਾਲੀ ਦਵਾਈ ਦਾ ਸਪਰੇਅ ਵੀ ਲਗਾਤਾਰ ਕੀਤਾ ਜਾ ਰਿਹਾ ਹੈ ਤਾਂ ਜ ਮੱਛਰਾਂ ਨਾਲ ਕਿਸੇ ਕਿਸਮ ਦੀ ਬਿਮਾਰੀ ਨਾ ਫੈਲ ਸਕੇ। ਉਨ੍ਹਾਂ ਦੱਸਿਆ ਕਿ ਸੜਕਾਂ ਕਿਨਾਰੇ ਸਾਫ ਸਫਾਈ ਕਰਕੇ ਸਫੇਦ ਲਾਈਨਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਤੋਂ ਪਿਛੇ ਹੀ ਲੰਗਰ ਲਗਾਏ ਜਾ ਸਕਣਗੇ ਅਤੇ ਇਨ੍ਹਾਂ ਲਾਈਨਾਂ ਤੋਂ ਅੱਗੇ ਕੋਈ ਦੁਕਾਨ ਨਹੀਂ ਹੋਵੇਗੀ।