ਚੰਡੀਗੜ੍ਹ, 15 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀਆਂ ਰਿਪੋਰਟਾਂ ਆਉਣ ’ਤੇ ਪੰਜਾਬ ਦੀ ਰਾਜਨੀਤੀ ਵਿਚ ਵੱਡੀ ਹਲਚਲ ਦੇਖੀ ਜਾ ਰਹੀ ਸੀ। ਇਹ ਵੀ ਅਫਵਾਹਾਂ ਆ ਰਹੀਆਂ ਸਨ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ *ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਪੇਸ਼ਕਸ਼ ਕੀਤੇ ਜਾਣ ਬਾਰੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕੀਤਾ ਹੈ।
ਰਵੀਨ ਠੁਕਰਾਲ ਨੇ ਆਪਣੇ ਟਵੀਟ ਵਿਚ ਬਿਲਕੁਲ ਸਾਫ ਕਿਹਾ ਹੈ ਕਿ ਨਾ ਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦਿੱਤਾ ਹੈ ਤੇ ਨਾ ਅਮਰਿੰਦਰ ਸਿੰਘ ਅਸਤੀਫਾ ਦੇਣਗੇ ਬਲਕਿ ਉਹ 2017 ਵਾਂਗ 2022 ਵਿਚ ਵੀ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਫਲਤਾ ਪੂਰਵਕ ਅਗਵਾਈ ਕਰਨਗੇ ਅਤੇ ਚੋਣਾਂ ਲੜਣਗੇ। ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਮੀਡੀਆ ਨੂੰ ਝੂਠੀਆਂ ਅਫਵਾਹਾਂ ’ਤੇ ਆਧਾਰਿਤ ਖਬਰਾਂ ਲਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।