ਜਲੰਧਰ, 11 ਅਗਸਤ (ਪ੍ਰੈਸ ਕੀ ਤਾਕਤ ਬਿਉਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ ਪਾਰੋਂ ਸੂਬੇ ਦੀ ਸੁਰੱਖਿਆ ਨੂੰ ਵਧਦੇ ਖਤਰੇ ਨੂੰ ਵੇਖਦਿਆਂ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨਾਲ ਕਿਸਾਨਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਪ੍ਰਭਾਵਾਂ ਦਾ ਹਵਾਲਾ ਦਿੰਦੇ ਹੋਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਸਮੇਤ ਕਈ ਹੋਰ ਮੁੱਦਿਆਂ ਨੂੰ ਵੀ ਚੁੱਕ ਸਕਦੇ ਹਨ।
ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਬੈਠਕ ਕਰਦਿਆਂ ਦੱਸਿਆ ਕਿ ਸੁਰੱਖਿਆ ਦੀ ਸਥਿਤੀ ਬਹੁਤ ਭਿਆਨਕ ਹੈ, ਜਿਸ ਲਈ ਕੇਂਦਰ ਨੂੰ ਤੁਰੰਤ ਦਖਲ ਦੇਣ ਦੀ ਲੋੜ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਸ਼ਾਮ ਨੂੰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਕਰੀਬ ਇਕ ਘੰਟੇ ਤੱਕ ਚੱਲੀ ਇਸ ਬੈਠਕ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਰਹੇ। ਬੈਠਕ ਦੌਰਾਨ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ’ਤੇ ਮੰਥਨ ਕੀਤਾ ਅਤੇ ਪੰਜਾਬ ਦੇ ਮੰਤਰੀ ਮੰਡਲ ਫੇਰਬਦਲ ’ਤੇ ਵੀ ਚਰਚਾ ਕੀਤੀ। 15 ਅਗਸਤ ਤੋਂ ਬਾਅਦ ਮੰਤਰੀ ਮੰਡਲ ਵਿਚ ਬਦਲਾਅ ਕੀਤਾ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੰਤਰੀ ਮੰਡਲ ’ਚ ਫੇਰਬਦਲ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਚੰਡੀਗੜ੍ਹ ਪਰਤਣ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਦੀ ਤਾਰੀਖ਼ ਦਾ ਐਲਾਨ ਕਰ ਸਕਦੇ ਹਨ। ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨਾਲ ਦਲਿਤ ਵਰਗ ਨੂੰ ਤਰਜਮਾਨੀ ਦੇਣ ’ਤੇ ਚਰਚਾ ਕੀਤੀ ਹੈ। ਇਸ ’ਤੇ ਛੇਤੀ ਹੀ ਫ਼ੈਸਲਾ ਲਿਆ ਜਾਵੇਗਾ।