ਪਟਿਆਲਾ/ਚੰਡੀਗੜ੍ਹ, 6 ਅਕਤੂਬਰ – ਅਸ਼ੋਕ ਵਰਮਾ :
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਜਲਦ ਹੀ ਅਨੁਸੂਚਿਤ ਜਾਤੀਆਂ (ਐਸ.ਸੀ) ਦੇ ਵਿਦਿਆਰਥੀਆਂ ਲਈ ਨਵੀਂ ਵਜ਼ੀਫਾ ਸਕੀਮ ਦੀ ਸ਼ੁਰੂਆਤ ਕਰੇਗੀ, ਜਿਨ੍ਹਾਂ ਨਾਲ ਕੇਂਦਰ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਅਚਾਨਕ ਖਤਮ ਕਰਕੇ ਵੱਡਾ ਵਿਸ਼ਵਾਸਘਾਤ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਯੋਜਨਾ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਪ੍ਰਦਾਨ ਕਰੇਗੀ, ਜਿਸ ਤੋਂ ਉਹ ਭਾਰਤ ਸਰਕਾਰ ਵਲੋਂ ਵਜ਼ੀਫਾ ਸਕੀਮ ਵਾਪਸ ਲੈਣ ਕਾਰਨ ਵਾਂਝੇ ਰਹਿ ਗਏ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਸਕੀਮ ਦੁਬਾਰਾ ਸ਼ੁਰੂ ਕਰਨ ਦੀ ਪ੍ਰਕਿਰਿਆ ਅਧੀਨ ਹੈ ਤਾਂ ਜੋ ਅਨੁਸੂਚਿਤ ਜਾਤੀ ਨਾਲ ਸਬੰਧਤ ਕੋਈ ਵੀ ਵਿਦਿਆਰਥੀ ਉੱਚ ਸਿੱਖਿਆ ਤੋਂ ਵਿਰਵਾ ਨਾ ਰਹੇ।
ਮੁੱਖ ਮੰਤਰੀ ਨੇ ਅਗਲੇ ਡੇਢ ਸਾਲ ਵਿੱਚ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਸਬੰਧੀ ਆਪਣੀ ਸਰਕਾਰ ਦੇ ਫੈਸਲੇ ਨੂੰ ਵੀ ਦੁਹਰਾਇਆ, ਜਿਸ ਵਿਚ 50,000 ਭਰਤੀਆਂ ਮਾਰਚ, 2021 ਤੱਕ ਅਤੇ ਬਾਕੀ 50,000 ਭਰਤੀਆਂ ਇਸ ਦੇ ਕਾਰਜਕਾਲ ਦੇ ਅੰਤ ਤੱਕ ਕੀਤੀਆਂ ਜਾਣਗੀਆਂ।
ਉਹ ਪਟਿਆਲੇ ਤੋਂ ਛੇਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੀ ਸਮਾਪਤੀ ‘ਤੇ ਇਕ ਵਰਚੁਅਲ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਨਾਲ ਕਾਂਗਰਸ ਆਗੂ ਰਾਹੁਲ ਗਾਂਧੀ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ ਘਰ ਰੋਜ਼ਗਾਰ ਅਤੇ ਕਾਰੋਬਾਰ’ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕਰਨ ਲਈ ਮਾਰਗ ਦਰਸ਼ਨ ਕਰਨ ਵਾਸਤੇ ਉਨ੍ਹਾਂ (ਸ੍ਰੀ ਰਾਹੁਲ ਗਾਂਧੀ) ਦਾ ਧੰਨਵਾਦ ਵੀ ਕੀਤਾ।
ਕੈਪਟਨ ਅਮਰਿੰਦਰ ਨੇ ਸੰਤੁਸ਼ਟੀ ਜ਼ਾਹਰ ਕੀਤੀ ਕਿ ਉਨ੍ਹਾਂ ਦੀ ਸਰਕਾਰ ਨੇ ਸਕੀਮ ਦੇ ਤਹਿਤ ਪਿਛਲੇ 3.5 ਸਾਲਾਂ ਵਿੱਚ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਸੇਵਾਵਾਂ ਰਾਹੀਂ 13.42 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 50,000 ਸਰਕਾਰੀ ਅਤੇ 4.04 ਲੱਖ ਪ੍ਰਾਈਵੇਟ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ, ਇਸ ਤੋਂ ਇਲਾਵਾ ਲਗਭਗ 8.80 ਲੱਖ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੀਆਂ ਸਹੂਲਤਾਵਾਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਰਾਹੁਲ ਗਾਂਧੀ ਨੂੰ ਦੱਸਿਆ ਕਿ ਮਾਈਕਰੋਸੌਫਟ ਵਰਗੇ ਉੱਘੇ ਬਹੁ-ਰਾਸ਼ਟਰੀ ਕਾਰਪੋਰੇਟ ਅਤੇ ਟ੍ਰਾਈਡੈਂਟ, ਗੁਰੂ ਗੋਬਿੰਦ ਸਿੰਘ ਰਿਫਾਇਨਰੀ (ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ), ਬਠਿੰਡਾ ਸਮੇਤ ਭਾਰਤ ਦੀਆਂ ਹੋਰ ਪ੍ਰਾਈਵੇਟ ਕੰਪਨੀਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਇਸ ਵਿਲੱਖਣ ਸਕੀਮ ਰਾਹੀਂ ਨੌਜਵਾਨਾਂ ਲਈ ਰੋਜ਼ਗਾਰ ਦੀ ਸਹੂਲਤ ਮੁਹੱਈਆ ਕਰਵਾਉਣ ਸਬੰਧੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸੀ ਅਗਵਾਈ ਦੀ ਸ਼ਲਾਘਾ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਹਰੇਕ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰੇ। ਨੌਜਵਾਨਾਂ ਨੂੰ ਵੱਡੀ ਪੂੰਜੀ ਦੱਸਦਿਆਂ ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਉਨ੍ਹਾਂ ਦੀ ਕਿਸਮਤ ਨੂੰ ਬਦਲ ਸਕਦੇ ਹਨ ਅਤੇ ਦੇਸ਼ ਨੂੰ ਵਿਕਾਸ ਦੀਆਂ ਬੁਲੰਦੀਆਂ ‘ਤੇ ਲਿਜਾ ਸਕਦੇ ਹਨ ਪਰ ਅਜਿਹਾ ਨਾ ਹੋਣ ਦੀ ਸੂਰਤ ਵਿਚ ਇਹ ਜਵਾਨੀ ਦੁਖਾਂਤ ਵੱਲ ਚਲੀ ਜਾਵੇਗੀ। ਉਨ੍ਹਾਂ ਨੇ ਪੰਜਾਬ ਨੂੰ ਮਿਹਨਤਕਸ਼, ਸ਼ਾਂਤਮਈ ਅਤੇ ਹੁਨਰਮੰਦ ਕਾਮਿਆਂ ਵਾਲਾ ਮੋਹਰੀ ਸੂਬਿਆ ਦੱਸਿਆ ਜੋ ਮਾਨਵਤਾ ਦੇ ਮੁਢਲੀਆਂ ਕਦਰਾਂ-ਕੀਮਤਾਂ ਨੂੰ ਪ੍ਰਣਾਏ ਹੋਏ ਹਨ।
ਰਾਹੁਲ ਗਾਂਧੀ ਨੇ ਕਿਹਾ ਕਿ ਮੁੱਖ ਰੂਪ ਵਿੱਚ ਖੇਤੀਬਾੜੀ ਅਰਥਚਾਰਾ ਹੋਣ ਦੇ ਬਾਵਜੂਦ ਪੰਜਾਬ ਨੇ ਇੱਕ ਵਾਰ ਛੋਟੇ ਅਤੇ ਦਰਮਿਆਨੇ ਉਦੋਯਗ ਦੇ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਉਸੇ ਤਰ੍ਹਾਂ ਖੇਤੀਬਾੜੀ ਨੂੰ ਤਬਾਹ ਕੀਤਾ ਸੀ, ਜਿਵੇਂ ਉਹ ਹੁਣ ਖੇਤੀਬਾੜੀ ਨੂੰ ਤਹਿਸ-ਨਹਿਸ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਵਿਚ ਛੋਟੀਆਂ ਅਤੇ ਸੂਖਮ ਉਦਯੋਗਿਕ ਇਕਾਈਆਂ ਨੂੰ ਪ੍ਰਫੁੱਲਿਤ ਕਰਨਾ ਜਾਰੀ ਰੱਖਿਆ ਹੈ ਜੋ ਕਿ ਰੋਜ਼ਗਾਰ ਪੈਦਾ ਕਰਨ ਸਬੰਧੀ ਵੱਡੀ ਸੰਭਾਵਨਾ ਰੱਖਦੇ ਹਨ। ਉਨ੍ਹਾਂ ਦੱਸਿਆ ਕਿ ਮਾਈਕ੍ਰੋਸਾਫਟ ਵਰਗੀ ਵਿਸ਼ਵ ਪ੍ਰਸਿੱਧ ਕੰਪਨੀ ਨੇ ਵੀ ਇੱਕ ਛੋਟੀ ਜਿਹੀ ਕੰਪਨੀ ਵਜੋਂ ਆਪਣਾ ਸਫ਼ਰ ਸ਼ੁਰੂ ਕੀਤਾ ਸੀ ਅਤੇ ਪੰਜਾਬ ਦੀਆਂ ਇਹ ਛੋਟੀਆਂ ਇਕਾਈਆਂ ਵੀ ਨਵੀਨਤਾਕਾਰੀ ਅਤੇ ਮਿਹਨਤੀ ਨੌਜਵਾਨਾਂ ਦੀ ਅਗਵਾਈ ਵਿੱਚ ਵੱਡੀਆਂ ਕੰਪਨੀਆਂ ਬਣਨਗੀਆਂ।
ਰਾਹੁਲ ਗਾਂਧੀ ਨੇ ਦੇਸ਼ ਵਿੱਚ ਸੰਤੁਲਿਤ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਉਦਯੋਗ ਵਿੱਚ ਪੂਰਨ ਤਾਲਮੇਲ ਪੈਦਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੇ ਮਾਰੂ ਕਾਨੂੰਨਾਂ ਨੂੰ ਲਿਆਉਣ ਦੀ ਬਜਾਏ ਕੇਂਦਰ ਨੂੰ ਖੇਤੀਬਾੜੀ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਧੀਆ ਬੁਨਿਆਦੀ ਢਾਂਚਾ ਅਤੇ ਪ੍ਰਣਾਲੀ ਤਿਆਰ ਕਰਕੇ ਕਿਸਾਨਾਂ ਦੀ ਸਹਾਇਤਾ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਨਾਜ ਦੇ ਵਧੀਆ ਅਤੇ ਵਿਗਿਆਨਕ ਭੰਡਾਰਨ ਲਈ ਮੰਡੀਆਂ ਤੇ ਸਿਲੋਜ਼ ਦਾ ਵਧੀਆ ਤੇ ਸੁਚੱਜੀ ਪ੍ਰਣਾਲੀ ਮੁਹੱਈਆ ਕਰਵਾ ਕੇ ਕਿਸਾਨਾਂ ਦੀ ਭਲਾਈ ਵੱਲ ਧਿਆਨ ਦੇਣਾ ਚਾਹੀਦਾ ਹੈ।
ਇਸ ਦੌਰਾਨ ਭਾਰਤ ਵਿੱਚ ਮਾਈਕ੍ਰੋਸਾਫਟ ਦੀ ਕੰਪਨੀ ਦੀ ਮੁਖੀ ਸੋਨੀਆ ਸਹਿਗਲ, ਟਰਾਈਡੈਂਟ ਗਰੁੱਪ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਰਜਿੰਦਰ ਗੁਪਤਾ ਅਤੇ ਐਚ.ਪੀ.ਸੀ.ਐਲ-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ) ਦੇ ਮੁੱਖ ਕਾਰਜਸਾਧਕ ਅਫਸਰ ਪ੍ਰਭਦਾਸ ਨੇ ਬੇਰੁਜ਼ਗਾਰਾਂ ਨੌਜਵਾਨਾਂ ਨੂੰ ਜੀਵਨ-ਨਿਰਬਾਹ ਮੁਹੱਈਆ ਕਰਾਉਣ ਦੇ ਮੌਕਿਆਂ ਵਿੱਚ ਪੰਜਾਬ ਸਰਕਾਰ ਨੂੰ ਦਿੱਤੇ ਆਪਣੇ ਸਹਿਯੋਗ ਦੇ ਤਜਰਬੇ ਸਾਂਝੇ ਕੀਤੇ। ਸ੍ਰੀ ਪ੍ਰਭਦਾਸ ਨੇ ਕਿਹਾ ਕਿ ਐਚ.ਐਮ.ਈ.ਐਲ ਆਪਣੇ ਵਿੱਤੀ ਸਹਾਇਤਾ ਪ੍ਰਾਪਤ ਪ੍ਰੋਗਰਾਮ ਰਾਹੀਂ 50,000 ਨੌਜਵਾਨਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੌਕਰੀਆਂ ਹਾਸਲ ਕਰਨ ਲਈ ਆਨਲਾਈਨ ਸਿਖਲਾਈ ਦੇ ਰਿਹਾ ਹੈ।
ਬਰਨਾਲਾ ਵਿਖੇ 2500 ਲੜਕੀਆਂ ਲਈ ਵਿਸ਼ੇਸ਼ ਰਿਹਾਇਸ਼ੀ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਲਈ ਟਰਾਈਡੈਂਟ ਗਰੁੱਪ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਰਜਿੰਦਰ ਗੁਪਤਾ ਵੱਲੋਂ ਕੀਤੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਉਪਰਾਲਾ ਲੜਕੀਆਂ ਨੂੰ ਸੁਰੱਖਿਅਤ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਉਹਨਾਂ ਦੇ ਸਸ਼ਕਤੀਕਰਨ ਵਿਚ ਸਹਾਈ ਹੋਵੇਗਾ।
ਇਸ ਮੌਕੇ ਅਮਨਦੀਪ ਕੌਰ ਅਤੇ ਸਾਹਿਲ ਸ਼ਰਮਾ ਨੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਅਤੇ 24-30 ਸਤੰਬਰ ਤੱਕ ਸੂਬੇ ਭਰ ਵਿੱਚ ਆਯੋਜਿਤ ਛੇਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਰਾਹੀਂ ਨੌਕਰੀ ਪ੍ਰਾਪਤ ਕਰਨ ਦੇ ਆਪਣੇ ਤਜਰਬੇ ਸਾਂਝੇ ਕੀਤੇ। ਫੈਸ਼ਨ ਤਕਨਾਲੋਜੀ ਵਿੱਚ ਪੋਸਟ ਗ੍ਰੈਜੂਏਟ ਅਮਨਦੀਪ ਕੌਰ ਨੂੰ ਪਾਤੜਾਂ ਦੇ ਇਕ ਪ੍ਰਮੁੱਖ ਪ੍ਰਾਈਵੇਟ ਸਕੂਲ ਵਿੱਚ ਆਰਟ ਐਂਡ ਕਰਾਫਟ ਅਧਿਆਪਕ ਨਿਯੁਕਤ ਕੀਤਾ ਗਿਆ ਹੈ ਅਤੇ ਮਕੈਨੀਕਲ ਇੰਜੀਨੀਅਰਿੰਗ ਵਿਚ ਬੀ.ਟੈਕ ਸਾਹਿਲ ਸ਼ਰਮਾ ਨੇ ਟੈੱਕ ਮਹਿੰਦਰਾ ਵਿਚ ਨੌਕਰੀ ਪ੍ਰਾਪਤ ਕੀਤੀ ਹੈ।
ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਣ ਵਿੱਚ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਛੇਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੌਰਾਨ ਪ੍ਰਾਈਵੇਟ ਖੇਤਰ ਦੀਆਂ 1.43 ਲੱਖ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਸੀ ਅਤੇ ਨੌਕਰੀ ਦੀ ਭਾਲ ਕਰਨ ਵਾਲੇ 93,593 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਲਗਭਗ ਰੋਜ਼ਗਾਰ ਦੇ ਚਾਹਵਾਨ 9.5 ਲੱਖ ਨੌਜਵਾਨਾਂ ਨੂੰ ‘ਘਰ ਘਰ ਰੋਜ਼ਗਾਰ’ ਪੋਰਟਲ ਰਾਹੀਂ ਰਜਿਸਟਰਡ ਕੀਤਾ ਗਿਆ। ਸ੍ਰੀ ਚੰਨੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 15 ਅਕਤੂਬਰ, 2020 ਤੋਂ 15 ਦਸੰਬਰ, 2020 ਤੱਕ ਮੈਗਾ ਰੋਜ਼ਾਗਰ ਲੋਨ ਮੇਲੇ ਕਰਵਾਏ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾ ਕੇ ਸਵੈ-ਰੋਜ਼ਗਾਰ ਦੇ ਉੱਦਮਾਂ ਨੂੰ ਹੁਲਾਰਾ ਦਿੱਤਾ ਜਾ ਸਕੇ।
ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਰਾਣਾ ਗੁਰਮੀਤ ਸਿੰਘ ਸੋਢੀ ਅਤੇ ਵਿਜੈ ਇੰਦਰ ਸਿੰਗਲਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਹਾਜ਼ਰ ਸਨ।