Web Desk –Harsimranjit Kaur
ਚੰਡੀਗੜ੍ਹ/ਗੁਰਦਾਸਪੁਰ, 10 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਟਰਾਂਸਪੋਰਟ ਵਿਭਾਗ ਗੁਰਦਾਸਪੁਰ ਨੇ ਅੱਜ ਜ਼ਿਲ੍ਹੇ ਵਿੱਚ ਵੱਡੀ ਕਾਰਵਾਈ ਕਰਦਿਆਂ ਬਿਨਾਂ ਟੈਕਸ, ਬਿਨਾਂ ਟਾਈਮ ਤੋਂ ਚਲ ਰਹੀਆਂ ਵੱਡੇ ਘਰਾਂ ਦੀਆਂ ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਨੂੰ ਜ਼ਬਤ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬਲਦੇਵ ਸਿੰਘ ਰੰਧਾਵਾ, ਰਿਜਨਲ ਟਰਾਂਸਪਰੋਟ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ ਨਿੱਜੀ ਕੰਪਨੀਆਂ ਦੀਆਂ ਬੱਸਾਂ ਜੋ ਬਿਨਾਂ ਟੈਕਸ, ਡਿਫਾਲਟਰ ਅਤੇ ਬਿਨਾਂ ਟਾਈਮ ਤੋੋਂ ਚੱਲ ਰਹੀਆਂ ਸਨ, ਸਬੰਧੀ ਕਾਰਵਾਈ ਕੀਤੀ ਗਈ ਹੈ ਜਿਸ ਵਿਚ ਵੱਡੇ ਘਰਾਂ ਦੀ ਬੱਸਾਂ ਦੀਆਂ ਨਿੱਜੀ ਕੰਪਨੀਆਂ ਜਿਵੇਂ ਰਾਜਧਾਨੀ, ਡੱਬਵਾਲੀ ਤੇ ਲਿਬੜਾ ਆਦਿ ਕੰਪਨੀਆਂ ਦੀਆਂ ਬੱਸਾਂ ਸ਼ਾਮਲ ਹਨ, ਨੂੰ ਜ਼ਬਤ ਕੀਤਾ ਗਿਆ ਹੈ।
ਸ੍ਰੀ ਰੰਧਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਟਰਾਂਸਪੋਰਟ ਵਿਭਾਗ ਵਿੱਚ ਪਾਰਦਰਸੀ ਅਤੇ ਪ੍ਰਭਾਵਸ਼ਾਲੀ ਕੰਮਕਾਜ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਟੈਕਸ ਨਾ ਭਰਨ ਵਾਲਿਆਂ ਜਾਂ ਨਿਯਮਾਂ ਵਿੱਚ ਕਿਸੇ ਵੀ ਕਿਸਮ ਦੀ ਊਣਤਾਈ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਰਵਾਈ ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਹੈ ਤੇ ਅਗਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।