ਪਟਿਆਲਾ, 3 ਦਸੰਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਦੇ ਦੋ ਮੈਚ ਪਟਿਆਲਾ ਦੇ ਪੋਲੋ ਗਰਾਂਊਂਡ ਵਿਖੇ 6 ਦਸੰਬਰ ਨੂੰ ਕਰਵਾਏ ਜਾਣਗੇ। ਇਨ੍ਹਾਂ ਮੈਚਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਅੱਜ ਸ਼ਾਮ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਅੰਦਰ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਕਰਵਾਏ ਜਾ ਰਹੇ ਇਸ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਦੇ ਦੋ ਕੌਮਾਂਤਰੀ ਮੈਚ ਪਟਿਆਲਾ ਦੇ ਪੋਲੋ ਗਰਾਂਊਂਡ ਵਿਖੇ 6 ਦਸੰਬਰ ਨੂੰ ਸਵੇਰੇ 11 ਵਜੇ ਹੋ ਰਹੇ ਹਨ। ਪਹਿਲਾ ਮੁਕਾਬਲਾ ਸ੍ਰੀ ਲੰਕਾ ਤੇ ਆਸਟ੍ਰੇਲੀਆ ਦਰਮਿਆਨ ਹੋਵੇਗਾ ਜਦਕਿ ਦੂਜੇ ਮੁਕਾਬਲੇ ‘ਚ ਨਿਊਜ਼ੀਲੈਂਡ ਅਤੇ ਕੀਨੀਆ ਦੇ ਖਿਡਾਰੀ ਭਿੜਨਗੇ। ਇਸ ਦੌਰਾਨ ਰੰਗਾ ਰੰਗ ਪ੍ਰੋਗਰਾਮ ਦੀ ਵੀ ਦਿਲਕਸ਼ ਪੇਸ਼ਕਾਰੀ ਹੋਵੇਗੀ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਇਨ੍ਹਾਂ ਮੈਚਾਂ ਦਾ ਆਨੰਦ ਮਾਨਣ ਲਈ ਖੁੱਲ੍ਹਾ ਸੱਦਾ ਦਿੰਦਿਆਂ ਦੱਸਿਆ ਕਿ ਇਸ ਦੌਰਾਨ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਡਿਪਟੀ ਕਮਿਸ਼ਨਰ ਨੇ ਇਸ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਗਠਿਤ ਵੱਖ-ਵੱਖ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਸਮੇਤ ਦਰਸ਼ਕਾਂ ਦੇ ਬੈਠਣ, ਪਾਣੀ, ਪਖਾਨਿਆਂ, ਸੁਰੱਖਿਆ ਸਮੇਤ ਹੋਰ ਪ੍ਰਬੰਧ ਪੁਖ਼ਤਾ ਕੀਤੇ ਜਾ ਰਹੇ ਹਨ।
ਇਸ ਮੀਟਿੰਗ ‘ਚ ਹੋਰਨਾਂ ਤੋਂ ਇਲਾਵਾ ਐਸ.ਪੀ. ਸਥਾਨਕ ਸ. ਨਵਨੀਤ ਸਿੰਘ ਬੈਂਸ, ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ, ਐਸ.ਡੀ.ਐਮ. ਪਟਿਆਲਾ ਸ. ਚਰਨਜੀਤ ਸਿੰਘ, ਐਸ.ਡੀ.ਐਮ. ਨਾਭਾ ਸ. ਸੂਬਾ ਸਿੰਘ, ਐਸ.ਡੀ.ਐਮ. ਸਮਾਣਾ ਸ੍ਰੀ ਨਮਨ ਮੜਕਣ, ਆਰ.ਟੀ.ਏ. ਸ੍ਰੀ ਅਰਵਿੰਦ ਕੁਮਾਰ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀ ਅਵਿਕੇਸ਼ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਸ. ਹਰਪ੍ਰੀਤ ਸਿੰਘ ਹੁੰਦਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।