ਪਟਿਆਲਾ, 12 ਦਸੰਬਰ (ਸੁਨੀਲ ਗਰਗ):ਇੱਥੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਦਾ ਜੁਡੀਸ਼ੀਅਲ ਅਧਿਕਾਰੀਆਂ ਨੇ ਵੀ ਆਨੰਦ ਮਾਣਿਆ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਪੰਜਾਬ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਕਰਵਾਏ ਗਏ ਇਸ ਪ੍ਰਭਾਵਸ਼ਾਲੀ ਤੇ ਨਿਵੇਕਲੇ ਆਯੋਜਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸ਼ੋਅ ਰਾਹੀਂ ਭਾਵਪੂਰਤ ਢੰਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਦਰਸਾਇਆ ਗਿਆ ਹੈ।
ਇਸ ਮੌਕੇ ਸ੍ਰੀ ਅਗਰਵਾਲ ਦੇ ਨਾਲ ਵਧੀਕ ਜ਼ਿਲ੍ਹਾ ਜੱਜ ਮਿਸ ਪ੍ਰਿਆ ਸੂਦ, ਸ੍ਰੀ ਐਸ.ਕੇ. ਸਚਦੇਵਾ, ਮਿਸ ਪਲਵਿੰਦਰ ਕੌਰ, ਲੇਬਰ ਕੋਰਟ ਦੇ ਪ੍ਰੀਜਾਈਡਿੰਗ ਅਫ਼ਸਰ ਸ੍ਰੀਮਤੀ ਜਤਿੰਦਰ ਕੌਰ, ਸੀ.ਜੇ.ਐਸ.ਡੀ. ਮਿਸ ਤ੍ਰਿਪਤਜੋਤ ਕੌਰ, ਸੀ.ਜੇ.ਐਮ. ਸ੍ਰੀਮਤੀ ਦੀਪਤੀ ਗੁਪਤਾ, ਸੀ.ਜੇ.ਜੇ.ਡੀ. ਸ. ਗੁਰਵਿੰਦਰ ਸਿੰਘ ਜੌਹਲ, ਮਿਸ ਤੇਜਿੰਦਰਪ੍ਰੀਤ ਕੌਰ, ਸੀ.ਜੇ.ਐਮ. ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਿਸ. ਪਰਮਿੰਦਰ ਕੌਰ ਸਮੇਤ ਹੋਰ ਜੁਡੀਸ਼ੀਅਲ ਅਧਿਕਾਰੀ ਮੌਜੂਦ ਸਨ।
ਇਸ ਦੌਰਾਨ ਭਾਵੇਂ ਕਿਣਮਿਣ ਹੋਣੀ ਸ਼ੁਰੂ ਹੋ ਗਈ ਸੀ ਪ੍ਰੰਤੂ ਇਸਦੇ ਬਾਵਜੂਦ ਵੱਡੀ ਗਿਣਤੀ ਸੰਗਤ ਅਤੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀ ਅਤੇ ਹਰ ਵਰਗ ਦੇ ਲੋਕਾਂ ਨੇ ਭਾਰੀ ਠੰਢ ਦੇ ਬਾਵਜੂਦ ਇਸ ਸ਼ੋਅ ਦਾ ਸ਼ਰਧਾ ਪੂਰਵਕ ਆਨੰਦ ਮਾਣਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸ਼ੌਕਤ ਅਹਿਮਦ ਪਰੈ, ਐਸ.ਡੀ.ਐਮ. ਸ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਇਨਾਇਤ ਸਮੇਤ ਵੱਡੀ ਗਿਣਤੀ ਸਥਾਨਕ ਵਸਨੀਕ ਮੌਜੂਦ ਸਨ।