Web Desk -Harsimranjit Kaur
ਚੰਡੀਗੜ, 8 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ)- ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 70 ਹੈਲਥ ਵਰਕਰ (ਮੇਲ) ਅਤੇ 28 ਫਾਰਮੇਸੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਸ੍ਰੀ ਸੋਨੀ ਨੇ ਇਸ ਮੌਕੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਲਗਨ, ਦਿਆਨਤਾਦਾਰੀ ਅਤੇ ਇਮਾਨਦਾਰੀ ਨਾਲ ਪੰਜਾਬ ਰਾਜ ਦੇ ਲੋਕਾਂ ਦੀ ਸੇਵਾ ਕਰਨ। ਉਹਨਾਂ ਅੱਗੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿੱਚ ਨੌਕਰੀ ਕਰਨਾ ਪੁੰਨ ਨਾਲੇ ਫਲੀਆਂ ਵਾਲੀ ਕਹਾਵਤ ਨੂੰ ਸਾਰਥਕ ਕਰਦਾ ਹੈ ਕਿਉਂਕਿ ਜਿੱਥੇ ਸਰਕਾਰ ਤੁਹਾਨੂੰ ਨੌਕਰੀ ਬਦਲੇ ਤਨਖਾਹ ਦਿੰਦੀ ਹੈ, ਉੱਥੇ ਹੀ ਲੋਕਾਂ ਨੂੰ ਦਿੱਤੀਆਂ ਸੇਵਾਵਾਂ ਬਦਲੇ ਅਸੀਸਾਂ ਵੀ ਮਿਲਦੀਆਂ ਹਨ।
ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਰਚ 2017 ਤੋਂ ਲੈਕੇ ਹੁਣ ਤੱਕ ਵਿਭਾਗ ਦੀਆਂ 13000 ਤੋਂ ਵੱਧ ਅਸਾਮੀਆਂ ਲਈ ਭਰਤੀ ਕੀਤੀ ਜਾ ਚੁੱਕੀ ਹੈ।
ਉਹਨਾਂ ਇਸ ਮੌਕੇ ਇਹ ਵੀ ਕਿਹਾ ਕਿ ਵਿਭਾਗ ਵੱਲੋਂ ਜਲਦ ਹੀ ਸਾਰੀ ਖਾਲੀ ਅਸਾਮੀਆਂ ਨੂੰ ਭਰਨ ਲਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਸਿਹਤ ਵਿਭਾਗ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾ ਸਕਣ।
ਇਸ ਮੌਕੇ ਵਿਕਾਸ ਗਰਗ, ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਸ੍ਰੀ ਕੁਮਾਰ ਰਾਹੁਲ, ਐਮ.ਡੀ. ਐਨ.ਐਚ.ਐਮ., ਡਾ. ਅੰਦੇਸ਼ ਕੰਗ, ਡਾਇਰੈਕਟਰ ਅਤੇ ਕਈ ਹੋਰ ਹਾਜ਼ਰ ਸਨ।