Web Desk-Harsimranjit Kaur
ਚੰਡੀਗੜ, 19 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਸਿੰਘੂ ਬਾਰਡਰ ਕਤਲਕਾਂਡ ਆਪਣੇ ਪਿੱਛੇ ਵੱਡੇ ਸਵਾਲ ਛੱਡ ਗਿਆ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਇਸ ਮਾਮਲੇ ਨੂੰ ਲੈ ਕੇ ਹੋ ਰਹੀਆਂ ਹਨ। ਦਰਅਸਲ, ਸਿੰਘੂ ਬਾਰਡਰ ’ਤੇ ਹੋਏ ਬੇਰਹਿਮੀ ਨਾਲ ਇਸ ਕਤਲ ਕਰਨ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗਾ ਸਿੰਘਾਂ ਦੇ ਆਗੂ ਬਾਬਾ ਅਮਨ ਸਿੰਘ ਦੀਆਂ ਭਾਜਪਾ ਆਗੂਆਂ ਨਾਲ ਤਸਵੀਰਾਂ ਵਾਇਰਲ ਹੋਈਆਂ ਹਨ। ਜਿਸ ਤੋਂ ਬਾਅਦ ਇਸ ਕਤਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਹੁਣ ਇਸ ਮਾਮਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਸਮੇਤ ਦੂਜੇ ਸਿਆਸੀ ਆਗੂਆਂ ਵਲੋਂ ਵੀ ਇਸ ’ਤੇ ਸਵਾਲ ਚੁੱਕੇ ਜਾ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਇਸ ਪੂਰੇ ਮਾਮਲੇ ਤੋਂ ਬਾਅਦ ਸਾਫ ਹੋ ਗਿਆ ਹੈ ਕਿ ਭਾਜਪਾ ਮੋਰਚੇ ਨੂੰ ਖ਼ਤਮ ਕਰਨ ਲਈ ਹਰ ਤਰ੍ਹਾਂ ਦਾ ਪੈਂਤੜਾ ਅਪਣਾ ਸਕਦੀ ਹੈ। ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਬੇਹੱਦ ਜ਼ਰੂਰੀ ਹੋ ਗਈ ਹੈ।
ਇਹ ਵੀ ਪੜ੍ਹੋ : ਮਾਮੇ ਨੇ ਬੇਰਹਿਮੀ ਨਾਲ ਕੀਤਾ ਭਾਣਜੇ ਦਾ ਕਤਲ, ਕਹਿ ਨਾਲ ਕੀਤਾ ਸਿਰ ਤੇ ਵਾਰ
ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਈਆਂ ਤਸਵੀਰਾਂ ਵਿਚ ਬਾਬਾ ਅਮਨ ਸਿੰਘ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਨਜ਼ਰ ਆ ਰਹੇ ਹਨ। ਵਾਇਰਲ ਤਸਵੀਰਾਂ ਵਿਚ ਪੰਜਾਬ ਪੁਲਿਸ ਦਾ ਬਰਖ਼ਾਸਤ ਮੁਲਾਜ਼ਮ ਗੁਰਮੀਤ ਸਿੰਘ ਪਿੰਕੀ ਵੀ ਨਜ਼ਰ ਆ ਰਿਹਾ ਹੈ। ਗੁਰਮੀਤ ਸਿੰਘ ਪਿੰਕੀ ਉਹ ਸਖ਼ਸ਼ ਹੈ ਜਿਸਦਾ ਨਾਂ ਕਾਲੇ ਦੌਰ ਦੌਰਾਨ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨਾਲ ਮਿਲਕੇ ਨੌਜਵਾਨਾਂ ‘ਤੇ ਤਸ਼ਦੱਦ ਢਾਹੁਣ ਵਿਚ ਆਉਂਦਾ ਰਿਹਾ। ਇਹਨਾਂ ਵਾਇਰਲ ਤਸਵੀਰਾਂ ਨੇ ਬਲਦੀ ਉੱਤੇ ਹੋਰ ਵੀ ਤੇਲ ਪਾ ਦਿੱਤਾ ਹੈ।ਇਸ ਪੂਰੇ ਮਾਮਲੇ ਨੂੰ ਭਾਜਪਾ ਵੱਲੋਂ ਤਿਆਰ ਕੀਤੀ ਸਾਜਿਸ਼ ਦੱਸਿਆ ਜਾ ਰਿਹਾ ਹੈ ਕਿਉਂਕਿ ਸਿਆਸੀ ਬਿਆਨਬਾਜ਼ੀਆਂ ਤੇਜ਼ ਹੋ ਗਈਆਂ ਹਨ।
ਇਹ ਵੀ ਪੜ੍ਹੋ : ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਹੋਈ ਮੰਗਣੀ, ਇੰਸਟਾਗ੍ਰਾਮ ‘ਤੇ ਸਾਂਝੀਆਂ ਕੀਤੀਆਂ ਸੁੰਦਰ ਤਸਵੀਰਾਂ
ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਸਿੰਘੂ ਬਾਰਡਰ ਕੋਲ ਨਿਹੰਗ ਜਥੇਬੰਦੀ ਬਾਬਾ ਬਲਵਿੰਦਰ ਸਿੰਘ ਮੋਇਆਂ ਦੀ ਮੰਡੀ ਵਾਲੇ ਮੁੱਖ ਸਥਾਨ ਸ੍ਰੀ ਫਤਹਿਗੜ੍ਹ ਸਾਹਿਬ) ਦੇ ਟੈਂਟ ਵਿਚੋਂ ਸਰਬਲੋਹ ਗ੍ਰੰਥ ਦੀ ਬੇਅਦਬੀ ਕਰਕੇ ਭੱਜਣ ਵਾਲੇ ਨੌਜਵਾਨ ਦਾ ਬੇਰਹਿਮ ਤਰੀਕੇ ਨਾਲ ਕਤਲ ਕਰਕੇ ਉਸ ਦੀ ਵੱਢੀ-ਟੁੱਕੀ ਲਾਸ਼ ਪੁਲਸ ਬੈਰੀਕੇਡ ਨਾਲ ਲਟਕਾ ਦਿੱਤੀ ਗਈ ਸੀ। ਵਾਇਰਲ ਵੀਡੀਓ ਅਨੁਸਾਰ ਕੁੱਝ ਨਿਹੰਗ ਸਿੰਘਾਂ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਵੀ ਲਈ ਗਈ ਹੈ। ਕੁੰਡਲੀ ਥਾਣਾ ਪੁਲਸ ਨੇ ਦਫ਼ਾ 302 ਤੇ 34 ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੌਰਾਨ ਨਿਹੰਗ ਜਥੇਬੰਦੀ ਦੇ ਮੈਂਬਰ ਸਰਬਜੀਤ ਸਿੰਘ ਨੇ ਪੁਲਸ ਸਾਹਮਣੇ ਆਤਮ ਸਮਰਪਣ ਵੀ ਕਰ ਦਿੱਤਾ ਹੈ ਅਤੇ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ। ਸਰਬਜੀਤ ਦੇ ਮੈਡੀਕਲ ਟੈਸਟ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਨਿਹੰਗ ਸਿੰਘਾਂ ਵਲੋਂ ਸਿੰਘੂ ਬਾਰਡਰ ’ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ਤਰਨਤਾਰਨ ਦੇ ਪਿੰਡ ਚੀਮਾ ਕਲਾਂ ਦੇ ਲਖਬੀਰ ਸਿੰਘ ਉਰਫ ਟੀਟੂ ਦੀ ਭੈਣ ਨੇ ਖੁਲਾਸਾ ਕਰਦਿਆਂ ਦੱਸਿਆ ਸੀ ਕਿ ਕਤਲ ਤੋਂ 6 ਦਿਨ ਪਹਿਲਾਂ ਉਹ ਘਰੋਂ 50 ਰੁਪਏ ਲੈਕੇ ਝਬਾਲ ਦੀ ਦਾਨਾਮੰਡੀ ਵਿਚ ਦਿਹਾੜੀ ਲਗਾਉਣ ਗਿਆ ਸੀ। ਮ੍ਰਿਤਕ ਦੀ ਵੱਡੀ ਭੈਣ ਰਾਜਵਿੰਦਰ ਕੌਰ ਅਤੇ ਲਖਬੀਰ ਇਕੋ ਮਕਾਨ ਵਿਚ ਰਹਿੰਦੇ ਸਨ। ਰਾਜਵਿੰਦਰ ਨੇ ਦੱਸਿਆ ਕਿ ਲਖਬੀਰ ਸਿੰਘ ਨੇ 13 ਅਕਤੂਬਰ ਨੂੰ ਪਿੰਡ ਵਿਚ ਇਕ ਵਿਆਹ ਸਮਾਗਮ ਵਿਚ ਭਾਗ ਲਿਆ ਸੀ ਅਤੇ ਸ਼ਾਮ ਵੇਲੇ ਇਕ ਨਿਹੰਗ ਸਿੰਘ ਦੇ ਭੇਸ ਵਿਚ ਆਇਆ ਕੋਈ ਵਿਅਕਤੀ ਉਸ ਨੂੰ ਆਪਣੇ ਨਾਲ ਲੈ ਗਿਆ ਸੀ। ਭੈਣ ਨੇ ਦੱਸਿਆ ਕਿ ਉਹ ਅਕਸਰ ਕਿਸੇ ਸੰਧੂ ਨਾਮ ਦੇ ਵਿਅਕਤੀ ਨਾਲ ਲੰਮਾ ਸਮਾਂ ਮੋਬਾਈਲ ’ਤੇ ਗੱਲਾਂ ਕਰਦਾ ਰਹਿੰਦਾ ਸੀ ਅਤੇ ਉਹ ਇਹ ਵੀ ਆਖਦਾ ਸੀ ਕਿ ਉਸ ਦੀ ਪਹੁੰਚ ਹੁਣ ਬਹੁਤ ਦੂਰ ਤੱਕ ਹੋ ਗਈ ਹੈ। ਉਕਤ ਨੇ ਇਹ ਵੀ ਦੱਸਿਆ ਕਿ ਫੋਨ ਕਰਨ ਸਮੇਂ ਉਹ ਸਾਰਿਆਂ ਨੂੰ ਕਮਰੇ ਵਿਚੋਂ ਬਾਹਰ ਕੱਢ ਦਿੰਦਾ ਸੀ। ਲਖਬੀਰ ਸਿੰਘ ਦੀ ਭੈਣ ਨੇ ਕਿਹਾ ਕਿ ਉਹ ਬੇਅਬਦੀ ਨਹੀਂ ਕਰ ਸਕਦਾ।