
ਅੰਮ੍ਰਿਤਸਰ, 9 ਮਾਰਚ (ਪ੍ਰੈਸ ਕੀ ਤਾਕਤ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ਼-ਸਫ਼ਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਸ਼ੁਰੂ ਕੀਤੀ ਗਈ। ਸ਼੍ਰੋਮਣੀ ਕਮੇਟੀ ਵਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਸੱਚਖ਼ੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਨੇ ਦੱਸਿਆ ਕਿ ਜਥੇ ਵਲੋਂ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ।