ਜਲੰਧਰ, 8 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਗੁਰਪ੍ਰੀਤ ਕੌਰ ਨਾਲ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ’ਤੇ ਸ਼ੁੱਕਰਵਾਰ ਰਾਤ ਚੰਡੀਗੜ੍ਹ ਕਲੱਬ ਵਿਖੇ ਰਾਤਰੀ ਭੋਜ ਦਿੱਤਾ। ਇਸ ਲਈ ਉਨ੍ਹਾਂ ਪਾਰਟੀ ਦੇ ਸੰਸਦ ਮੈਂਬਰਾਂ, ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਨੂੰ ਸੱਦਾ ਦਿੱਤਾ ਸੀ। ਸਵੇਰੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਨੂੰ ਉਨ੍ਹਾਂ ਦੇ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ ਅਤੇ ਪਰਮਾਤਮਾ ਕੋਲੋਂ ਉਨ੍ਹਾਂ ਲਈ ਖੁਸ਼ੀਆਂ ਦੀ ਕਾਮਨਾ ਕੀਤੀ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਆਪਣੀ ਪਤਨੀ ਸੁਨੀਤਾ ਰਿੰਕੂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ੁੱਭ ਕਾਮਨਾਵਾਂ ਦੇਣ ਲਈ ਸਮਾਗਮ ‘ਚ ਸ਼ਾਮਲ ਹੋਏ।
ਸਮਾਗਮ ‘ਚ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਤੋਂ ਸੰਸਦ ਮੈਂਬਰ ਸੰਜੇ ਸਿੰਘ ਵੀ ਮੌਜੂਦ ਸਨ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ .ਓ., ਅਮਨ ਅਰੋੜਾ ਤੇ ਬ੍ਰਹਮ ਸ਼ੰਕਰ ਜਿੰਪਾ ਆਦਿ ਵੀ ਹਾਜ਼ਰ ਸਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਨੂੰ ਫੁੱਲਾਂ ਦੇ ਗੁਲਦਸਤੇ ਦਿੱਤੇ। ਸਵੇਰ ਤੋਂ ਹੀ ਪਾਰਟੀ ਦੇ ਸੀਨੀਅਰ ਮੰਤਰੀ ਅਤੇ ਹੋਰ ਆਗੂ ਭਗਵੰਤ ਮਾਨ ਨੂੰ ਵਧਾਈਆਂ ਦੇਣ ‘ਚ ਰੁੱਝੇ ਹੋਏ ਸਨ।ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਡਾ. ਗੁਰਪ੍ਰੀਤ ਕੌਰ ਨੂੰ ‘ਹੈਪੀ ਮੈਰਿਜ ਐਨੀਵਰਸਰੀ’ ਦੀ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਪਾਰਟੀ ਆਗੂਆਂ ਨੇ ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਨੂੰ ਪੁੱਤਰ ਦੇ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ।ਸਮਾਗਮ ‘ਚ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰ ਵੀ ਹਾਜ਼ਰ ਸਨ। ਮੁੱਖ ਮੰਤਰੀ ਭਗਵੰਤ ਮਾਨ ਕਾਫੀ ਖ਼ੁਸ਼ ਨਜ਼ਰ ਆ ਰਹੇ ਸਨ। ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰ ਖ਼ੁਦ ਵੀ ਵਧਾਈ ਦੇਣ ਆਏ ਮਹਿਮਾਨਾਂ ਦਾ ਸੁਆਗਤ ਕਰ ਰਹੇ ਸਨ।