ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਮਲੇ ਵਿਚ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਗ੍ਰਿਫ਼ਤਾਰ ਸਾਰੇ ਦੋਸ਼ੀਆਂ ਦੀ ਮਾਨਸਾ ਕੋਰਟ ਵਿਚ ਅੱਜ ਪੇਸ਼ੀ ਕੀਤੀ ਗਈ ਹੈ। ਇਨ੍ਹਾਂ ਸਾਰੇ ਦੋਸ਼ੀਆਂ ਦੀ ਪੇਸ਼ੀ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਗਈ। ਬਠਿੰਡਾ, ਗੰਗਾਨਗਰ, ਗੋਇੰਦਵਾਲ ਸਾਹਿਬ ਸਣੇ ਵੱਖ-ਵੱਖ ਜੇਲ੍ਹਾਂ ਵਿਚ ਵੀ ਬੰਦ ਸਾਰੇ ਮੁਲਜ਼ਮਾਂ ਦੀ ਪੇਸ਼ੀ ਅੱਜ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਗਈ ਹੈ।
ਮਾਨਸਾ ਕੋਰਟ ਨੇ ਹੁਣ ਇਸ ਮਾਮਲੇ ਵਿਚ ਚਾਰਜਸ਼ੀਟ ਦਾਖ਼ਲ ਕਰ ਲਈ ਹੈ। ਹੁਣ ਫਾਈਲ ਹੇਠਲੀ ਅਦਾਲਤ ਵੱਲੋਂ ਦੋਸ਼ ਤੈਅ ਕਰਨ ਲਈ ਸੈਸ਼ਨ ਕੋਰਟ ਵਿਚ ਭੇਜ ਦਿੱਤੀ ਗਈ ਹੈ। ਕੋਰਟ ਵੱਲੋਂ ਅਗਲੀ ਸੁਣਵਾਈ 9 ਅਗਸਤ ਦੀ ਰੱਖੀ ਗਈ ਹੈ। 9 ਅਗਸਤ ਨੂੰ ਮੁੜ ਕੋਰਟ ਵੱਲੋਂ ਇਸ ਮਾਮਲੇ ਵਿਚ ਸੁਣਵਾਈ ਕੀਤੀ ਜਾਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਦੇ ਮਗਰੋਂ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਗੈਂਗਸਟਰ ਲਾਰੈਂਸ ਸਣੇ ਸਾਰੇ ਮੁਲਜ਼ਮਾਂ ਦੀ ਪੇਸ਼ੀ ਵੀਡੀਓ ਕਾਨਫ਼ਰੰਸ ਰਾਹੀ ਕੀਤੀ ਗਈ ਹੋਵੇ। ਜ਼ਿਕਰਯੋਗ ਹੈ ਕਿ ਪਾਲੀਵੁੱਡ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਵਿਖੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਦੋਂ ਤੋਂ ਹੀ ਇਸ ਮਾਮਲੇ ਵਿਚ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
Post Views: 60