ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਅੱਜ ਸਵੇਰੇ ਨਿਊਜ਼ ਪੋਰਟਲ ‘ਨਿਊਜ਼ਕਲਿੱਕ’ ਅਤੇ ਇਸ ਦੇ ਪੱਤਰਕਾਰਾਂ ਨਾਲ ਜੁੜੇ ਟਿਕਾਣਿਆਂ ‘ਤੇ ਛਾਪਾ ਮਾਰਿਆ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਤੋਂ ਪਹਿਲਾਂ ਨਿਊਜ਼ ਪੋਰਟਲ ਦੇ ਫੰਡਿੰਗ ਦੇ ਸਰੋਤਾਂ ਦੀ ਜਾਂਚ ਦੇ ਹਿੱਸੇ ਵਜੋਂ ਕੰਪਨੀ ਦੇ ਅਹਾਤੇ ‘ਤੇ ਛਾਪੇਮਾਰੀ ਵੀ ਕੀਤੀ ਸੀ। ਸਪੈਸ਼ਲ ਸੈੱਲ ਕੇਂਦਰੀ ਏਜੰਸੀ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕਰ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੇ ‘ਨਿਊਜ਼ਕਲਿੱਕ’ ਦੇ ਕੁਝ ਪੱਤਰਕਾਰਾਂ ਦੇ ਲੈਪਟਾਪ ਅਤੇ ਮੋਬਾਈਲ ਫੋਨਾਂ ਦਾ ‘ਡੰਪ ਡਾਟਾ’ (ਕੰਪਿਊਟਰ, ਲੈਪਟਾਪ ਜਾਂ ਮੋਬਾਈਲ ਤੋਂ ਕਿਸੇ ਹੋਰ ਡਵਿਾਈਸ ‘ਤੇ ਟ੍ਰਾਂਸਫਰ ਕੀਤਾ ਗਿਆ ਡਾਟਾ) ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਪੈਸ਼ਲ ਸੈੱਲ ਨੇ ਨਵਾਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਕ ਸੀਨੀਅਰ ਪੱਤਰਕਾਰ ਅਭਿਸਾਰ ਸ਼ਰਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, ‘ਦਿੱਲੀ ਪੁਲੀਸ ਮੇਰੇ ਘਰ ਪਹੁੰਚੀ। ਮੇਰਾ ਲੈਪਟਾਪ ਅਤੇ ਫ਼ੋਨ ਲੈ ਲਿਆ।’