-ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨਾਂ ਵੱਲੋਂ ਹੋਰਨਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੱਦਾ
-ਪਿੰਡ ਹਾਮਝੜੀ ਅਤੇ ਜੋਗੇਵਾਲ ਵਿਖੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਕੀਤੀ ਮਿਲਣੀ
-ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨ ਸਾਡੇ ਹੀਰੋ : ਸਾਕਸ਼ੀ ਸਾਹਨੀ
ਪਟਿਆਲਾ/ਪਾਤੜਾਂ, 16 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਦੀ ਪਾਤੜਾਂ ਸਬ ਡਵੀਜ਼ਨ ਦੇ ਅਗਾਂਹਵਧੂ ਕਿਸਾਨਾਂ ਦਾ ਉਨ੍ਹਾਂ ਦੇ ਖੇਤਾਂ ਵਿੱਚ ਜਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਹਾਮਝੜੀ ਤੇ ਜੋਗੇਵਾਲ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅਤੇ ਫ਼ਸਲੀ ਵਿਭਿੰਨਤਾ ਅਪਣਾ ਕੇ ਹੋਰਨਾ ਕਿਸਾਨਾਂ ਲਈ ਰਾਹ ਦਸੇਰਾ ਬਣੇ ਕਿਸਾਨਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ ਅਤੇ ਵਾਤਾਵਰਣ ਨੂੰ ਬਚਾਉਣ ਲਈ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਉਨ੍ਹਾਂ ਸ਼ਲਾਘਾ ਕੀਤੀ।
ਇਸ ਮੌਕੇ ਸਾਕਸ਼ੀ ਸਾਹਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਦਾ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਨਾਲ ਨਿਪਟਾਰਾ ਕਰਨ ਵਾਲੇ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨਾਂ ਤੋਂ ਹੋਰਨਾਂ ਕਿਸਾਨਾਂ ਨੂੰ ਸੇਧ ਲੈਕੇ ਆਪਣੀ ਆਮਦਨ ਵਧਾਉਣ ਦੇ ਨਾਲ ਨਾਲ ਵਾਤਾਵਰਣ ਦੀ ਸ਼ੁੱਧਤਾ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨ ਸਾਡੇ ਹੀਰੋ ਹਨ ਜੋ ਆਪਣੇ ਫਾਇਦੇ ਤੋਂ ਉਪਰ ਉਠਕੇ ਲੋਕਾਂ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਪਹਿਲਾਂ ਸੋਚਦੇ ਹਨ। ਇਸ ਮੌਕੇ ਉਨ੍ਹਾਂ ਪਿੰਡ ਹਾਮਝੜੀ ਵਿਖੇ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਵੀ ਵਿਸ਼ੇਸ਼ ਤੌਰ ‘ਤੇ ਦੌਰਾ ਕੀਤਾ।
ਪਿੰਡ ਹਾਮਝੜੀ ਦੇ ਕਿਸਾਨਾਂ ਨੇ ਆਪਣੇ ਖੇਤੀ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਉਨ੍ਹਾਂ ਆਪਣੀ ਜ਼ਮੀਨ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਉਪਜਾਊ ਕੀਤੀ ਹੈ ਜਿਸ ਸਦਕਾ ਹੁਣ ਵੀ ਹੋਰਨਾਂ ਕਿਸਾਨਾਂ ਦੇ ਮੁਕਾਬਲੇ ਖੇਤਾਂ ਵਿੱਚ ਖਾਦਾਂ ਅਤੇ ਸਪਰੇਅ ਦੀ ਵਰਤੋਂ ਨਾ ਦੇ ਬਰਾਬਰ ਹੀ ਕਰਨੀ ਪੈਦੀ ਹੈ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਇਸ ਨੂੰ ਖਾਦ ਦੇ ਰੂਪ ਵਿੱਚ ਵਰਤਣ ਦਾ ਸੱਦਾ ਦਿੱਤਾ।
ਇਸ ਮੌਕੇ ਪਿੰਡ ਕਨਵਾਣੂੰ ਦੇ ਅਗਾਂਹਵਧੂ ਕਿਸਾਨ ਰਣਧੀਰ ਸਿੰਘ, ਪਿੰਡ ਜਲਾਲਪੁਰ ਦੇ ਬਲਜਿੰਦਰ ਸਿੰਘ, ਪਿੰਡ ਜੋਗੇਵਾਲ ਦੇ ਦਇਆ ਸਿੰਘ ਤੇ ਸਰੁਧਪਾਲ ਸਿੰਘ, ਪਿੰਡ ਹਾਮਝੜੀ ਦੇ ਕਿਸਾਨ ਕੁਲਦੀਪ ਸਿੰਘ, ਕੁਲਵੰਤ ਸਿੰਘ, ਗਗਨਦੀਪ ਸਿੰਘ, ਤਰਲੋਕ ਸਿੰਘ, ਸੁਰਿੰਦਰਪਾਲ ਸਿੰਘ, ਮਲਕੀਤ ਸਿੰਘ, ਨਛੱਤਰ ਸਿੰਘ, ਧੰਨ ਸਿੰਘ, ਗੁਰਜੰਟ ਸਿੰਘ, ਮੱਖਣ ਸਿੰਘ, ਸੁਰਜੀਤ ਸਿੰਘ, ਪਿੰਡ ਦਿਆਲ ਨਗਰ ਦੇ ਸੁਰਜੀਤ ਸਿੰਘ, ਜਗਰਾਜ ਸਿੰਘ, ਹਰਚਰਨ ਸਿੰਘ, ਸੁਖਜੀਵਨ ਸਿੰਘ, ਗੁਰਮੇਲ ਸਿੰਘ, ਮਨਭਿੰਦਰ ਸਿੰਘ, ਇੰਦਰਜੀਤ ਸਿੰਘ, ਪਿੰਡ ਖਨੋਰੀ ਦੇ ਕ੍ਰਿਸ਼ਨ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਦੇ ਖੇਤਾਂ ਵਿੱਚ ਜਾ ਕੇ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰ ਪਾਲ ਸਿੰਘ ਚੱਠਾ, ਅਗਾਂਹਵਧੂ ਕਿਸਾਨ ਇੰਦਰਜੀਤ ਸਿੰਘ ਸਮੇਤ ਵੱਡੀ ਗਿਣਤੀ ਇਲਾਕੇ ਦਾ ਕਿਸਾਨ ਮੌਜੂਦ ਸਨ।
ਫੋਟੋ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕਰਦੇ ਹੋਏ।