ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਸਰਕਾਰ ਦੇ ਹਸਪਤਾਲਾਂ ਵਿੱਚ ਗ਼ੈਰਮਿਆਰੀ ਦਵਾਈਆਂ ਦੀ ਸਪਲਾਈ ਦੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਉਣ ਦਾ ਹੁਕਮ ਦਿੱਤਾ ਹੈ। ਸੂਤਰਾਂ ਅਨੁਸਾਰ ਸੀਬੀਆਈ ਇਹ ਵੀ ਜਾਂਚ ਕਰੇਗੀ ਕਿ ਕੀ ਮੁਹੱਲਾ ਕਲੀਨਿਕਾਂ ਰਾਹੀਂ ਇਹ ਦਵਾਈਆਂ ਵੰਡੀਆਂ ਗਈਆਂ ਹਨ ਜਾਂ ਨਹੀਂ। ਪਿਛਲੇ ਸਾਲ ਦਸੰਬਰ ਵਿੱਚ ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਨੇ ਗ੍ਰਹਿ ਮੰਤਰਾਲੇ ਤੋਂ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਸਿਫ਼ਾਰਿਸ਼ ਕੀਤੀ ਸੀ। ਸਕਸੈਨਾ ਨੇ ਕਿਹਾ ਕਿ ਇਹ ਦਵਾਈਆਂ ਕਥਿਤ ਤੌਰ ’ਤੇ ਗੁਣਵੱਤਾ ਮਾਪਦੰਡ ਟੈਸਟ ’ਚ ਫੇਲ੍ਹ ਰਹੀਆਂ ਅਤੇ ਦਿੱਲੀ ਸਰਕਾਰ ਵੱਲੋਂ ਚਲਾਏ ਜਾ ਰਹੇ ਹਸਪਤਾਲਾਂ ਵਿੱਚ ਲੋਕਾਂ ਦੀ ਜਾਨ ਲਈ ਸੰਭਾਵੀ ਖ਼ਤਰਾ ਬਣ ਸਕਦੀਆਂ ਸੀ। ਦਿੱਲੀ ਸਰਕਾਰ ਦੇ ਵਿਜੀਲੈਂਸ ਡਾਇਰੈਕਟੋਰੇਟ ਨੇ ਜਾਂਚ ਦੀ ਅਪੀਲ ਕਰਦਿਆਂ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਸੀ। ਵਿਭਾਗ ਦੀ ਰਿਪੋਰਟ ਅਨੁਸਾਰ 43 ਦਵਾਈਆਂ ਦੇ ਨਮੂਨੇ ਸਰਕਾਰੀ ਲੈਬ ਵਿੱਚ ਭੇਜੇ ਗਏ ਸੀ, ਜਿਨ੍ਹਾਂ ਵਿੱਚੋਂ ਤਿੰਨ ਮਾਪਦੰਡਾਂ ’ਤੇ ਖਰੇ ਨਹੀਂ ਉੱਤਰੇ ਅਤੇ 12 ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਇਸ ਤੋਂ ਇਲਾਵਾ 43 ਹੋਰ ਨਮੂਨਿਆਂ ਨੂੰ ਨਿੱਜੀ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ, ਜਿਨ੍ਹਾਂ ਵਿੱਚੋਂ ਪੰਜ ਮਾਪਦੰਡਾਂ ’ਤੇ ਖਰੇ ਨਹੀਂ ਉੱਤਰੇ।

