10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਲੀ ਸਰਕਾਰ ਵੱਲੋਂ ‘ਐਕਸੀਲੈਂਸ ਇਨ ਐਜੂਕੇਸ਼ਨ ਐਵਾਰਡ-2023’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਮਾਰੋਹ ਤਿਆਗਰਾਜ ਸਟੇਡੀਅਮ ‘ਚ ਹੋਇਆ, ਜਿੱਥੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਸਨ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਵੱਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਸਿੱਖਿਆ ਮੰਤਰੀ ਆਤਿਸ਼ੀ, ਵਿਧਾਇਕ ਮਦਨ ਲਾਲ, ਵਿਧਾਇਕ ਸ਼ਿਵਚਰਨ ਗੋਇਲ ਸਮੇਤ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਸਿੱਖਿਆ ਖੇਤਰ ਵਿੱਚ ਪਿਛਲੇ 7-8 ਸਾਲਾਂ ਵਿੱਚ ਜੋ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ, ਉਨ੍ਹਾਂ ਦੀ ਪੂਰੇ ਦੇਸ਼ ਅਤੇ ਦੁਨੀਆ ਵਿੱਚ ਚਰਚਾ ਹੋ ਰਹੀ ਹੈ। ਇਸ ਕ੍ਰਾਂਤੀ ਦਾ ਜਾਦੂ ਸਾਡੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੱਕ ਪਹੁੰਚ ਰਿਹਾ ਹੈ। ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਲਗਭਗ 60-70 ਹਜ਼ਾਰ ਅਧਿਆਪਕ ਕੰਮ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਦੇਸ਼ ਦੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਵੇ ਤਾਂ ਇਹ ਬੱਚੇ ਸਾਡੇ ਦੇਸ਼ ਦਾ ਭਵਿੱਖ ਹੋਣਗੇ।
