ਪਟਿਆਲਾ, (ਕਰਿਸ਼ਮਾ)29 ਅਗਸਤ:
ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਅਰਵਿੰਦ ਕੁਮਾਰ ਦੀ ਯੋਗ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਵੱਲੋਂ ਬਲਾਕ ਪਟਿਆਲਾ ਦੇ ਪਿੰਡ ਬਰਸਟ, ਰਣਬੀਰ ਪੁਰਾ, ਜਾਹਲਾਂ, ਆਸੇ ਮਾਜਰਾ, ਨੰਦਪੁਰ ਕੇਸੋਂ, ਰੌਂਗਲਾ, ਬਖਸ਼ੀਵਾਲਾ, ਫਹਿਤਪੁਰ, ਲਲੋਛੀ, ਕੌਲੀ ਅਤੇ ਰਾਏਪੁਰ ਮੰਡਲਾਂ ਵਿਖੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ।
ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਹੋਰ ਬਲਾਕਾਂ ਵਿਚ ਵੀ ਅਜਿਹੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਵਿਚ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕੀਤਾ ਜਾ ਸਕੇ ਅਤੇ ਦੱਸਿਆ ਕਿ ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਦੂਜੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰ ਰਹੇ ਹਨ। ਇਹਨਾਂ ਕੈਂਪਾਂ ਵਿਚ ਡਾ. ਪਰਮਜੀਤ ਕੌਰ, ਡਾ. ਅਜੈਪਾਲ ਸਿੰਘ ਬਰਾੜ, ਡਾ. ਜਸਪਿੰਦਰ ਕੌਰ ਅਤੇ ਡਾ. ਰਵਿੰਦਰਪਾਲ ਸਿੰਘ ਚੱਠਾ ਵੱਲੋਂ ਕਿਸਾਨਾਂ ਨੂੰ ਜ਼ਿਲ੍ਹੇ ਵਿਚ ਉਪਲਬੱਧ ਮਸ਼ੀਨਾਂ ਦੀ ਵਰਤੋਂ ਸਬੰਧੀ ਅਤੇ ਸੀ.ਆਰ. ਐਮ. ਸਕੀਮ ਅਧੀਨ ਸਬਸਿਡੀ ਉੱਪਰ ਦਿੱਤੀਆਂ ਜਾਣ ਵਾਲੀਆਂ ਮਸ਼ੀਨਾਂ ਸਬੰਧੀ ਜਾਣਕਾਰੀ ਦੇ ਰਹੇ ਹਨ ਅਤੇ ਪਰਾਲੀ ਵਾਲੇ ਖੇਤਾਂ ਵਿਚ ਸਿਉਂਕ, ਚੂਹੇ ਅਤੇ ਸੁੰਡੀ ਦੇ ਹਮਲੇ ਦੇ ਬਚਾਅ ਲਈ ਤਕਨੀਕੀ ਜਾਣਕਾਰੀ ਸਾਂਝੀ ਕਰ ਰਹੇ ਹਨ।
ਇਸ ਤੋਂ ਇਲਾਵਾ ਕਿਸਾਨਾਂ ਨੂੰ ਕੇਂਦਰੀ ਪ੍ਰਾਯੋਜਿਤ ਸਕੀਮਾਂ ਬਾਰੇ ਅਤੇ ਪੀ.ਐਮ.ਕਿਸਾਨ ਨਿਧੀ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਭਾਗ ਦੇ ਕਰਮਚਾਰੀ ਦਲਜਿੰਦਰ ਸਿੰਘ, ਗੁਰਦੀਪ ਸਿੰਘ, ਕਮਲਦੀਪ ਸਿੰਘ, ਅਭਿਸ਼ੇਕ ਕੁਮਾਰ, ਸ਼ੰਟੀ ਅਤੇ ਹਰਪਾਲ ਸਿੰਘ ਵੱਲੋਂ ਕਿਸਾਨਾਂ ਦੇ ਖੇਤਾਂ ਵਿਚ ਬੂਟੇ ਲਗਾਉਣ ਦੀ ਮੁਹਿੰਮ ਵਿਚ ਯੋਗਦਾਨ ਪਾਉਂਦੇ ਹੋਏ ਛਾਂ ਅਤੇ ਫਲਦਾਰ ਬੂਟੇ ਵੰਡੇ ਜਾ ਰਹੇ ਹਨ। ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਦਰਸ਼ਨ ਸਿੰਘ, ਜਸਵਿੰਦਰ ਸਿੰਘ, ਨਰਿੰਦਰ ਸਿੰਘ, ਰਾਜਵੀਰ ਸਿੰਘ, ਗੁਰਚਰਨ ਸਿੰਘ, ਗੁਰਦੀਪ ਸਿੰਘ, ਰਜਿੰਦਰ ਸਿੰਘ, ਬਲਰਾਜ ਸਿੰਘ ਸਮੇਤ ਲਗਭਗ 550 ਕਿਸਾਨਾਂ ਨੇ ਭਾਗ ਲਿਆ।