ਰਾਜਪੁਰਾ, 8 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) :-
ਰਾਜਪੁਰਾ ਦੇ ਐਸ.ਡੀ.ਐਮ. ਅਵਿਕੇਸ਼ ਗੁਪਤਾ ਨੇ ਅੱਜ ਰਾਜਪੁਰਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਰਾਜਪੁਰਾ ਮੰਡੀ ਵਿੱਚ ਝੋਨੇ ਦੀ ਖਰੀਦ ਮਗਰੋਂ ਲਿਫ਼ਟਿੰਗ ਵੀ ਨਾਲੋ-ਨਾਲ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਅੱਜ ਕਿਸਾਨਾਂ ਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ। ਕਿਸਾਨਾਂ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ‘ਤੇ ਤਸੱਲੀ ਦਾ ਇਜ਼ਹਾਰ ਕੀਤਾ ਹੈ।
ਅਵਿਕੇਸ਼ ਗੁਪਤਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਰਾਜਪੁਰਾ ਸਬ ਡਵੀਜ਼ਨ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਹਨ। ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਕਿਸੇ ਵੀ ਕਿਸਾਨ ਜਾਂ ਉਸਦੀ ਫ਼ਸਲ ਨੂੰ ਰਾਤ ਮੰਡੀ ਵਿੱਚ ਬਿਨ੍ਹਾਂ ਵਿਕੇ ਨਹੀਂ ਕੱਟਣ ਦਿੱਤੀ ਜਾਵੇਗੀ।
ਐਸ.ਡੀ.ਐਮ. ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਿਰਧਾਰਤ ਨਮੀ ਵਾਲੀ ਸੁੱਕੀ ਫ਼ਸਲ ਹੀ ਮੰਡੀ ਵਿੱਚ ਲਿਆਉਣ ਤਾਂਕਿ ਉਨ੍ਹਾਂ ਦੀ ਫ਼ਸਲ ਮੰਡੀ ਵਿੱਚ ਆਉਣ ਸਾਰ ਹੀ ਵਿਕ ਜਾਵੇ, ਇਸ ਉਪਰੰਤ ਅਦਾਇਗੀ ਵੀ ਡਿਜੀਟਲ ਤਰੀਕੇ ਨਾਲ ਕਿਸਾਨ ਦੇ ਬੈਂਕ ਖਾਤੇ ਵਿੱਚ ਚਲੀ ਜਾਂਦੀ ਹੈ। ਜਦਕਿ ਲਿਫਟਿੰਗ ਵੀ ਨਾਲੋ-ਨਾਲ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਮੰਡੀ ਵਿੱਚ ਜ਼ਿਲ੍ਹੇ ਦੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਸਮੇਂ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਜੇਕਰ ਕਿਸੇ ਥਾਂ ‘ਤੇ ਕੋਈ ਦਿੱਕਤ ਹੁੰਦੀ ਹੈ ਤਾਂ ਸਬੰਧਤ ਐਸਡੀਐਮਜ਼ ਜਾਂ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਐਸ.ਡੀ.ਐਮ. ਅਵਿਕੇਸ਼ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਂਲ ਲਈ ਕਿਸਾਨਾਂ ਨੂੰ ਬਦਲਵੇਂ ਪ੍ਰਬੰਧ ਵੀ ਕਰਕੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਝੋਨੇ ਦੀ ਕਟਾਈ ਇਸ ਵਾਰ ਜਲਦੀ ਹੋਣ ਕਰਕੇ ਕਣਕ ਬੀਜਣ ਨੂੰ ਅਜੇ ਕਾਫ਼ੀ ਸਮਾਂ ਪਿਆ ਹੈ, ਇਸ ਲਈ ਕਿਸਾਨ ਖੇਤਾਂ ਵਿੱਖ ਅੱਗ ਨਾ ਲਗਾਉਣ, ਸਗੋਂ ਪਰਾਲੀ ਦਾ ਖੇਤਾਂ ਵਿੱਚ ਹੀ ਨਿਪਟਾਰਾ ਕਰਨ।