ਪਟਿਆਲਾ, 29 ਅਕਤੂਬਰ:
ਫਸਲਾਂ ਦੀ ਰਹਿੰਦ-ਖੁੰਹਦ ਦੀ ਸੰਭਾਲ ਵਿਸ਼ੇ ਤੇ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਕੇ.ਵੀ.ਕੇ. ਫਾਰਮ ਵਿਖੇ ਲਗਾਇਆ। ਇਸ ਕੈਂਪ ਵਿਚ 212 ਦੇ ਕਰੀਬ ਕਿਸਾਨਾਂ, ਕਿਸਾਨ ਬੀਬੀਆਂ ਅਤੇ ਸਕੂਲੀ ਬੱਚਿਆਂ ਨੇ ਭਾਗ ਲਿਆ। ਕੇ.ਵੀ.ਕੇ., ਪਟਿਆਲਾ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਨੇ ਫਸਲਾਂ ਦੀ ਰਹਿੰਦ-ਖੁੰਹਦ ਨੂੰ ਅੱਗ ਨਾ ਲਾਉਣ ਦੇ ਮਹੱਤਵ ਬਾਰੇ ਦੱਸਿਆ ਅਤੇ ਅੱਗ ਲਾਉਣ ਕਾਰਨ ਹੋਣ ਵਾਲੇ ਪ੍ਰਦੂਸ਼ਣ ਦੇ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਕੇ.ਵੀ.ਕੇ., ਪਟਿਆਲਾ ਦੇ ਮਾਹਿਰਾਂ ਨਾਲ ਸੋਸ਼ਲ ਮੀਡੀਆ ਰਾਹੀਂ ਵੱਧ ਤੋਂ ਵੱਧ ਜੁੜਨ ਲਈ ਪ੍ਰੇਰਿਤ ਕੀਤਾ।
ਪ੍ਰੋਗਰਾਮ ਦੀ ਸ਼ੁਰੁਆਤ ਵਿੱਚ ਪ੍ਰੋਫੈਸਰ (ਬਾਗਬਾਨੀ) ਡਾ. ਰਚਨਾ ਸਿੰਗਲਾ ਨੇ ਬਾਗਬਾਨੀ ਦੀਆਂ ਫ਼ਸਲਾਂ ਵਿੱਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰੋਫੈਸਰ (ਭੋਜਨ ਵਿਗਿਆਨ) ਡਾ. ਰਜਨੀ ਗੋਇਲ ਨੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਸਬਜ਼ੀਆਂ ਤੇ ਫਲਾਂ ਤੋ ਬਣਨ ਵਾਲੇ ਪਦਾਰਥਾਂ ਬਾਰੇ ਜਾਣਕਾਰੀ ਦਿੱਤੀ।
ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਡਾ. ਗੁਰਪ੍ਰੀਤ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤ ਵਿੱਚ ਹੀ ਸਾਂਭਣ ਉੱਤੇ ਜ਼ੋਰ ਦਿੰਦਿਆ ਸਾਂਭ-ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਖੇਤੀ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਸੁਪਰ ਸੀਡਰ ਅਤੇ ਹੋਰ ਮਸ਼ੀਨਰੀ ਬਾਰੇ ਤਕਨੀਕੀ ਜਾਣਕਾਰੀ ਦਿਤੀ।ਜ਼ਿਲ੍ਹਾ ਪਸਾਰ ਮਾਹਿਰ (ਸੀ.ਮੋ.), ਫਾਰਮ ਸਲਾਹਕਾਰ ਸੇਵਾ ਕੇਂਦਰ ਡਾ. ਗੁਰਪ੍ਰੀਤ ਕੌਰ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਆਰਥਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਚਾਨਣਾ ਪਾਇਆ।
ਮਿੱਟੀ ਵਿਗਿਆਨੀ, ਫਾਰਮ ਸਲਾਹਕਾਰ ਸੇਵਾ ਕੇਂਦਰ ਡਾ. ਗੁਰਪ੍ਰੀਤ ਸਿੰਘ ਨੇ ਪਰਾਲੀ ਦੀ ਸੰਭਾਲ ਨਾਲ ਮਿੱਟੀ ਦੀ ਗੁਣਵੱਤਾ ਵਿੱਚ ਹੋਣ ਵਾਲੇ ਵਾਧੇ ਬਾਰੇ ਜਾਣਕਾਰੀ ਦਿੱਤੀ। ਇਸ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਭਾਗ ਲੈਣ ਵਾਲੇ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਨੇ ਕਿਸਾਨਾਂ ਨੂੰ ਆਪਣੇ ਅਦਾਰੇ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ। ਖੇਤੀਬਾੜੀ ਵਿਕਾਸ ਅਫਸਰ ਡਾ. ਅਜੇਪਾਲ ਸਿੰਘ ਵੀ ਹਾਜ਼ਿਰ ਰਹੇ। ਅਗਾਂਹਵਧੂ ਕਿਸਾਨ ਨਰਿੰਦਰ ਸਿੰਘ, ਦਿੱਤੂਪੁਰ ਨੇ ਝੋਨੇ ਦੀ ਪਰਾਲੀ ਸਾਂਭਣ ਬਾਰੇ ਆਪਣੇ ਤਜ਼ਰਬੇ ਕਿਸਾਨਾਂ ਨਾਲ ਸਾਂਝੇ ਕੀਤੇ। ਇਸ ਬਾਬਤ ਕਿਸਾਨ ਵੀਰਾਂ ਅਤੇ ਸਾਇੰਸਦਾਨਾਂ ਵਿਚ ਪਰਾਲੀ ਨੂੰ ਸਾਂਭਣ ਦੀਆਂ ਤਕਨੀਕਾਂ ਬਾਰੇ ਵਿਚਾਰ-ਵਟਾਂਦਰਾ ਵੀ ਹੋਇਆ।
ਇਸ ਮੌਕੇ ਕੇ.ਵੀ.ਕੇ., ਪਟਿਆਲਾ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਆਪਣੀਆਂ ਗਤੀਵਿਧਿਆਂ ਬਾਰੇ ਦਿਲ ਖਿੱਚਵੀਂ ਪ੍ਰਦਰਸ਼ਨੀ ਵੀ ਲਗਾਈ। ਕੈਂਪ ਦੌਰਾਨ ਪਟਿਆਲੇ ਜ਼ਿਲ੍ਹੇ ਵਿੱਚ ਪਰਾਲੀ ਸਾਂਭਣ ਨੂੰ ਲੈ ਕੇ ਚਾਨਣ ਮੁਨਾਰਾ ਸਾਬਿਤ ਹੋ ਰਹੇ ਕਿਸਾਨ ਵੀਰਾਂ ਦਾ ਸਨਮਾਨ ਵੀ ਕੀਤਾ ਗਿਆ।