ਪਟਿਆਲਾ, 14 ਨਵੰਬਰ:
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਖਾਦਾਂ ਦੀ ਸਹੀ ਵਰਤੋਂ ਸਬੰਧੀ ਜਾਣਕਾਰੀ ਦੇਣ ਲਈ ਜਿਥੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਉਥੇ ਹੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇ.ਵੀ.ਕੇ., ਪਟਿਆਲਾ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਨੇ ਕਿਹਾ ਕਿ ਫ਼ਸਲਾਂ ਵਿਚ ਖਾਦਾਂ ਦੀ ਵਰਤੋਂ ਮਿੱਟੀ ਟੈੱਸਟ ਦੇ ਅਧਾਰ ਤੇ ਹੀ ਕੀਤੀ ਜਾਣੀ ਚਾਹੀਦੀ ਹੈ, ਇਸ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੇ ਬਦਲ ਵਜੋਂ ਵਰਤੀਆਂ ਜਾ ਸਕਦੀਆਂ ਹੋਰ ਖਾਦਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਵੀ ਜਾਗਰੂਕ ਕਰਨ ਲਈ ਸਕੂਲ ਪੱਧਰ ਤੱਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਰਮਨਜੀਤ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਲਿਆਣ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਥੇ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਇਕ ਰੈਲੀ ਕਰਵਾਈ ਗਈ ਅਤੇ ਨਾਲ ਹੀ ਭਾਸ਼ਣ, ਲੇਖ ਰਚਨਾ, ਪੇਂਟਿੰਗ ਅਤੇ ਸੰਦੇਸ਼ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ।
ਸੈਮੀਨਾਰ ਦੇ ਬੁਲਾਰੇ ਡਾ ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿਚ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ), ਕੇ.ਵੀ.ਕੇ., ਪਟਿਆਲਾ ਨੇ ਜੰਕ ਫੂਡ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਅਤੇ ਖੇਤੀਬਾੜੀ ਵਸਤਾਂ ਦੇ ਮੁੱਲ ਵਾਧੇ ਲਈ ਪ੍ਰੋਸੈਸਿੰਗ ਤਕਨੀਕਾਂ ਦੀ ਮਹੱਤਤਾ ਬਾਰੇ ਵੀ ਦੱਸਿਆ। ਇਸ ਮੌਕੇ ਲੈਕਚਰਾਰ ਡਾ. ਜਸਵਿੰਦਰ ਸਿੰਘ, ਸ੍ਰੀਮਤੀ ਬਲਜੀਤ ਕੌਰ ਸਿੱਧੂ ਅਤੇ ਸ੍ਰੀਮਤੀ ਅਰਪਨਜੋਤ ਕੌਰ ਅਤੇ ਸਮੂਹ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦਾ ਸੰਦੇਸ਼ ਦਿੱਤਾ।