ਨਵੀਂ ਦਿੱਲੀ 22 ਜਨਵਰੀ, 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਵਿਕਾਸਪੁਰੀ–ਜਨਕਪੁਰੀ ਹਿੰਸਾ ਮਾਮਲੇ ਵਿੱਚ ਰਾਊਜ਼ ਐਵੇਨਿਊ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ ’ਤੇ ਗਹਿਰਾ ਦੁੱਖ ਅਤੇ ਤਿਖੀ ਪ੍ਰਤੀਕਿਰਿਆ ਕੀਤੀ ਹੈ।
ਸਰਦਾਰ ਕਾਲਕਾ ਨੇ ਕਿਹਾ ਕਿ ਇਹ ਫ਼ੈਸਲਾ ਸਿਰਫ਼ ਉਹਨਾਂ ਪੀੜਤ ਪਰਿਵਾਰਾਂ ਲਈ ਹੀ ਨਹੀਂ, ਜੋ ਪਿਛਲੇ ਚਾਰ ਦਹਾਕਿਆਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ, ਸਗੋਂ ਪੂਰੀ ਸਿੱਖ ਕੌਮ ਲਈ ਬਹੁਤ ਹੀ ਦਰਦਨਾਕ ਅਤੇ ਨਿਰਾਸ਼ਾਜਨਕ ਪਲ ਹੈ। ਉਨ੍ਹਾਂ ਕਿਹਾ ਕਿ 1984 ਦੇ ਜ਼ਖ਼ਮ ਅਜੇ ਵੀ ਤਾਜ਼ੇ ਹਨ ਅਤੇ ਇਸ ਤਰ੍ਹਾਂ ਦੇ ਫ਼ੈਸਲੇ ਪੀੜਤਾਂ ਦੇ ਜ਼ਖ਼ਮਾਂ ’ਤੇ ਨਮਕ ਛਿੜਕਣ ਦੇ ਬਰਾਬਰ ਹਨ।
ਉਨ੍ਹਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਵੇਗੀ ਅਤੇ ਇਸ ਮਾਮਲੇ ਨੂੰ ਪੂਰੀ ਗੰਭੀਰਤਾ, ਦ੍ਰਿੜਤਾ ਅਤੇ ਕਾਨੂੰਨੀ ਤਿਆਰੀ ਨਾਲ ਅੱਗੇ ਵਧਾਇਆ ਜਾਵੇਗਾ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੁਹਰਾਇਆ ਕਿ ਡੀਐੱਸਜੀਐੱਮਸੀ ਪੀੜਤ ਪਰਿਵਾਰਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਜਦ ਤੱਕ ਦੋਸ਼ੀਆਂ ਨੂੰ ਪੂਰਾ ਤੇ ਅਟੱਲ ਇਨਸਾਫ਼ ਨਹੀਂ ਮਿਲ ਜਾਂਦਾ, ਕਾਨੂੰਨੀ ਲੜਾਈ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਇਨਸਾਫ਼ ਵਿੱਚ ਦੇਰੀ ਹੋ ਸਕਦੀ ਹੈ, ਪਰ ਇਨਸਾਫ਼ ਤੋਂ ਇਨਕਾਰ ਕਦੇ ਕਬੂਲ ਨਹੀਂ ਕੀਤਾ ਜਾਵੇਗਾ। ਸਿੱਖ ਕੌਮ ਦੀ ਇਹ ਲੜਾਈ ਕਿਸੇ ਵਿਅਕਤੀ ਵਿਰੁੱਧ ਨਹੀਂ, ਸਗੋਂ ਸੱਚ, ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਹੈ।

