ਪਟਿਆਲਾ, 23 ਅਗਸਤ:
ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਦਾ ਈਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਅਰੰਭੀਆਂ ਜਾ ਚੁੱਕੀਆਂ ਹਨ। ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਸਹਿਕਾਰੀ ਸਭਾਵਾਂ, ਖੁਰਾਕ ਤੇ ਸਿਵਲ ਸਪਲਾਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਵੱਖ ਵੱਖ ਜ਼ਿਲ੍ਹੇ ਦੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਨ ਲਾਈਨ ਬੈਠਕ ਕਰਕੇ ਹੁਣ ਤੱਕ ਕੀਤੀ ਗਈ ਤਿਆਰੀ ਦਾ ਜਾਇਜ਼ਾ ਲਿਆ ਗਿਆ।
ਮੈਡਮ ਕੰਚਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਕਰਨ ਵਾਲੀਆਂ ਮਸ਼ੀਨਾਂ ਦੀ ਮੈਪਿੰਗ ਦਾ ਕੰਮ ਤੁਰੰਤ ਮੁਕੰਮਲ ਕੀਤਾ ਜਾਵੇ ਅਤੇ ਜਿਹੜੀ ਮਸ਼ੀਨਰੀ ਸਹਿਕਾਰੀ ਸਭਾਵਾਂ ਅਤੇ ਖੇਤੀਬਾੜੀ ਵਿਭਾਗ ਕੋਲ ਮੌਜੂਦ ਹੈ ਉਸ ਦੀ ਮੁਰੰਮਤ ਦਾ ਕੰਮ ਤੁਰੰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਕੋਲ ਉਪਲਬੱਧ ਮਸ਼ੀਨਰੀ ਸਬੰਧੀ ਵੀ ਖੇਤੀਬਾੜੀ ਵਿਭਾਗ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਮੈਪਿੰਗ ਨੂੰ ਕਰਨਾ ਯਕੀਨੀ ਬਣਾਉਣ।
ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਕਰਨ ਨਾਲ ਹੋਣ ਵਾਲੇ ਫਾਇਦਿਆਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਨਿਰੰਤਰ ਜਾਗਰੂਕਤਾ ਕੈਂਪ ਲਗਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸਬ ਡਵੀਜ਼ਨ ਪੱਧਰ ‘ਤੇ ਲਗਾਏ ਜਾਂਦੇ ਕੈਂਪਾਂ ਵਿੱਚ ਐਸ.ਡੀ.ਐਮਜ਼ ਵੀ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਨੂੰ ਵਾਤਾਵਰਣ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਪਰਾਲੀ ਨਾਲ ਹੁੰਦੇ ਨੁਕਸਾਨ ਪ੍ਰਤੀ ਸੁਚੇਤ ਕੀਤਾ ਜਾਵੇ।
ਮੀਟਿੰਗ ਦੌਰਾਨ ਐਸ.ਡੀ.ਐਮ. ਸਮਾਣਾ ਰੀਚਾ ਗੋਇਲ, ਐਸ.ਡੀ.ਐਮ. ਪਾਤੜਾਂ ਰਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਡੀ.ਡੀ.ਪੀ.ਓ., ਪ੍ਰਦੂਸ਼ਨ ਰੋਕਥਾਮ ਬੋਰਡ ਤੋਂ ਰੋਹਿਤ ਸਿੰਗਲਾ, ਸਹਿਕਾਰੀ ਸਭਾਵਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।