ਲੌਂਗੋਵਾਲ/ਸੰਗਰੂਰ,ਜੋਗਿੰਦਰ,27-05-2023(ਪ੍ਰੈਸ ਕੀ ਤਾਕਤ)-ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ, ਸ਼ਿਕਾਇਤ ਨਿਵਾਰਨ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਲੌਂਗੋਵਾਲ ਨੇੜਲੇ ਪਿੰਡ ਲੋਹਾਖੇੜਾ ਵਿਖੇ ਕਰੀਬ 78 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ।
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਕੜੀ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਵਿਖੇ ਪੜਾਅਵਾਰ ਤਰੀਕੇ ਨਾਲ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਪਿੰਡ ਲੋਹਾਖੇੜਾ ਵਿਖੇ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੇ ਨਵੀਨੀਕਰਨ ਅਤੇ ਪੁਨਰ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਦਿਆਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦੀ ਨਿਗਰਾਨੀ ਰੱਖਣ ਅਤੇ ਕੋਈ ਵੀ ਸਮੱਸਿਆ ਪੇਸ਼ ਆਉਣ ਤੇ ਉਨ੍ਹਾਂ ਨਾਲ ਰਾਬਤਾ ਕੀਤਾ ਜਾਵੇ।
ਅਮਨ ਅਰੋੜਾ ਵੱਲੋਂ ਪਿੰਡ ਲੋਹਾਖੇੜਾ ਵਿਖੇ ਹੀ ਲਗਭਗ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਵੀ ਰੱਖਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਪ੍ਰੋਜੈਕਟ ਪਿੰਡ ਵਾਸੀਆਂ ਦੀਆਂ ਮੁਢਲੀਆਂ ਲੋੜਾਂ ਵਿਚ ਸ਼ਾਮਿਲ ਹਨ ਅਤੇ ਇਨ੍ਹਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਅਧਿਕਾਰੀਆਂ ਨੂੰ ਕੀਤੀ ਗਈ ਹੈ।
ਇਸ ਮੌਕੇ ਐਸ ਡੀ ਓ ਪੰਚਾਇਤੀ ਰਾਜ ਪ੍ਰਭਜੋਤ ਕੌਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਸਿੰਘ, ਓ ਐਸ ਡੀ ਅੰਮ੍ਰਿਤ ਸਿੱਧੂ, ਅਵਤਾਰ ਸਿੰਘ, ਜਗਸੀਰ ਸਿੰਘ ਜੱਗੀ, ਸੁੱਖ ਸਾਹੋਕੇ, ਬਲਜਿੰਦਰ ਸਿੰਘ, ਸੁਖਪਾਲ ਸਿੰਘ ਸਮਰਾ, ਸੰਦੀਪ ਜਿੰਦਲ, ਸੌਦਾਗਰ ਸਿੰਘ, ਚਮਕੌਰ ਸਿੰਘ, ਕੇਸਰ ਸਿੰਘ ਅਤੇ ਗੁਰਦੀਪ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।