ਪਟਿਆਲਾ, 27 ਅਕਤੂਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ 28 ਅਕਤੂਬਰ ਤੋਂ 3 ਨਵੰਬਰ ਤੱਕ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ, ਜਿਸ ਦੌਰਾਨ ਨਾਗਰਿਕਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਜਾਗਰੂਕ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਪਰਮਿੰਦਰ ਸਿੰਘ ਨੇ ਦੱਸਿਆ ਕਿ ਜਾਗਰੂਕਤਾ ਹਫ਼ਤੇ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਕਾਲਜਾਂ ਵਿੱਚ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 28 ਅਕਤੂਬਰ ਨੂੰ ਸਵੇਰੇ 11 ਵਜੇ ਸਰਕਾਰੀ ਬਹੁਤਕਨੀਕੀ ਕਾਲਜ ਐਸਐਸਟੀ ਨਗਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ 29 ਅਕਤੂਬਰ ਨੂੰ ਸਵੇਰੇ 11 ਵਜੇ ਅਤੇ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ 30 ਅਕਤੂਬਰ ਨੂੰ ਸਵੇਰੇ 11 ਵਜੇ ਜਾਗਰੂਕਤਾ ਸੈਮੀਨਾਰ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਉਦੇਸ਼ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਸੋਚ ਅਨੁਸਾਰ ‘ਦੇਸ਼ ਦੀ ਖੁਸ਼ਹਾਲੀ ਲਈ ਇਮਾਨਦਾਰੀ ਵਾਲੇ ਸੱਭਿਆਚਾਰ’ ਦੀ ਸਿਰਜਣਾ ਹੈ।