ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਵ੍ਹਾਈਟ ਹਾਊਸ ਨੇ ਕਿਹਾ ਕਿ ਖ਼ਾਲਿਸਤਾਨੀ ਵੱਖਵਾਦੀ ਦੀ ਹੱਤਿਆ ਵਿਚ ਭਾਰਤ ਦੀ ਸ਼ਮੂਲੀਅਤ ਦੇ ਕੈਨੇਡਾ ਦੇ ਦੋਸ਼ ‘ਗੰਭੀਰ’ ਹਨ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਲੋੜ ਹੈ। ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (ਕੇਟੀਐੱਫ) ਦੇ ਮੁਖੀ ਹਰਦੀਪ ਸਿੰਘ ਨਿੱਝਰ ਦੀ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਭਾਰਤ ਨੇ 2020 ਵਿੱਚ ਨਿੱਝਰ ਨੂੰ ਅਤਵਿਾਦੀ ਕਰਾਰ ਦਿੱਤਾ ਸੀ।
ਵ੍ਹਾਈਟ ਹਾਊਸ ਦੀ ਕੌਮੀ ਸੁਰੱਖਿਆ ਪਰਿਸ਼ਦ ਦੇ ਰਣਨੀਤਕ ਸੰਚਾਰ ਦੇ ਕੋਆਰਡੀਨੇਟਰ ਜੌਹਨ ਕਿਰਬੀ ਨੇ ਇੱਥੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਕੈਨੇਡਾ ਦੇ ਦਾਅਵਿਆਂ ‘ਤੇ ਉਦੋਂ ਚਰਚਾ ਕੀਤੀ ਗਈ ਸੀ, ਜਦੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਅਮਰੀਕੀ ਕੌਮੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਾਨ ਨੇ ਪਿਛਲੇ ਹਫਤੇ ਵਾਸ਼ਿੰਗਟਨ ਵਿੱਚ ਮੁਲਾਕਾਤ ਕੀਤੀ ਸੀ। ਅਮਰੀਕਾ ਇਸ ਮਾਮਲੇ ਨੂੰ ਦੋਵਾਂ ਦੇਸ਼ਾਂ ’ਤੇ ਛੱਡਦਾ ਹੈ ਕਿ ਉਹ ਇਸ ਬਾਰੇ ਗੱਲ ਕਰਨ। ਉਨ੍ਹਾਂ ਕਿਹਾ, ‘ਅਸੀਂ ਸਪੱਸ਼ਟ ਕਰ ਚੁੱਕੇ ਹਾਂ ਕਿ ਇਹ ਦੋਸ਼ ਗੰਭੀਰ ਹਨ, ਇਨ੍ਹਾਂ ਦੀ ਪੂਰੀ ਤਰ੍ਹਾਂ ਜਾਂਚ ਕਰਨ ਦੀ ਲੋੜ ਹੈ ਅਤੇ ਸਪੱਸ਼ਟ ਤੌਰ ‘ਤੇ ਜਵਿੇਂ ਅਸੀਂ ਪਹਿਲਾਂ ਕਿਹਾ ਹੈ ਭਾਰਤ ਨੂੰ ਇਸ ਜਾਂਚ ‘ਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦੇ ਹਾਂ।’ ਵਿਦੇਸ਼ ਵਿਭਾਗ ਦੇ ਉਪ ਬੁਲਾਰੇ ਵੇਦਾਂਤ ਪਟੇਲ ਨੇ ਵੱਖਰੇ ਤੌਰ ‘ਤੇ ਪੱਤਰਕਾਰਾਂ ਨੂੰ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਕੈਨੇਡਾ ਦੀ ਜਾਂਚ ਅੱਗੇ ਵਧੇ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।