ਮੁਹਾਲੀ, 29 ਸਤੰਬਰ
ਮੁਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ ਮਗਰੋਂ ਅੱਜ ਬਾਅਦ ਦੁਪਹਿਰ ਡਾਕਟਰਾਂ ਨੇ ਉਨ੍ਹਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਬੁੱਧਵਾਰ ਰਾਤ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਭਗਵੰਤ ਮਾਨ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਹ ਡਾਕਟਰਾਂ ਦੀ ਨਿਗਰਾਨੀ ਹੇਠ ਫੋਰਟਿਸ ਦੀ ਤੀਜੀ ਮੰਜ਼ਿਲ ’ਤੇ ਆਈਸੀਯੂ ਮੈਡੀਕਲ ਵਾਰਡ ਵਿੱਚ ਦਾਖ਼ਲ ਸਨ।
ਮੁੱਖ ਮੰਤਰੀ ਬਾਅਦ ਦੁਪਹਿਰ ਕਰੀਬ ਪੌਣੇ ਤਿੰਨ ਵਜੇ ਆਪਣੇ ਓਐੱਸਡੀ ਰਾਜਬੀਰ ਸਿੰਘ ਨਾਲ ਘਰ ਪਹੁੰਚੇ। ਹਾਲਾਂਕਿ ਡਾਕਟਰਾਂ ਨੇ ਭਗਵੰਤ ਮਾਨ ਨੂੰ ਕੁੱਝ ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਹੈ ਪਰ ਸੂਤਰ ਦੱਸਦੇ ਹਨ ਕਿ ਮੁੱਖ ਮੰਤਰੀ ਨੇ ਅੱਜ ਸ਼ਾਮ ਝੋਨੇ ਦੀ ਖ਼ਰੀਦ ਅਤੇ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਸੱਦ ਲਈ ਹੈ। ਇਸੇ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਪੀਕਰ ਕੁਲਤਾਰ ਸਿੰਘ ਸੰਸਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਸਾਬਕਾ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਵੀ ਹਸਪਤਾਲ ਵਿੱਚ ਭਗਵੰਤ ਮਾਨ ਦੀ ਖ਼ਬਰ-ਸਾਰ ਪੁੱਛੀ। ਫੋਰਟਿਸ ਹਸਪਤਾਲ ਦੇ ਕਾਰਡੀਓਲੌਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ. ਆਰ.ਕੇ. ਜਸਵਾਲ ਅਨੁਸਾਰ ਮੁੱਖ ਮੰਤਰੀ ਦਾ ਸਰੀਰ ਪੂਰੀ ਤਰ੍ਹਾਂ ਸਥਿਰ ਹੈ। ਲੈਪਟੋਸਪਾਇਰੋਸਿਸ ਲਈ ਉਨ੍ਹਾਂ ਦੇ ਖੂਨ ਦੇ ਨਮੂਨੇ ਪਾਜ਼ੇਟਿਵ ਆਏ ਹਨ। ਬੀਤੇ ਦਿਨ ਮੁੱਖ ਮੰਤਰੀ ਦੇ ਦਿਲ ਨਾਲ ਸਬੰਧਤ ਕੁਝ ਜ਼ਰੂਰੀ ਟੈੱਸਟ ਵੀ ਕੀਤੇ ਸਨ, ਜਿਨ੍ਹਾਂ ਦੀ ਰਿਪੋਰਟ ਵੀ ਸਹੀ ਆਈ ਹੈ।