ਪਟਿਆਲਾ, 27 ਸਤੰਬਰ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਪਟਿਆਲਾ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕੋਈ ਦਿੱਕਤ ਨਾ ਆਵੇ। ਉਨ੍ਹਾਂ ਨੇ ਇਸ ਮੌਕੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ।
ਪਟਿਆਲਾ ਮੰਡੀ ਵਿਖੇ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਮੰਡੀਆਂ ਵਿੱਚ ਸੁਕਾ ਕੇ ਹੀ ਨਮੀ ਦੇ ਤੈਅ ਮਾਪਦੰਡਾਂ ਮੁਤਾਬਕ ਹੀ ਲੈਕੇ ਆਉਣ ਤਾਂ ਕਿ ਉਨ੍ਹਾਂ ਨੂੰ ਵਾਪਸ ਨਾ ਜਾਣਾ ਪਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਕ ਕਿਸਾਨਾਂ ਦੀ ਸਹੂਲਤ ਲਈ ਮੋਨੀਟਰਿੰਗ ਤੇ ਕਲਸਟਰ ਅਫ਼ਸਰ ਵੀ ਤਾਇਨਾਤ ਕੀਤੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਫ਼ਸਲ ਕੱਟਣ ਉਪਰੰਤ ਪਰਾਲ ਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਤਾਂ ਕਿ ਅਸੀਂ ਆਪਣਾ ਵਾਤਾਵਰਣ ਸ਼ੁੱਧ ਰੱਖ ਸਕੀਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਮੰਡੀਆਂ ‘ਚ ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਬਾਥਰੂਮਾਂ ਦੀ ਸਫ਼ਾਈ, ਲਾਈਟਾਂ, ਪੱਖੇ, ਤਰਪਾਲਾਂ ਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਤਾਂ ਕਿ ਆਪਣੀ ਜਿਣਸ ਵੇਚਣ ਲਈ ਮੰਡੀਆਂ ਵਿਖੇ ਲੈਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਮੰਡੀਆਂ ਵਿੱਚ ਕੰਮ ਕਰਦੀ ਲੇਬਰ ਨੂੰ ਵੀ ਕੋਈ ਦਿੱਕਤ ਨਾ ਆਵੇ।
ਡਾ. ਪ੍ਰੀਤੀ ਯਾਦਵ ਨੇ ਕੁਦਰਤ ਦੀ ਮਿਹਰਬਾਨੀ ਸਦਕਾ ਜ਼ਿਲ੍ਹੇ ਵਿੱਚ ਝੋਨੇ ਦੀ ਫ਼ਸਲ ਬੰਪਰ ਹੋਵੇਗੀ ਅਤੇ ਪੂਰੇ ਸੀਜ਼ਨ ਦੌਰਾਨ 14.04 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜਿਸ ਲਈ ਬਾਰਦਾਨਾ, ਟ੍ਰਾਂਸਪੋਰਟ, ਭੰਡਾਰਨ ਸਮੇਤ ਲੋੜੀਂਦੇ ਪ੍ਰਬੰਧ ਵੀ ਮੁਕੰਮਲ ਕੀਤੇ ਗਏ ਹਨ।
ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਉਪ ਜ਼ਿਲ੍ਹਾ ਮੰਡੀ ਅਫ਼ਸਰ-ਕਮ-ਸਕੱਤਰ ਮਾਰਕੀਟ ਕਮੇਟੀ ਪ੍ਰਭਲੀਨ ਸਿੰਘ ਚੀਮਾ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਤਵਿੰਦਰ ਸਿੰਘ ਸੈਣੀ, ਦਰਬਾਰਾ ਸਿੰਘ ਜਾਹਲਾਂ, ਪ੍ਰਗਟ ਸਿਘ ਜਾਹਲਾਂ, ਨਰੇਸ਼ ਮਿੱਤਲ, ਖਰਦੁਮਨ ਰਾਏ, ਤੀਰਥ ਬਾਂਸਲ, ਰਤਨ ਗੋਇਲ ਸੁਰੇਸ਼ ਡਕਾਲਾ ਵੀ ਮੌਜੂਦ ਸਨ।