ਸਾਬਕਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2047 ਤੱਕ ਭਾਰਤ ਨੂੰ ਦੁਨੀਆਂ ਦਾ ਸਭ ਤੋਂ ਸ਼ਕਤੀਸ਼ਾਲੀ ਤੇ ਵਿਕਸਤ ਰਾਸ਼ਟਰ ਬਣਾਉਣ ਦਾ ਜੋ ਸੁਪਨਾ ਦੇਖਿਆ ਹੈ, ਉਸ ਨੂੰ ਸਾਕਾਰ ਕਰਨ ਲਈ ਹਰ ਵਿਅਕਤੀ ਨੂੰ ਆਤਮ ਨਿਰਭਰ ਤੇ ਮਜ਼ਬੂਤ ਹੋਣ ਦੀ ਲੋੜ ਹੈ। ਵਿਕਸਤ ਭਾਰਤ ਸੰਕਲਪ ਯਾਤਰਾ ਦਾ ਉਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਦੇਸ਼ ਦੇ ਨਾਲ ਸਮਾਜ ਦੇ ਹਰ ਇਕ ਵਿਅਕਤੀ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਸਾਲ 2047 ਤੱਕ ਭਾਰਤ ਨੂੰ ਮਜ਼ਬੂਤ ਤੇ ਵਿਕਸਤ ਰਾਸ਼ਟਰ ਬਣਾਉਣਾ ਹੈ। ਸਾਬਕਾ ਮੰਤਰੀ ਕ੍ਰਿਸ਼ਨ ਬੇਦੀ ਉਪ ਮੰਡਲ ਸ਼ਾਹਬਾਦ ਦੇ ਪਿੰਡ ਰਾਏਪੁਰ ਤੇ ਸੁਲੱਖਣੀ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਵਿੱਚ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਮੌਜੂਦ ਲੋਕਾਂ ਨੂੰ ਵਿਕਸਤ ਭਾਰਤ ਦੇ ਸੰਕਲਪ ਦੀ ਸਹੁੰ ਵੀ ਚੁਕਾਈ। ਇਸ ਮੌਕੇ ਉਨ੍ਹਾਂ ਨੇ ਭਾਰਤ ਸੰਕਲਪ ਕੈਂਪ ਵਿੱਚ ਲਾਏ ਸਟਾਲਾਂ ਦਾ ਅਵਲੋਕਨ ਵੀ ਕੀਤਾ ਤੇ ਪੀਐੱਮ ਉਜਵਲ ਯੋਜਨਾ, ਆਯੂਸ਼ਮਾਨ ਭਾਰਤ, ਹੈਲਥ ਕਾਰਡ, ਪ੍ਰਧਾਨ ਮੰਤਰੀ ਜੀਵਨ ਸੁਰੱਖਿਆ ਯੋਜਨਾ ਆਦਿ ਸਟਾਲਾਂ ਦਾ ਨਿਰੀਖਣ ਵੀ ਕੀਤਾ। ਸਾਬਕਾ ਮੰਤਰੀ ਬੇਦੀ ਨੇ ਕਿਹਾ,‘‘ਕਿਸਾਨ, ਯੁਵਾ, ਮਹਿਲਾ, ਬਜ਼ੁਰਗਾਂ ਸਣੇ ਸਭ ਦੇ ਸਹਿਯੋਗ ਨਾਲ ਕਦਮ ਨਾਲ ਕਦਮ ਮਿਲਾ ਕੇ ਅਸੀਂ ਪ੍ਰਧਾਨ ਮੰਤਰੀ ਦੇ ਵਿਕਸਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਾਂਗੇ।’’ ਇਸ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਦੇਸ਼ ਬਹੁਤ ਤੇਜ਼ੀ ਨਾਲ ਵਿਕਸਤ ਹੋਣ ਵੱਲ ਵਧ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜ਼ਰੂਰਤਮੰਦ ਲੋਕਾਂ ਨੂੰ ਯੋਜਨਾਵਾਂ ਦਾ ਲਾਭ ਦੇਣਾ ਲਾਜ਼ਮੀ ਕਰਨ। ਇਸ ਦੌਰਾਨ ਖੇਤੀ ਤੇ ਕਿਸਾਨ ਕਲਿਆਣ ਵਿਭਾਗ ਨੇ ਡਰੋਨ ਦਾ ਪ੍ਰਦਰਸ਼ਨ ਵੀ ਕੀਤਾ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ, ਸਰਪੰਚ ਰਵਿੰਦਰ, ਸਰਪੰਚ ਸਾਹਿਲ, ਸਰਪੰਚ ਸੁਖਬੀਰ ਮੌਜੂਦ ਸਨ।

