ਸਾਬਕਾ ਸੰਸਦ ਮੈਂਬਰ ਕੈਲਾਸ਼ੋ ਸੈਣੀ ਨੇ ਅੱਜ ਇੱਥੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ ਦੇਸ਼ ਭਰ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਕੀਤੀ ਜਾ ਰਹੀ ਹੈ। ਇਹ ਯਾਤਰਾ ਕਾਫੀ ਕਾਰਗਾਰ ਸਿੱਧ ਹੋ ਰਹੀ ਹੈ। ਸੈਣੀ ਅੱਜ ਪਿੰਡ ਰਾਵਾ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਸੁਆਗਤ ਕਰਨ ਤੋਂ ਬਾਅਦ ਪਿੰਡ ਵਾਸੀਆਂ ਨੂੰ ਸੰਬਧਨ ਕਰ ਰਹੇ ਸਨ। ਇਸ ਦੌਰਾਨ ਕੈਲਾਸ਼ੋ ਸੈਣੀ ਨੇ ਕਿਹਾ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਜਨ ਸੰਵਾਦ ਦਾ ਉਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਜਨ ਕਲਿਆਣਕਾਰੀ ਯੋਜਨਾਵਾਂ ਦੇ ਲਾਭ ਨੂੰ ਲਾਭਪਾਤਰੀਆਂ ਲਈ ਲਾਜ਼ਮੀ ਕਰਨਾ ਹੈ। ਇਨ੍ਹਾਂ ਯੋਜਨਾਵਾਂ ਦਾ ਲਾਭ ਹਰ ਵਿਅਕਤੀ ਨੂੰ ਮਿਲਣਾ ਚਾਹੀਦਾ ਹੈ। ਇਸ ਤੋਂ ਕੋਈ ਵਾਂਝਾ ਨਹੀਂ ਰਹਿਣਾ ਚਾਹੀਦਾ। ਪ੍ਰਧਾਨ ਮੰਤਰੀ ਨੇ ਸੰਕਲਪ ਲਿਆ ਸੀ ਕਿ ਜਦੋਂ ਭਾਰਤ ਆਜ਼ਾਦੀ ਦੇ 100 ਸਾਲ ਪੂਰੇ ਕਰੇਗਾ ਉਦੋਂ ਦੇਸ਼ ਇੱਕ ਵਿਕਸਤ ਰਾਸ਼ਟਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਯੋਜਨਾਵਾਂ ਦੇ ਸਰਲੀਕਰਨ ਲਈ ਵਚਨਬੱਧ ਹੈ। ਸਾਬਕਾ ਸੰਸਦ ਮੈਂਬਰ ਨੇ ਦੇਸ਼ ਨੂੰ 2047 ਤਕ ਆਤਮ ਨਿਰਭਰ ਤੇ ਵਿਕਸਿਤ ਰਾਸ਼ਟਰ ਬਣਾਉਣ ਵਿੱਚ ਯੋਗਦਾਨ ਪਾਉਣ ਲਈ ਸਹੁੰ ਚੁਕਾਈ। ਇਸ ਤੋਂ ਇਲਾਵਾ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਲਾਏ ਗਏ ਸਟਾਲਾਂ ਦਾ ਨਿਰੀਖਣ ਕੀਤਾ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਦੇ ਤੁਰੰਤ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਹਰ ਵਰਗ ਦੀ ਸਰਕਾਰ ਹੈ। ਭਾਜਪਾ ਦੇ ਕਾਰਜਕਾਲ ਦੌਰਾਨ ਹਰ ਵਰਗ ਖ਼ੁਸ਼ ਹੈ। ਿਕਸੇ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਜੇ ਕਿਸੇ ਨੂੰ ਪ੍ਰੇਸ਼ਾਨੀ ਆ ਵੀ ਰਹੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰ ਦੀਆਂ ਯੋਜਨਾਵਾਂ ਜਿਵੇਂ ਆਯੂਸ਼ਮਾਨ ਭਾਰਤ, ਹਰ ਘਰ ਨਲ ਤੋਂ ਜਲ, ਚਿਰਾਯੂ ਕਾਰਡ, ਜਨ ਧਨ ਖਾਤਾ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ, ਫਸਲ ਬੀਮਾ ਯੋਜਨ, ਆਵਾਸ ਯੋਜਨਾ, ਸਵੱਛ ਭਾਰਤ ਜਿਹੀਆਂ ਕਈ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਰਾਕੇਸ਼ ਕੁਮਾਰ ਸਰਪੰਚ ਰਾਵਾ, ਗਰਾਮ ਸਕੱਤਰ ਰਵਿੰਦਰ ਕੁਮਾਰ, ਗ੍ਰਾਮ ਸਕੱਤਰ ਪਰਮਜੀਤ ਸਿੰਘ ਸਾਗਰ, ਬਲਬੀਰ ਸਿੰਘ ਸੈਣੀ ਤੇ ਹੋਰ ਹਾਜ਼ਰ ਸਨ।

