ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਮੌਕੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ ਅਤੇ ਸਰੋਵਰ ’ਚ ਆਸਥਾ ਦੀ ਡੁੱਬਕੀ ਲਗਾਈ। ਇਸ ਮੌਕੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ।
ਸ਼ਹੀਦੀ ਗੁਰਪੁਰਬ ਮੌਕੇ ਕਰਵਾਏ ਧਾਰਮਿਕ ਦੀਵਾਨਾਂ ਵਿੱਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿਗ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਬੀਬੀ ਹਰਦੀਪ ਕੌਰ ਖੋਖ ਤੇ ਸਤਵਿੰਦਰ ਟੌਹੜਾ ਪੁੱਜੇ ਹੋਏ ਸਨ। ਦੀਵਾਨਾਂ ਵਿਚ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰੂ ਸਾਹਿਬ ਦੀ ਸ਼ਹੀਦੀ ਨੂੰ ਸਮਰਪਿਤ ਗੁਰਬਾਣੀ ਇਤਿਹਾਸ ਨਾਲ ਸੰਗਤਾਂ ਨੂੰ ਜੋੜਨ ਦਾ ਉਪਰਾਲਾ ਕੀਤਾ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦੁਨੀਆ ਵਿੱਚ ਇਤਿਹਾਸ ਅੰਦਰ ਨੌਵੇਂ ਪਾਤਸ਼ਾਹ ਨੇ ਆਪਣਾ ਬਲਿਦਾਨ ਦੂਜੇ ਧਰਮ ਲਈ ਦਿੱਤਾ। ਗੁਰਮਤਿ ਸਮਾਗਮ ਦੌਰਾਨ ਕਵੀ ਦਰਬਾਰ ਵੀ ਕਰਵਾਇਆ ਗਿਆ। ਇਸ ਮੌਕੇ 24 ਅਭਿਲਾਖੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਉਨ੍ਹਾ ਨੂੰ ਰਹਿਤ ਮਰਿਆਦਾ ਵਿਚ ਰਹਿਣ ਅਤੇ ਨਾਮ ਸਿਮਰਨ ਨੂੰ ਆਪਣੇ ਜੀਵਨ ਵਿਚ ਲੜ ਲੱਗਣ ਲਈ ਪ੍ਰੇਰਿਆ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਇੱਥੋਂ ਨੇੜਲੇ ਪਿੰਡ ਸਕਰੌਦੀ ਦੇ ਗੁਰਦੁਆਰਾ ਨਾਨਕਸਰ ਸਾਹਿਬ ਵੱਲੋਂ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਕੀਰਤਨੀ ਅਤੇ ਕਵੀਸ਼ਰੀ ਜਥਿਆਂ ਵੱਲ਼ੋਂ ਸਿੱਖ ਇਤਿਹਾਸ ਸਬੰਧੀ ਪ੍ਰਚਾਰ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮੋਹਨ ਸਿੰਘ, ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਮਨੇਜਰ ਰਜਿੰਦਰ ਸਿੰਘ ਆਦਿ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ।
ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਗੁਰੂ ਤੇਗ ਬਹਾਦਰ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ 13ਵਾਂ ਨਗਰ ਕੀਰਤਨ ਸਜਾਇਆ ਗਿਆ ਜਿਸ ਦਾ ਅੱਜ ਸਵੇਰੇ ਸ਼ਾਹਬਾਦ ਪੁੱਜਣ ’ਤੇ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ ਕੀਤਾ ਗਿਆ।
ਸੀਸ ਮਾਰਗ ਯਾਤਰਾ ਦੀ ਅਗਵਾਈ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰੇ ਕਰ ਰਹੇ ਸਨ। ਗੁਰੂ ਗ੍ਰੰਥ ਸਾਹਿਬ ਨੂੰ ਸੁੰਦਰ ਫੁੱਲਾਂ ਦੀ ਪਾਲਕੀ ਵਾਲੀ ਬੱਸ ’ਚ ਸ਼ੁਸ਼ੋਭਿਤ ਕੀਤਾ ਗਿਆ। ਵਿਧਾਇਕ ਰਾਮ ਕਰਨ ਕਾਲਾ ਤੇ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਦੀ ਸੰਗਤ ਵੱਲੋਂ ਸੀਸ ਮਾਰਗ ਯਾਤਰਾ ਦਾ ਸਵਾਗਤ ਕੀਤਾ ਗਿਆ।