ਪਟਿਆਲਾ, 29 ਅਗਸਤ:
ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਨੇ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਨਾਲ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਨਿਰੀਖਣ ਕੀਤਾ। ਇਸ ਨਿਰੀਖਣ ਦੌਰਾਨ ਮੈਡਮ ਰੁਪਿੰਦਰਜੀਤ ਚਾਹਲ ਨੇ ਖੁਦ ਜੇਲ੍ਹਾਂ ਦੀਆਂ ਬੈਰਕਾਂ ਦਾ ਦੌਰਾ ਕੀਤਾ। ਕੈਦੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੇ ਯਤਨ ਵਿੱਚ, ਮਾਣਯੋਗ ਜੱਜ ਨੇ ਉਨ੍ਹਾਂ ਨਾਲ ਸਾਰਥਕ ਗੱਲਬਾਤ ਕੀਤੀ। ਜੇਲ੍ਹ ਸੁਪਰਡੈਂਟਾਂ ਦੇ ਨਾਲ-ਨਾਲ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਅਤੇ ਕੈਦੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਤੇ ਜ਼ੋਰ ਦਿੱਤਾ ਗਿਆ। ਕੈਦੀਆਂ ਲਈ ਢੁਕਵੀਂ ਸਿਹਤ ਅਤੇ ਡਾਕਟਰੀ ਸਹੂਲਤਾਂ ਨੂੰ ਯਕੀਨੀ ਬਣਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਇਸ ਮੌਕੇ ਮੈਡਮ ਮਾਨੀ ਅਰੋੜਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਕੈਦੀਆਂ ਨੂੰ ਪਲੀਅ ਬਾਰਗੇਨਿੰਗ, ਜੁਵੇਨਾਈਲ ਜਸਟਿਸ ਐਕਟ ਦੀਆਂ ਮੁੱਖ ਧਾਰਾਵਾਂ, ਗਰੀਬ ਕੈਦੀਆਂ ਲਈ ਸਕੀਮ, ਨਸ਼ਿਆਂ ਦੀ ਦੁਰਵਰਤੋਂ, ਮੁਫ਼ਤ ਕਾਨੂੰਨੀ ਸੇਵਾਵਾਂ, ਦੋਸ਼ੀ ਨੂੰ ਪੈਰੋਲ ਲਈ ਅਰਜ਼ੀ ਦਾਇਰ ਕਰਨ ਦੇ ਅਧਿਕਾਰ, ਸੀਓਸੀਪੀ-2020-2022 (ਓ ਐਂਡ ਐਮ) ਪਵਨ ਕੁਮਾਰ ਬਨਾਮ ਡੀਕੇ ਤਿਵਾੜੀ ਅਤੇ ਹੋਰ ਵਿੱਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਦੋਸ਼ੀਆਂ ਲਈ ਮੁਆਫ਼ੀ ਦੇ ਅਧਿਕਾਰ ਅਤੇ ਉਮਰ ਕੈਦੀਆਂ ਲਈ ਅੰਤਰਿਮ ਜ਼ਮਾਨਤ ਬਾਰੇ ਜਾਗਰੂਕ ਕੀਤਾ।
ਉਨ੍ਹਾਂ ਨੂੰ ਨਾਲਸਾ ਹੈਲਪ ਲਾਈਨ 15100 ਨੰਬਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਫ਼ੋਨ ਨੰਬਰ 0175-2306500 ਬਾਰੇ ਵੀ ਜਾਗਰੂਕ ਕੀਤਾ ਗਿਆ।