ਪਟਿਆਲਾ 5 ਸਤੰਬਰ:
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ: ਹਰਜਿੰਦਰ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਲਾਹਕਾਰ ਕਮੇਟੀ ਪਟਿਆਲਾ ਦੀ ਮੀਟਿੰਗ ਲੀਡ ਜ਼ਿਲ੍ਹਾ ਮੈਨੇਜਰ ਰਾਜੀਵ ਸਰਹਿੰਦੀ ਅਤੇ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਅਧਿਕਾਰੀ ਗਰਿਮਾ ਬੱਸੀ ਵੱਲੋਂ ਕਰਵਾਈ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਿੰਗ ਅਧਿਕਾਰੀਆਂ ਨੂੰ ਕਰਜ਼ੇ ਦੇ ਲੰਬਿਤ ਪਏ ਕੇਸਾਂ ਦਾ ਇੱਕ ਹਫ਼ਤੇ ‘ਚ ਨਿਪਟਾਰਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜਿਹੜੇ ਕੇਸਾਂ ‘ਚ ਕੋਈ ਕਈ ਹੈ, ਉਨ੍ਹਾਂ ਦਾ ਕਾਰਨ ਸਪਸ਼ਟ ਤੌਰ ‘ਤੇ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਬੈਂਕ ਆਪਣੇ ਖਪਤਕਾਰਾਂ ਨੂੰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਸਮੇਂ ਸੰਵੇਦਨਸ਼ੀਲ ਰਵੱਈਆ ਅਪਣਾਉਣ। ਉਨ੍ਹਾਂ ਕਿਹਾ ਕਿ ਆਰ.ਬੀ.ਆਈ. ਵੱਲੋਂ ਕਰਵਾਏ ਜਾ ਰਹੇ ਕੁਇਜ਼ ਸਬੰਧੀ ਵੀ ਪਟਿਆਲਾ ਜ਼ਿਲ੍ਹੇ ਦੇ ਕਾਲਜਾਂ ‘ਚ ਪੜਦੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਜਾਵੇ ਅਤੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਵੀ ਕਰਵਾਈ ਜਾਵੇ।
ਇਸ ਮੌਕੇ ਗਰਿਮਾ ਬੱਸੀ ਨੇ ਆਰ.ਬੀ.ਆਈ. ਵੱਲੋਂ ਕਰਵਾਏ ਜਾ ਰਹੇ ਕੁਇਜ਼ ਸਬੰਧੀ ਵਿਸਥਾਰ ‘ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੁਇਜ਼ ਵਿੱਚ ਗ੍ਰੈਜੂਏਸ਼ਨ ਪੱਧਰ ਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ ਅਤੇ ਇਸ ਲਈ ਅਪਲਾਈ ਕਰਨ ਦੀ ਆਖਰੀ ਮਿਤੀ 17 ਸਤੰਬਰ 2024 ਹੈ। ਉਨ੍ਹਾਂ ਦੱਸਿਆ ਕਿ ਕੁਇਜ਼ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਆਰ.ਬੀ.ਆਈ ਵੱਲੋਂ 10 ਲੱਖ ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕੁਇਜ਼ ਸਬੰਧੀ ਜਾਣਕਾਰੀ ਦੇਣ ਲਈ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਵਿਦਿਆਰਥੀਆਂ ਤੱਕ ਪਹੁੰਚ ਬਣਾਉਣ ਲਈ ਕਿਹਾ। ਉਨ੍ਹਾਂ ਆਰ.ਬੀ.ਆਈ ਦੇ ਨਿਯਮਾਂ ਅਨੁਸਾਰ ਬੈਂਕਾਂ ਨੂੰ ਡਿਜੀਟਲ ਸਾਖਰਤਾ ਕੈਂਪ ਲਗਾਉਣ ਦੀ ਹਦਾਇਤ ਵੀ ਕੀਤੀ ।
ਲੀਡ ਜ਼ਿਲ੍ਹਾ ਮੈਨੇਜਰ ਰਾਜੀਵ ਸਰਹਿੰਦੀ ਵੱਲੋਂ ਜ਼ਿਲ੍ਹਾ ਉਦਯੋਗ ਨਿਗਮ, ਐਸ ਸੀ/ਐਸ ਟੀ ਕਾਰਪੋਰੇਸ਼ਨ, ਨਗਰ ਨਿਗਮ, ਖੇਤੀਬਾੜੀ ਵਿਭਾਗ ਅਤੇ ਮੱਛੀ ਪਾਲਣ ਵਿਭਾਗ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ, ਐਨ ਆਰ ਐਲ.ਐਮ, ਡੇ-ਐਨ ਯੂ ਐਲ ਐਮ, ਸਮਾਜਿਕ ਸੁਰੱਖਿਆ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਚੱਲ ਰਹੇ ਬੈਂਕਾਂ ਵਿੱਚ ਸਕੀਮਾਂ ਨੂੰ ਲਾਗੂ ਕਰਨ ਹਿੱਤ ਚਰਚਾ ਕੀਤੀ ਗਈ ।
ਇਸ ਮੌਕੇ ਡੀ.ਐਸ.ਪੀ. ਸੁਖਦੇਵ ਸਿੰਘ ਨੇ ਬੈਂਕਾਂ ਅਤੇ ਏ.ਟੀ.ਐਮਜ਼ ਦੀ ਸੁਰੱਖਿਆ ਸਮੇਤ ਡਿਜੀਟਲ ਫਰਾਡ ਦੀ ਰੋਕਥਾਮ ਸਬੰਧੀ ਪੁਲਿਸ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬੈਂਕ ਸੀ.ਸੀ.ਟੀ.ਵੀ ਕੈਮਰੇ ਦੀ ਨਿਰੰਤਰ ਜਾਂਚ ਕਰਵਾਉਣ ਅਤੇ ਸਰਦੀਆਂ ਦੇ ਮੌਸਮ ਵਿੱਚ ਧੁੰਦ ਸਮੇਂ ਏ.ਟੀ.ਐਮ. ਚੋਰੀ ਦੀਆਂ ਘਟਨਾਵਾਂ ਦਾ ਖ਼ਦਸ਼ਾ ਵੱਧ ਜਾਂਦਾ ਹੈ, ਇਸ ਲਈ ਬੈਂਕਾਂ ਏ.ਟੀ.ਐਮ. ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕਰਨ। ਉਨ੍ਹਾਂ ਦੱਸਿਆ ਕਿ ਪੁਲਿਸ ਡਿਜੀਟਲ ਧੋਖਾਧੜੀ ਤੋਂ ਲੋਕਾਂ ਨੂੰ ਬਣਾਉਣ ਲਈ ਪੁਖ਼ਤਾ ਕਦਮ ਚੁੱਕ ਰਹੀ ਹੈ ਅਤੇ ਪੁਲਿਸ ਵਿਭਾਗ ਵੱਲੋਂ ਡਿਜੀਟਲ ਧੋਖਾਧੜੀ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਹੈਲਪ ਲਾਈਨ ਵੀ ਬਣਾਈ ਜਾ ਰਹੀ ਹੈ।
ਮੀਟਿੰਗ ਵਿੱਚ ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਡੀ.ਐਸ.ਐਸ.ਓ ਜੋਬਨਪ੍ਰੀਤ ਕੌਰ ਚੀਮਾ ਸਮੇਤ ਪਟਿਆਲਾ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਹਾਜਰ ਸਨ। ਉਨ੍ਹਾਂ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਮੂਹ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਪੂਰਾ ਸਹਿਯੋਗ ਦੇਣ ਲਈ ਭਰੋਸਾ ਦਵਾਇਆ ਗਿਆ ।