ਪਟਿਆਲਾ, 12 ਜੁਲਾਈ:
ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ, ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ, ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਸਰਪ੍ਰਸਤੀ ਹੇਠ ‘ਪੰਜਾਬੀ ਮਾਂ-ਬੋਲੀ’ ਨੂੰ ਬਣਦਾ ਸਤਿਕਾਰ ਦੇਣ ਲਈ ਚਲਾਈ ਗਈ ਮੁਹਿੰਮ ਤਹਿਤ ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਸਹਿਯੋਗ ਨਾਲ ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਡਾ. ਮਨਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਮਲਟੀਪਰਪਜ਼ ਸਕੂਲ, ਪਟਿਆਲਾ ਵਿਖੇ ਸਕੂਲ ਮੁਖੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਸਬੰਧੀ ਭਾਸ਼ਾ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਗਤੀਵਿਧੀਆਂ ਅਤੇ ਸਮਾਗਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸਕੂਲ ਮੁਖੀਆਂ ਨੂੰ ਭਾਸ਼ਾ ਵਿਭਾਗ ਨਾਲ ਰਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਸਕੂਲ ਮੁਖੀਆਂ ਨੂੰ ‘ਰਾਜ ਭਾਸ਼ਾ ਐਕਟ’ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਆਪਣੇ ਕਲੱਸਟਰ ਅਧੀਨ ਆਉਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਦੇ ਬੋਰਡ ਪੰਜਾਬੀ ਵਿੱਚ ਲਿਖਵਾਉਣ ਸਬੰਧੀ ਉਨ੍ਹਾਂ ਨਾਲ ਰਾਬਤਾ ਕਰਨ ਲਈ ਕਿਹਾ।
ਇਸ ਤੋਂ ਇਲਾਵਾ ਉਨ੍ਹਾਂ ਨੇ ਭਾਸ਼ਾ ਵਿਭਾਗ ਵੱਲੋਂ ਇਸ ਸਾਲ ਕਰਵਾਏ ਜਾ ਰਹੇ ‘ਕੁਇਜ਼’ ਅਤੇ ‘ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ’ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਲਈ ਕਿਹਾ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਸਾਹਿਤ ਪ੍ਰਤੀ ਲਿਖਣ, ਬੋਲਣ ਅਤੇ ਗਾਇਨ ਸ਼ੈਲੀਆਂ ਵਿੱਚ ਆਪਣੀ ਪ੍ਰਤਿਭਾ ਨੂੰ ਪੂਰੀ ਦੁਨੀਆ ਅੱਗੇ ਪੇਸ਼ ਕਰ ਸਕਣ। ਇਸੇ ਤਰ੍ਹਾਂ ਉਨ੍ਹਾਂ ਵੱਲੋਂ ਭਾਸ਼ਾ ਵਿਭਾਗ ਦੁਆਰਾ ਵੱਖ-ਵੱਖ ਸੀਨੀਅਰ ਸੈਕੰਡਰੀ ਸਕੂਲਾਂ ਅੰਦਰ ਗਿਆਰਵੀਂ ਅਤੇ ਬਾਰ੍ਹਵੀਂ ਕਲਾਸਾਂ ਦੇ ਵਿਦਿਆਰਥੀਆਂ ਦੇ ਬਣਾਏ ਗਏ ‘ਭਾਸ਼ਾ ਮੰਚਾਂ’ ਨੂੰ ਪੁਨਰਗਠਿਤ ਕਰਨ ਦੀ ਗੱਲ ਕੀਤੀ ਤਾਂ ਜੋ ਇਨ੍ਹਾਂ ਮੰਚਾਂ ਰਾਹੀਂ ਵੱਧ ਤੋਂ ਵੱਧ ਅਧਿਆਪਕ ਅਤੇ ਵਿਦਿਆਰਥੀ ਭਾਸ਼ਾ ਵਿਭਾਗ ਦੀਆਂ ਗਤੀਵਿਧੀਆਂ ਨਾਲ ਜੁੜ ਸਕਣ।
ਇਸ ਦੌਰਾਨ ਸ਼੍ਰੀ ਸੰਜੀਵ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਡਾ. ਰਵਿੰਦਰਪਾਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵੀ ਸੰਬੋਧਨ ਕੀਤਾ ਅਤੇ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਭਾਸ਼ਾ ਵਿਭਾਗ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।