ਯੂਨੀਵਰਸਿਟੀ ਵਿਚਲੀਆਂ ਘਾਟਾਂ ਜਲਦੀ ਦੂਰ ਕੀਤੀਆਂ ਜਾਣਗੀਆਂ: ਡਾ. ਸੂਦ
ਫ਼ਰੀਦਕੋਟ, 17 ਜੁਲਾਈ (ਪ੍ਰੈਸ ਕਿ ਤਾਕਤ ਬਿਊਰੋ)
ਡਾ. ਰਾਜੀਵ ਸੂਦ ਨੇ ਅੱਜ ਇੱਥੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਦੇ ਵਾਈਸ ਚਾਂਲਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਡਾ. ਸੂਦ ਨੂੰ ਇੱਕ ਮਹੀਨਾ ਪਹਿਲਾਂ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਸੀ। ਡਾ. ਸੂਦ 40 ਸਾਲ ਤੱਕ ਰਾਮ ਮਨੋਹਰ ਲੋਹੀਆ ਹਸਪਤਾਲ ਨਵੀਂ ਦਿੱਲੀ ਵਿੱਚ ਨਿਊਰੋ ਸਰਜਨ ਵਜੋਂ ਸੇਵਾਵਾਂ ਦੇ ਚੁੱਕੇ ਹਨ। ਅਹੁਦਾ ਸੰਭਾਲਣ ਤੋਂ ਬਾਅਦ ਡਾ. ਸੂਦ ਨੇ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਨੂੰ ਉੱਤਰੀ ਭਾਰਤ ’ਚ ਸਭ ਤੋਂ ਵਧੀਆ ਬਣਾਉਣ ਲਈ ਉਹ ਦਿਨ ਰਾਤ ਮਿਹਨਤ ਕਰਨਗੇ ਅਤੇ ਅਗਲੇ ਦੋ ਮਹੀਨਿਆਂ ਵਿੱਚ ਯੂਨੀਵਰਸਿਟੀ ਵਿਚਲੀਆਂ ਸਾਰੀਆਂ ਘਾਟਾਂ ਦੂਰ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਵਿਵਾਦ ਤੋਂ ਬਾਅਦ ਡਾ. ਰਾਜ ਬਹਾਦਰ ਨੇ ਵਾਈਸ ਚਾਂਸਲਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਜਿਸ ਨੂੰ ਪੰਜਾਬ ਸਰਕਾਰ ਨੇ ਮਨਜ਼ੂਰ ਕਰ ਲਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਦਰ ਦਾ ਨਾਂ ਵਾਈਸ ਚਾਂਸਲਰ ਵਜੋਂ ਭੇਜਿਆ ਸੀ ਜਿਸ ਨੂੰ ਪੰਜਾਬ ਦੇ ਰਾਜਪਾਲ ਨੇ ਨਾ-ਮਨਜ਼ੂਰ ਕਰ ਦਿੱਤਾ ਸੀ। ਉਸ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜ ਡਾਕਟਰਾਂ ਦਾ ਪੈਨਲ ਭੇਜਿਆ ਸੀ ਜਿਸ ਵਿੱਚੋਂ ਡਾ. ਰਾਜੀਵ ਸੂਦ ਨੂੰ ਯੂਨੀਵਰਸਿਟੀ ਦਾ ਚਾਂਸਲਰ ਚੁਣਿਆ ਗਿਆ।