ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਦਰ ਦੌਰੇ ਨਾਲ ਸਬੰਧਤ ‘ਲਿਫਾਫਾ’ ਟਿੱਪਣੀ ਲਈ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਅੱਜ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਨੇ ਕਾਂਗਰਸੀ ਆਗੂ ਨੂੰ ਨੋਟਿਸ ਦਾ ਜਵਾਬ 30 ਅਕਤੂਬਰ ਸ਼ਾਮ ਤੱਕ ਦੇਣ ਲਈ ਕਿਹਾ ਹੈ। ਭਾਜਪਾ ਨੇ ਪ੍ਰਿਯੰਕਾ ਗਾਂਧੀ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ ਜਿਸ ਤੋਂ ਇਕ ਦਿਨ ਬਾਅਦ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਹੈ। ਭਾਜਪਾ ਨੇ ਬੁੱਧਵਾਰ ਨੂੰ ਪ੍ਰਿਯੰਕਾ ਗਾਂਧੀ ’ਤੇ ਰਾਜਸਥਾਨ ਵਿੱਚ ਪ੍ਰਚਾਰ ਦੌਰਾਨ ਝੂਠੇ ਦਾਅਵੇ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਿੱਜੀ ਧਾਰਮਿਕ ਆਸਥਾ ਦਾ ਜ਼ਿਕਰ ਕਰਨ ਦਾ ਦੋਸ਼ ਲਾਇਆ ਸੀ ਅਤੇ ਚੋਣ ਕਮਿਸ਼ਨ ਨੂੰ ਕਾਂਗਰਸੀ ਆਗੂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ।