<h1>ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ 'ਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ ਨੂੰ ਉਤਸ਼ਾਹਿਤ ਲਈ ਵਚਨਬੱਧ ਹੈ। ਇਸ ਤਹਿਤ ਖੇਤੀਬਾੜੀ ਵਿਭਾਗ ਸੂਬੇ ਦੇ ਕਿਸਾਨਾਂ ਨੂੰ ਰਿਆਇਤੀ ਦਰਾਂ ’ਤੇ ਅਤਿ-ਆਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਦੀ ਪਹਿਲ ਕਦਮੀ ਨੂੰ ਹੁਲਾਰਾ ਦੇਣ ਲਈ ਰਣਨੀਤੀ ’ਤੇ ਕੰਮ ਕਰ ਰਿਹਾ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਵਿਭਾਗ ਵਲੋਂ ਸਬ ਮਿਸ਼ਨ ਆਨ ਐਗਰੀਕਲਚਰਲ ਮਕੈਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਕਿਸਾਨਾਂ ਤੋਂ ਵੱਖ-ਵੱਖ ਖੇਤੀ ਮਸ਼ੀਨਰੀ ’ਤੇ ਸਬਸਿਡੀ ਦਾ ਲਾਭ ਲੈਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।</h1> <h1>ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਵਿਭਾਗ ਦੇ ਪੋਰਟਲ ’ਤੇ 20 ਜੁਲਾਈ, 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਹ ਸਬਸਿਡੀ ਪੈਡੀ ਟਰਾਂਸਪਲਾਂਟਰਜ਼, ਡੀ. ਐੱਸ. ਆਰ. ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ. ਟੀ. ਓ. ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ’ਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ 20 ਜੁਲਾਈ, 2023 ਤੱਕ ਅਪਲਾਈ ਕਰਨ ਦੀ ਅਪੀਲ ਕੀਤੀ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਪਹਿਲ ਕਦਮੀ ਨਾਲ ਕਿਸਾਨਾਂ ਦੇ ਖੇਤੀ ਖ਼ਰਚੇ ਘਟਣਗੇ ਅਤੇ ਮਸ਼ੀਨ ਆਧਾਰਿਤ ਖੇਤੀ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ 'ਚ ਵਾਧਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀ ਸੈਕਟਰ 'ਚ ਪਾਣੀ ਦੀ ਬੱਚਤ ਸਬੰਧੀ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐੱਮ. ਐੱਸ. ਐੱਮ. ਈਜ਼ ਨੂੰ ਉਤਸ਼ਾਹਿਤ ਕਰਨ 'ਚ ਵੀ ਕਾਫ਼ੀ ਮਦਦ ਮਿਲੇਗੀ।</h1>