No Result
View All Result
Monday, June 15, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

*’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ*

admin by admin
in BREAKING, COVER STORY, DELHI, HARYANA, Himachal, INDIA, National, POLITICS, PUNJAB, RAJASTHAN, WORLD
0
*’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ*
0
SHARES
0
VIEWS
Share on FacebookShare on Twitter

 

*ਮੇਰੀ ਸਰਕਾਰ ਨੇ 67,037 ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਹਨ; ਪੰਜਾਬ ਵਿੱਚ ਪਹਿਲੀ ਵਾਰ ਭਰਤੀਆਂ ਪੂਰੀ ਪਾਰਦਰਸ਼ਤਾ ਅਤੇ ਬਿਨਾਂ ਸਿਫਾਰਸ਼ ਦੇ ਹੋ ਰਹੀਆਂ ਹਨ, ਹੁਣ ਨੌਕਰੀ ਲਈ ਬੋਲੀਆਂ ਨਹੀਂ ਲੱਗਦੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਦੇਸ਼ ਵਿੱਚ ਜਿੱਥੇ ਨੀਟ ਵਰਗੇ ਪੇਪਰ ਲੀਕ ਹੋ ਰਹੇ ਹਨ, ਉਥੇ ਪੰਜਾਬ ਇਮਾਨਦਾਰ ਅਤੇ ਪਾਰਦਰਸ਼ੀ ਭਰਤੀ ਨੂੰ ਯਕੀਨੀ ਬਣਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਜਿੱਥੇ 2017 ਤੋਂ ਦੇਸ਼ ਭਰ ਵਿੱਚ 93 ਪੇਪਰ ਲੀਕ ਹੋਏ, ਉਥੇ 2022 ਤੋਂ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਅਸੀਂ ਠੇਕਾ ਅਧਾਰਤ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਕੇ 65,000 ਠੇਕਾ ਕਰਮਚਾਰੀਆਂ ਲਈ ਰੈਗੂਲਰ ਹੋਣ ਦਾ ਰਾਹ ਖੋਲ੍ਹਿਆ;: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਨੌਜਵਾਵਾਂ ਦੇ ਪ੍ਰਵਾਸ ਨੂੰ ਪੁੱਠਾ ਗੇੜ ਪਿਆ; ਸੂਬੇ ਵਿੱਚ ਆਪਣਾ ਭਵਿੱਖ ਬਣਾਉਣ ਲਈ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਤੋਂ ਵਾਪਸ ਆ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਆਪ ਸਰਕਾਰ ਨੌਜਵਾਨਾਂ ਦੇ ਪ੍ਰਵਾਸ ਨੂੰ ਰੋਕਣ ਅਤੇ ਪੰਜਾਬ ਵਿੱਚ ਹੀ ਤਰੱਕੀ ਦੇ ਮੌਕੇ ਦੇਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਅਸੀਂ 25 ਨਵੀਆਂ ਆਈ.ਟੀ.ਆਈਜ਼. ਬਣਾਉਣ ਦੇ ਨਾਲ-ਨਾਲ 13 ਮੌਜੂਦਾ ਆਈ.ਟੀ.ਆਈਜ਼. ਨੂੰ ਅਪਗ੍ਰੇਡ ਕਰ ਰਹੇ ਹਾਂ; ਇਸ ਕਦਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਭਵਿੱਖ ਲਈ ਤਿਆਰ ਕਰਨਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ; 8 ਜੂਨ 2026: (Press Ki Taquat Bureau)
ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037 ਹੋ ਗਈ ਹੈ। ਇਸ ਪ੍ਰਾਪਤੀ ਨੂੰ ਪੰਜਾਬ ਵਿੱਚ ਨਵੀਂ ਭਰਤੀ ਵਿਵਸਥਾ ਦਾ ਪ੍ਰਤੱਖ ਪ੍ਰਮਾਣ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ, ਪਾਰਦਰਸ਼ਤਾ ਅਤੇ ਨਿਰਪੱਖ ਮੁਕਾਬਲੇ ਦੇ ਆਧਾਰ ‘ਤੇ ਬਿਨਾਂ ਕਿਸੇ ਸਿਫਾਰਸ਼, ਰਾਜਨੀਤਿਕ ਪ੍ਰਭਾਵ ਜਾਂ ਭ੍ਰਿਸ਼ਟਾਚਾਰ ਦੇ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੀਟ ਵਰਗੀਆਂ ਪੇਪਰ ਲੀਕ ਦੀਆਂ ਘਟਨਾਵਾਂ ਨੇ ਦੇਸ਼ ਭਰ ਦੇ ਨੌਜਵਾਨਾਂ ਦੇ ਵਿਸ਼ਵਾਸ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ 2017 ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਵਿੱਚ 93 ਪੇਪਰ ਲੀਕ ਹੋਣ ਦੀਆਂ ਰਿਪੋਰਟਾਂ ਹਨ। ਉਨ੍ਹਾਂ ਕਿਹਾ ਕਿ ਇਸਦੇ ਉਲਟ ਪੰਜਾਬ ਵੱਲ ਝਾਤ ਮਾਰੀਏ ਤਾਂ ਸਾਲ 2022 ਤੋਂ ਇੱਕ ਵੀ ਪੇਪਰ ਲੀਕ ਹੋਣ ਦਾ ਮਾਮਲਾ ਸਾਹਮਣੇ ਨਹੀਂ ਆਇਆ।

ਨੌਜਵਾਨਾਂ ਦੇ ਸਸ਼ਕਤੀਕਰਨ ਲਈ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਾ ਸਿਰਫ਼ ਨੌਕਰੀਆਂ ਪੈਦਾ ਕਰ ਰਿਹਾ ਹੈ ਬਲਕਿ ਅਜਿਹੇ ਮੌਕੇ ਵੀ ਪੈਦਾ ਕਰ ਰਿਹਾ ਹੈ ਜੋ ਨੌਜਵਾਨਾਂ ਨੂੰ ਆਪਣੇ ਸੂਬੇ ਵਿੱਚ ਰਹਿਣ, ਅੱਗੇ ਵਧਣ ਅਤੇ ਸਫਲ ਹੋਣ ਲਈ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਨੇ ਹੁਨਰਮੰਦ ਨੌਜਵਾਨਾਂ ਦੀ ਹਿਜਰਤ ਦੇ ਰੁਝਾਨ ਨੂੰ ਪੁੱਠਾ ਗੇੜ ਪੈਣ, 65,000 ਠੇਕਾ ਕਰਮਚਾਰੀਆਂ ਲਈ ਰੈਗੂਲਰ ਨੌਕਰੀ ਦਾ ਰਾਹ ਖੋਲ੍ਹਣ, 25 ਨਵੀਆਂ ਆਈ.ਟੀ.ਆਈਜ਼ ਅਤੇ 13 ਮੌਜੂਦਾ ਆਈ.ਟੀ.ਆਈਜ਼ ਸੰਸਥਾਵਾਂ ਦੇ ਅਪਗ੍ਰੇਡੇਸ਼ਨ ਰਾਹੀਂ ਹੁਨਰ ਵਿਕਾਸ ਵਿੱਚ ਵੱਡੇ ਨਿਵੇਸ਼ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਆਪ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਵਿੱਚ ਰਹਿ ਕੇ ਹੀ ਆਪਣਾ ਭਵਿੱਖ ਬਣਾਉਣ ਵਾਸਤੇ ਉਨ੍ਹਾਂ ਨੂੰ ਵਿਸ਼ਵਾਸ ਨਾਲ ਭਰਨ, ਢੁਕਵੇਂ ਮੌਕੇ ਅਤੇ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ।

ਤਕਨੀਕੀ ਸਿੱਖਿਆ, ਸਹਿਕਾਰਤਾ, ਸਥਾਨਕ ਸਰਕਾਰਾਂ, ਜਲ ਸਪਲਾਈ ਤੇ ਸੈਨੀਟੇਸ਼ਨ, ਪਸ਼ੂ ਪਾਲਣ, ਲੋਕ ਨਿਰਮਾਣ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਹੋਰ ਵਿਭਾਗਾਂ ਵਿੱਚ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਚੰਗੇ ਸ਼ਾਸਨ ਰਾਹੀਂ ਸਸ਼ਕਤ ਬਣਾਉਣ ਦੇ ਚੱਲ ਰਹੇ ਮਿਸ਼ਨ ਵਿੱਚ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹੈ।

ਇਸ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ ‘ਤੇ ਕਿਹਾ “ਅੱਜ 355 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ, ਜਿਸ ਨਾਲ ਹੁਣ ਤੱਕ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 67,037 ਹੋ ਗਈ ਹੈ। ਇਹ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਅਜਿਹੇ ਸਮੇਂ ਜਦੋਂ ਦੇਸ਼ ਭਰ ਵਿੱਚ ਨੀਟ ਵਰਗੇ ਪੇਪਰ ਲੀਕ ਹੋ ਰਹੇ ਹਨ, ਪੰਜਾਬ ਨੇ ਇਮਾਨਦਾਰੀ, ਪਾਰਦਰਸ਼ਤਾ ਤੇ ਨਿਰਪੱਖਤਾ ਨਾਲ ਭਰਤੀ ਪ੍ਰਕਿਰਿਆਵਾਂ ਨੂੰ ਯਕੀਨੀ ਬਣਾ ਕੇ ਅਤੇ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ‘ਚੋਂ ਸਿਖਰਲਾ ਸਥਾਨ ਹਾਸਲ ਕਰਕੇ ਮਿਸਾਲ ਕਾਇਮ ਕੀਤੀ ਹੈ। ਮੈਂ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਸਰਕਾਰੀ ਦਫਤਰਾਂ ਵਿੱਚ ਸੀਨੀਅਰ ਨਾਗਰਿਕਾਂ ਅਤੇ ਆਮ ਲੋਕਾਂ ਦੇ ਕੰਮ ਨੂੰ ਤਰਜੀਹ ਦੇਣ ਦੀ ਅਪੀਲ ਕਰਦਾ ਹਾਂ। ‘ਆਪ’ ਸਰਕਾਰ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਪ੍ਰਵਾਸ ਨੂੰ ਰੋਕਣ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਹੀ ਤਰੱਕੀ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਦੇ ਸੁਪਨਿਆਂ ਨੂੰ ਖੰਭ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਨਵ-ਨਿਯੁਕਤ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਵਿੱਚ ਉਮੀਦਵਾਰਾਂ ਦੀ ਚੋਣ ਦਾ ਇੱਕੋ ਇੱਕ ਮਾਪਦੰਡ ਸਖ਼ਤ ਮਿਹਨਤ, ਸਮਰਪਣ ਅਤੇ ਯੋਗਤਾ ਹੈ। ਉਹ ਦਿਨ ਗਏ ਜਦੋਂ ਸਰਕਾਰੀ ਨੌਕਰੀਆਂ ਰਿਸ਼ਵਤ, ਸਿਫਾਰਸ਼ਾਂ ਜਾਂ ਰਾਜਨੀਤਿਕ ਸਬੰਧਾਂ ਦੇ ਆਧਾਰ ‘ਤੇ ਵੰਡੀਆਂ ਜਾਂਦੀਆਂ ਸਨ। ਅੱਜ, ਯੋਗ ਉਮੀਦਵਾਰਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਨੌਜਵਾਨਾਂ ਨੇ ਸਫਲਤਾ ਪ੍ਰਾਪਤ ਕਰਨ ਲਈ ਦਿਨ-ਰਾਤ ਮਿਹਨਤ ਕੀਤੀ ਹੈ ਅਤੇ ਇਹ ਉਨ੍ਹਾਂ ਦੇ ਸਫ਼ਰ ਦੀ ਸਿਰਫ਼ ਇੱਕ ਸ਼ੁਰੂਆਤ ਹੈ। ਉਨ੍ਹਾਂ ਲਈ ਤਰੱਕੀ ਦੀ ਉਡਾਰੀ ਭਰਨ ਵਾਸਤੇ ਆਸਮਾਨ ਖੁੱਲ੍ਹਾ ਹੈ ਅਤੇ ਮੈਂ ਸਾਰੇ ਉਮੀਦਵਾਰਾਂ ਨੂੰ ਅੱਗੇ ਹੋਰ ਵੱਡੇ ਮੁਕਾਮ ਹਾਸਲ ਕਰਨ  ਵਾਸਤੇ ਯਤਨਸ਼ੀਲ ਰਹਿਣ ਦੀ ਸਲਾਹ ਦਿੰਦਾ ਹਾਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੋਂ ਇਹ ਨਵ-ਨਿਯੁਕਤ ਕਰਮਚਾਰੀ ਸਰਕਾਰੀ ਪਰਿਵਾਰ ਦਾ ਇੱਕ ਅਨਿੱਖੜਵਾਂ ਅੰਗ ਬਣ ਗਏ ਹਨ ਅਤੇ ਇਹ ਕਰਮਚਾਰੀ ਖੁਸ਼ਹਾਲ ਤੇ ਰੰਗਲੇ ਪੰਜਾਬ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ, “ਅਸੀਂ ਸਾਰੇ ਇਕਜੁੱਟ ਹੋ ਕੇ ਰੰਗਲੇ ਪੰਜਾਬ ਦੀ ਸ਼ਾਨ ਨੂੰ ਬਹਾਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਤੁਹਾਡੇ ਵਿੱਚੋਂ ਹਰ ਇੱਕ ਦੀ ਹੁਣ ਸਮਾਜ ਅਤੇ ਸੂਬੇ ਪ੍ਰਤੀ ਇੱਕ ਅਹਿਮ ਜ਼ਿੰਮੇਵਾਰੀ ਹੈ। ਸਰਕਾਰ ਨੇ ਤੁਹਾਨੂੰ ਮੌਕੇ ਪ੍ਰਦਾਨ ਕਰਕੇ ਆਪਣਾ ਫਰਜ਼ ਨਿਭਾਇਆ ਹੈ। ਹੁਣ ਤੁਹਾਡੀ ਵਾਰੀ ਹੈ ਕਿ ਤੁਸੀਂ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰੋ।”

ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਿਕਾਰਡ ਦੀ ਤੁਲਨਾ ਦੇਸ਼ ਦੇ ਕਈ ਹੋਰ ਹਿੱਸਿਆਂ ਦੀ ਮੌਜੂਦਾ ਸਥਿਤੀ ਨਾਲ ਕੀਤੀ। ਉਨ੍ਹਾਂ ਕਿਹਾ, “2017 ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਵਿੱਚ ਲਗਭਗ 93 ਪ੍ਰੀਖਿਆ ਪੇਪਰ ਲੀਕ ਹੋਣ ਦੀ ਰਿਪੋਰਟ ਮਿਲੀ ਹੈ। ਨੀਟ ਸਮੇਤ ਪ੍ਰਮੁੱਖ ਪ੍ਰੀਖਿਆਵਾਂ ਨਾਲ ਜੁੜੀਆਂ ਅਜਿਹੀਆਂ ਘਟਨਾਵਾਂ ਨੇ ਲੱਖਾਂ ਨੌਜਵਾਨਾਂ ਨੂੰ ਨਿਰਾਸ਼ ਕੀਤਾ ਹੈ। ਹਾਲਾਂਕਿ, 2022 ਵਿੱਚ ਸਾਡੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ, ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਹੋਣ ਦੀ ਘਟਨਾ ਸਾਹਮਣੇ ਨਹੀਂ ਆਈ ਹੈ। ਇਸ ਕਾਰਨ ਇਹ ਹੈ ਕਿ ਸੂਬੇ ਵਿੱਚ ਇੱਕ ਇਮਾਨਦਾਰ ਸਰਕਾਰ ਕੰਮ ਕਰ ਰਹੀ ਹੈ। ਹੋਣਹਾਰ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਅਤੇ ਮਿਹਨਤ ਦੇ ਆਧਾਰ ‘ਤੇ ਨੌਕਰੀਆਂ ਅਤੇ ਮੌਕੇ ਮਿਲ ਰਹੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੈਰਿਟ ਦੇ ਆਧਾਰ ‘ਤੇ ਹੁਣ ਤੱਕ 67,037 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਹਰ ਨਿਯੁਕਤੀ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਜਾਂ ਪੱਖਪਾਤ ਤੋਂ ਬਿਨਾਂ ਕੀਤੀ ਗਈ ਹੈ।

ਸਿੱਖਿਆ ਕ੍ਰਾਂਤੀ ਤਹਿਤ ਸਰਕਾਰ ਵੱਲੋਂ ਕੀਤੇ ਸਿੱਖਿਆ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ, “ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸਕੂਲ ਸਿੱਖਿਆ ਵਿੱਚ ਪੰਜਾਬ ਦੇਸ਼ ਭਰ ਵਿੱਚੋਂ 27ਵੇਂ ਸਥਾਨ ‘ਤੇ ਸੀ। ਅੱਜ, ਨੀਤੀ ਆਯੋਗ ਅਨੁਸਾਰ ਪੰਜਾਬ ਨੇ ਸਕੂਲ ਸਿੱਖਿਆ ਵਿੱਚ ਕੇਰਲਾ ਵਰਗੇ ਸੂਬਿਆਂ ਨੂੰ ਪਛਾੜਦਿਆਂ ਪਹਿਲੇ ਨੰਬਰ ‘ਤੇ ਕਬਜ਼ਾ ਕੀਤਾ ਹੈ। ਇਹ ਪ੍ਰਾਪਤੀ ਇਸ ਲਈ ਸੰਭਵ ਹੋਈ ਹੈ ਕਿਉਂਕਿ ਅਸੀਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਅਤੇ ਵਿਸ਼ਵ ਪੱਧਰੀ ਵਿਦਿਅਕ ਬੁਨਿਆਦੀ ਢਾਂਚਾ ਵਿਕਸਤ ਵਿੱਚ ਨਿਵੇਸ਼ ਕੀਤਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਦੇ ਸਕੂਲ ਹੁਣ ਅਤਿ-ਆਧੁਨਿਕ ਸਹੂਲਤਾਂ ਅਤੇ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹਨ ਜਿਸ ਨਾਲ ਸਕੂਲਾਂ ਵਿੱਚ ਇੱਕ ਅਜਿਹਾ ਮਾਹੌਲ ਸਿਰਜਿਆ ਗਿਆ ਹੈ ਜੋ ਸਿੱਖਣ, ਨਵੀਨਤਾ ਅਤੇ ਉੱਤਮਤਾ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਅੱਗੇ ਕਿਹਾ, “ਵਿਦਿਆਰਥੀ ਹਰ ਖੇਤਰ ਵਿੱਚ ਬਿਹਤਰ ਕਾਰਗੁਜ਼ਾਰੀ ਦਿਖਾ ਰਹੇ ਹਨ ਕਿਉਂਕਿ ਉਹ ਹੁਣ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਪੰਜਾਬ ਦੇ ਸਿੱਖਿਆ ਖੇਤਰ ਵਿੱਚ ਜੋ ਤਬਦੀਲੀ ਆਈ ਹੈ ਉਹ ਬੇਮਿਸਾਲ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਅਧਿਆਪਕ ਸਿੱਖਿਆ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ, “ਸਾਡੇ ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੇ ਸਿੰਗਾਪੁਰ ਵਿੱਚ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕੀਤੀ ਹੈ। ਮੁੱਖ ਅਧਿਆਪਕਾਂ ਨੇ ਆਈਆਈਐਮ ਅਹਿਮਦਾਬਾਦ ਵਿੱਚ ਉੱਨਤ ਸਿਖਲਾਈ ਪ੍ਰਾਪਤ ਕੀਤੀ ਹੈ। ਪ੍ਰਾਇਮਰੀ ਅਧਿਆਪਕਾਂ ਨੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਤੋਂ ਵਿਸ਼ੇਸ਼ ਸਿਖਲਾਈ ਪ੍ਰਾਪਤ ਕੀਤੀ ਹੈ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਸਾਡੇ ਅਧਿਆਪਕਾਂ ਦੀ ਮੁਹਾਰਤ ਵਿੱਚ ਵਾਧਾ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਸਕੇ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ ਜਿਨ੍ਹਾਂ ਦਾ ਉਦੇਸ਼ ਆਮ ਘਰਾਂ ਅਤੇ ਪਛੜੇ ਵਰਗ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ। ਉਨ੍ਹਾਂ ਕਿਹਾ, “ਇਹ ਸਕੂਲ ਆਫ਼ ਐਮੀਨੈਂਸ ਆਧੁਨਿਕ ਸਿੱਖਿਆ ਦੇ ਮੰਦਰਾਂ ਵਜੋਂ ਉੱਭਰ ਰਹੇ ਹਨ। ਇਹ ਵਿਦਿਆਰਥੀਆਂ ਦੇ ਜੀਵਨ ਨੂੰ ਰੌਸ਼ਨ ਕਰ ਰਹੇ ਹਨ ਅਤੇ ਅਜਿਹੇ ਮੌਕੇ ਸਿਰਜ ਕਰ ਰਹੇ ਹਨ ਜੋ ਪਹਿਲਾਂ ਬਹੁਤੇ ਪਰਿਵਾਰਾਂ ਲਈ ਉਪਲਬਧ ਨਹੀਂ ਸਨ। ਇਹਨਾਂ ਸਕੂਲਾਂ ਦੀ ਸਫਲਤਾ ਨੂੰ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਾ ਲੈ ਰਹੇ ਹਨ। ਇਹ ਸਰਕਾਰੀ ਸਿੱਖਿਆ ਪ੍ਰਣਾਲੀ ਪ੍ਰਤੀ ਲੋਕਾਂ ਦੇ ਵਧ ਰਹੇ ਭਰੋਸੇ ਦਾ ਪ੍ਰਤੱਖ ਪ੍ਰਮਾਣ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਪ੍ਰੋਗਰਾਮਾਂ, ਨੀਟ, ਜੇਈਈ, ਸੀਐਲਏਟੀ, ਐਨਆਈਐਫਟੀ ਅਤੇ ਕਈ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, “ਅਸੀਂ ਆਪਣੇ ਬੱਚਿਆਂ ਨੂੰ ਸਿਰਫ਼ ਪ੍ਰੀਖਿਆਵਾਂ ਪਾਸ ਕਰਨ ਲਈ ਹੀ ਨਹੀਂ ਸਗੋਂ ਰਾਸ਼ਟਰੀ ਪੱਧਰ ‘ਤੇ ਸਫਲਤਾਪੂਰਵਕ ਮੁਕਾਬਲਾ ਕਰਨ ਅਤੇ ਹਰ ਖੇਤਰ ਵਿੱਚ ਵੱਡੇ ਅਹੁਦੇ ਹਾਸਲ ਕਰਨ ਲਈ ਤਿਆਰ ਕਰ ਰਹੇ ਹਾਂ।”

ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਅਤੇ ਭਵਿੱਖ ਲਈ ਤਿਆਰ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਆਧੁਨਿਕ ਉਦਯੋਗਾਂ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ, “ਅਸੀਂ ਤਕਨੀਕੀ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਵਿੱਚ ਰੁਜ਼ਗਾਰਯੋਗਤਾ ਵਧਾਉਣ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਮੌਜੂਦਾ ਸਮੇਂ 25 ਨਵੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ। ਇਸ ਦੇ ਨਾਲ ਹੀ ਮੌਜੂਦਾ 13 ਆਈ.ਟੀ.ਆਈਜ਼ ਨੂੰ ਬਿਹਤਰ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਰਕਾਰੀ ਪੌਲੀਟੈਕਨਿਕ ਕਾਲਜਾਂ ਦੇ ਆਧੁਨਿਕੀਕਰਨ ਲਈ 20 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ,“ਇਸ ਤੋਂ ਇਲਾਵਾ ਨੰਗਲ ਵਿਖੇ 23 ਕਰੋੜ ਰੁਪਏ ਦੀ ਲਾਗਤ ਨਾਲ ਕੈਪਟਨ ਅਮੋਲ ਕਾਲੀਆ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤਾ ਜਾ ਰਿਹਾ ਹੈ। ਇਹ ਸੰਸਥਾ ਅਤਿ ਆਧੁਨਿਕ ਹੁਨਰ ਵਿਕਾਸ ਅਤੇ ਉਦਯੋਗ-ਮੁਖੀ ਸਿਖਲਾਈ ਲਈ ਇੱਕ ਹੱਬ ਵਜੋਂ ਕੰਮ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਭਵਿੱਖੀ ਨੌਕਰੀਆਂ ਲਈ ਤਿਆਰ ਕਰਨ ਵਿੱਚ ਮਦਦ ਕਰੇਗੀ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਾਰੇ 91 ਪੌਲੀਟੈਕਨਿਕ ਕਾਲਜਾਂ ਵਿੱਚ ਸਮੈਸਟਰ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ,“ਇਹ ਪਹਿਲ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਉਦਯੋਗਾਂ ਸਬੰਧੀ ਵਿਹਾਰਕ ਅਨੁਭਵ ਹਾਸਲ ਕਰਨ ਅਤੇ ਨੌਕਰੀ ਲਈ ਲੋਂੜੀਦਾ ਹੁਨਰ ਪ੍ਰਾਪਤ ਕਰਨ ਯੋਗ ਬਣਾਉਂਦੀ ਹੈ। ਸਾਡਾ ਉਦੇਸ਼ ਸਿੱਖਿਆ ਅਤੇ ਰੋਜ਼ਗਾਰ ਵਿਚਕਾਰ ਪਾੜੇ ਨੂੰ ਪੂਰਨ ਦੇ ਨਾਲ-ਨਾਲ ਸੂਬੇ ਦੇ ਨੌਜਵਾਨਾਂ ਨੂੰ ਤੇਜ਼ੀ ਨਾਲ ਬਦਲ ਰਹੀ ਆਰਥਿਕਤਾ ਦੀਆਂ ਚੁਣੌਤੀਆਂ ਲਈ ਪੂਰੀ ਤਰ੍ਹਾਂ ਤਿਆਰ ਕਰਨਾ ਵੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀਆਂ ਭਵਿੱਖ ਲਈ ਨੌਜਵਾਨਾਂ ਨੂੰ ਹੁਨਰਮੰਦ ਕਰਨ, ਰੋਜ਼ਗਾਰ ਯੋਗਤਾ ਵਧਾਉਣ ਅਤੇ ਸੂਬੇ ਦੇ ਨੌਜਵਾਨਾਂ ਲਈ ਵਧੇਰੇ ਮੌਕੇ ਸਿਰਜਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।

ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਕਰਮਚਾਰੀ ਆਗਾਮੀ ਸਾਲਾਂ ਵਿੱਚ ਸਖ਼ਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਆਪਣੇ ਲਈ ਵਿਲੱਖਣ ਸਥਾਨ ਬਣਾਉਣਗੇ।

ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਦ੍ਰਿੜਤਾ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਅੱਗੇ ਕਿਹਾ,”ਸਖ਼ਤ ਮਿਹਨਤ ਹੀ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਪੰਜਾਬ ਵਿਕਾਸ ਤੇ ਖੁਸ਼ਹਾਲੀ ਲਈ ਅਸੀਮ ਮੌਕੇ ਪ੍ਰਦਾਨ ਕਰਦਾ ਹੈ। ਤੁਹਾਨੂੰ ਆਪਣੀ ਵਿਲੱਖਣ ਪਛਾਣ ਬਣਾਉਣ ਅਤੇ ਸਮਾਜ ‘ਤੇ ਸਕਾਰਾਤਮਕ ਛਾਪ ਛੱਡਣ ਲਈ ਨਿਰੰਤਰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਕਦੇ ਵੀ ਸੁਪਨੇ ਦੇਖਣਾ ਬੰਦ ਨਹੀਂ ਕਰਨੇ ਚਾਹੀਦੇ ਅਤੇ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਲਗਾਤਾਰ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ।”

ਸਰਕਾਰ ਦੀ ਭੂਮਿਕਾ ਦੀ ਤੁਲਨਾ ਹਵਾਈ ਅੱਡੇ ਦੇ ਰਨਵੇਅ ਨਾਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਜ਼ਿੰਮੇਵਾਰੀ ਅਜਿਹੇ ਮੌਕੇ ਅਤੇ ਸਹਾਇਤਾ ਪ੍ਰਣਾਲੀਆਂ ਪ੍ਰਦਾਨ ਕਰਨਾ ਹੈ ਜੋ ਨੌਜਵਾਨਾਂ ਨੂੰ ਆਪਣੀਆਂ ਇੱਛਾਵਾਂ ਨੂੰ ਪ੍ਰਾਪਤ ਕਰਨ ਦੇ ਯੋਗ ਬਣਾਉਂਦੀਆਂ ਹਨ। ਉਨ੍ਹਾਂ ਅੱਗੇ ਕਿਹਾ,”ਇੱਕ ਹਵਾਈ ਅੱਡੇ ਦਾ ਰਨਵੇਅ ਜਹਾਜ਼ ਨੂੰ ਨਹੀਂ ਉਡਾਉਂਦਾ। ਇਹ ਸਿਰਫ ਇੱਕ ਸੁਚਾਰੂ ਉਡਾਣ ਲਈ ਸਹੂਲਤ ਪ੍ਰਦਾਨ ਕਰਦਾ ਹੈ। ਇਸੇ ਤਰ੍ਹਾਂ ਸੂਬਾ ਸਰਕਾਰ ਇੱਕ ਯੋਗ ਵਾਤਾਵਰਣ ਪ੍ਰਦਾਨ ਕਰਕੇ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਯੋਗ ਬਣਾਉਂਦੀ ਹੈ। ਅਸੀਂ ਨੌਜਵਾਨ ਮਨਾਂ ਦੀਆਂ ਇੱਛਾਵਾਂ ਨੂੰ ਖੰਭ ਦੇ ਰਹੇ ਹਾਂ ਅਤੇ ਉਨ੍ਹਾਂ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਨੂੰ ਨਜਰਅੰਦਾਜ ਕਰਕੇ ਨਿਰੋਲ ਯੋਗਤਾ ਦੇ ਆਧਾਰ ‘ਤੇ ਪ੍ਰਦਾਨ ਕੀਤੀਆਂ ਗਈਆਂ ਹਨ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਨੌਜਵਾਨ ਨੌਕਰੀ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਨਾ ਹੋਵੇ। ਉਨ੍ਹਾਂ ਅੱਗੇ ਕਿਹਾ,“ਅਸੀਂ ਪੰਜਾਬ ਦੇ ਅੰਦਰ ਅਜਿਹੇ ਮੌਕੇ ਪੈਦਾ ਕਰਨਾ ਚਾਹੁੰਦੇ ਹਾਂ ਕਿ ਸਾਡੇ ਨੌਜਵਾਨ ਆਪਣੇ ਦੇਸ਼ ਵਿੱਚ ਰਹਿ ਕੇ ਆਪਣਾ ਭਵਿੱਖ ਤਿਆਰ ਕਰਨ। ਇਹ ਸਾਡੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਸਾਡੇ ਸੂਬੇ ਨੂੰ ਮਜ਼ਬੂਤੀ ਦੇਣ ਲਈ ਬਹੁਤ ਜ਼ਰੂਰੀ ਹੈ। ਅਸਲ ਵਿੱਚ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ, ਪਹਿਲਾਂ ਹੀ ਅਨੇਕਾਂ ਨੌਜਵਾਨ ਵਿਦੇਸ਼ਾਂ ਤੋਂ ਵਾਪਸ ਆਪਣੇ ਦੇਸ਼ ਪਰਤ ਰਹੇ ਹਨ ਅਤੇ ਕਈ ਨੌਜਵਾਨ ਵਿਦੇਸ਼ਾਂ ਤੋਂ ਹੀ ਆਪਣੀ ਮਾਤ-ਭੂਮੀ ਦੀ ਸੇਵਾ ਕਰਨ ਦੇ ਨਾਲ-ਨਾਲ ਆਪਣੇ ਦੇਸ਼ ਲਈ ਅਹਿਮ ਯੋਗਦਾਨ ਪਾ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਉਨ੍ਹਾਂ ਲਈ ਕੋਈ ਅਹਿਸਾਨ ਨਹੀਂ ਸਗੋਂ ਯੋਗ ਉਮੀਦਵਾਰਾਂ ਦਾ ਸਹੀ ਮਾਇਨੇ ਵਿੱਚ ਬਣਦਾ ਹੱਕ ਹਨ। ਉਨ੍ਹਾਂ ਅੱਗੇ ਕਿਹਾ,“ਇਹ ਨੌਜਵਾਨ ਆਪਣੀ ਯੋਗਤਾ ਅਤੇ ਸਖ਼ਤ ਮਿਹਨਤ ਸਦਕਾ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਹਨ। ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਉਨ੍ਹਾਂ ਵੱਲ ਧਿਆਨ ਨਹੀਂ ਦਿੱਤਾ। ਅੱਜ ਇਹ ਨੌਜਵਾਨ ਆਪਣੀ ਯੋਗਤਾ ਦੇ ਆਧਾਰ ‘ਤੇ ਸਫਲ ਹੋਏ ਹਨ ਅਤੇ ਇਹ ਹਰ ਪੰਜਾਬੀ ਲਈ ਵੱਡੇ ਮਾਣ ਵਾਲੀ ਗੱਲ ਹੈ।”

ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸਰਕਾਰੀ ਪ੍ਰਣਾਲੀ ਦੇ ਸਰਗਰਮ ਅਤੇ ਸਮਰਪਿਤ ਮੈਂਬਰ ਬਣਨ ਅਤੇ ਪੂਰੇ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ। ਉਨ੍ਹਾਂ ਅੱਗੇ ਕਿਹਾ “ਹੁਣ ਜਦੋਂ ਤੁਸੀਂ ਸਰਕਾਰੀ ਪਰਿਵਾਰ ਦਾ ਹਿੱਸਾ ਬਣ ਗਏ ਹੋ, ਤੁਹਾਡਾ ਫਰਜ਼ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਹੈ। ਆਪਣੀ ਕਲਮ ਅਤੇ ਅਧਿਕਾਰ ਦੀ ਵਰਤੋਂ ਲੋੜਵੰਦਾਂ, ਦੱਬੇ-ਕੁਚਲੇ ਲੋਕਾਂ ਅਤੇ ਉਨ੍ਹਾਂ ਲੋਕਾਂ ਦੀ ਮਦਦ ਲਈ ਕਰੋ ਜਿਨ੍ਹਾਂ ਨੂੰ ਸਰਕਾਰ ਤੋਂ ਸਹਾਇਤਾ ਦੀ ਲੋੜ ਹੈ। ਇਸ ਦੇ ਨਾਲ ਹੀ ਇਹ ਯਕੀਨੀ ਬਣਾਓ ਕਿ ਸਮਾਜ ਦੇ ਹਰ ਵਰਗ ਨੂੰ ਤੁਹਾਡੀਆਂ ਸੇਵਾਵਾਂ ਦਾ ਲਾਭ ਮਿਲੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ ਅਤੇ ਉਮੀਦਵਾਰਾਂ ਨੇ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਸਫਲ ਹੋਣ ਤੋਂ ਬਾਅਦ ਹੀ ਰੋਜ਼ਗਾਰ ਪ੍ਰਾਪਤ ਕੀਤਾ ਸੀ। ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇੱਕੋ-ਇੱਕ ਏਜੰਡਾ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਸਸ਼ਕਤ ਬਣਾਉਣਾ ਰਿਹਾ ਹੈ। ਅੱਜ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਤੁਸੀਂ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਅਤੇ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਗਏ ਹੋ।”

ਮੁੱਖ ਮੰਤਰੀ ਨੇ ਠੇਕਾ ਅਧਾਰਤ ਕਰਮਚਾਰੀਆਂ ਬਾਰੇ ਪੰਜਾਬ ਸਰਕਾਰ ਦੇ ਇਤਿਹਾਸਕ ਫੈਸਲੇ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ, ‘‘ਇੱਕ ਵੱਡੇ ਲੋਕ-ਪੱਖੀ ਫੈਸਲੇ ਵਿੱਚ ਸੂਬਾ ਸਰਕਾਰ ਨੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਨ ਅਤੇ ਲਗਭਗ 65000 ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਦੀ ਪ੍ਰਕਿਰਿਆ ਵਿੱਢਣ ਦਾ ਫੈਸਲਾ ਕੀਤਾ ਹੈ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 65000 ਤੋਂ ਵੱਧ ਠੇਕਾ ਅਧਾਰਤ ਕਰਮਚਾਰੀਆਂ ਨੇ ਆਪਣੀ ਜ਼ਿੰਦਗੀ ਦੇ ਅਹਿਮ ਸਾਲ ਪੰਜਾਬ ਦੀ ਸੇਵਾ ਲਈ ਸਮਰਪਿਤ ਕੀਤੇ ਹਨ। ਉਨ੍ਹਾਂ ਕਿਹਾ,‘‘ਇਨ੍ਹਾਂ ਕਰਮਚਾਰੀਆਂ ਨੇ ਸੂਬੇ ਲਈ ਅਣਥੱਕ ਮਿਹਨਤ ਕੀਤੀ ਹੈ। ਇਹ ਬਿਲਕੁਲ ਵਾਜਿਬ ਹੈ ਕਿ ਉਨ੍ਹਾਂ ਨੂੰ ਆਪਣੇ ਰੁਜ਼ਗਾਰ ਵਿੱਚ ਮਾਣ, ਸੁਰੱਖਿਆ ਅਤੇ ਸਥਿਰਤਾ ਮਿਲੇ। ਉਨ੍ਹਾਂ ਕਿਹਾ ਕਿ ਹੁਣ ਕਰਮਚਾਰੀਆਂ ਅਤੇ ਸੂਬਾ ਸਰਕਾਰ ਵਿਚਕਾਰ ਕੋਈ ਠੇਕੇਦਾਰ ਨਹੀਂ ਰਹੇਗਾ,।’’

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਹੁਣ ਸਿੱਧਾ ਰੁਜ਼ਗਾਰ, ਵਧੇਰੇ ਮਾਣ-ਸਨਮਾਨ ਅਤੇ ਸਥਾਈ ਸੇਵਾ ਲਈ ਸਪੱਸ਼ਟ ਰਸਤਾ ਮਿਲੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਿੱਜੀ ਠੇਕੇਦਾਰਾਂ ਰਾਹੀਂ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਿੱਧੇ ਤੌਰ ’ਤੇ ਰਾਜ ਰੁਜ਼ਗਾਰ ਅਧੀਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ, ‘‘ਪੰਜ ਸਾਲ ਲਗਾਤਾਰ ਆਊਟਸੋਰਸ  ’ਤੇ ਕੰਮ ਕਰਨ ਤੋਂ ਬਾਅਦ, ਕਰਮਚਾਰੀ ਸਿੱਧੇ  ਸਰਕਾਰ ਅੰਦਰ ਰੁਜ਼ਗਾਰ ਲਈ ਯੋਗ ਹੋ ਜਾਣਗੇ। ਇਸ ਤੋਂ ਬਾਅਦ, 10 ਸਾਲ ਦੀ ਠੇਕਾ ਸੇਵਾ ਪੂਰੀ ਕਰਨ ਤੋਂ ਬਾਅਦ, ਉਨ੍ਹਾਂ ਨੂੰ ਰੈਗੂਲਰ ਮਨਜ਼ੂਰਸ਼ੁਦਾ ਅਸਾਮੀਆਂ ਦੇ ਵਿਰੁੱਧ ਰੈਗੂਲਰ ਕਰਨ ਲਈ ਵਿਚਾਰਿਆ ਜਾਵੇਗਾ,।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਸਾਕਾਰਤਮਕ ਬਦਲਾਅ ਨੂੰ ਸੁਚਾਰੂ ਬਣਾਉਣ ਲਈ ਦੋ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ। “ਪਹਿਲਾ ਕਾਨੂੰਨ ਆਊਟਸੋਰਸਡ ਰੁਜ਼ਗਾਰ ਤੋਂ ਸਿੱਧੇ ਸਰਕਾਰ ਅੰਦਰ ਠੇਕੇ ’ਤੇ ਰੁਜ਼ਗਾਰ ਵਿੱਚ ਤਬਦੀਲੀ ਨੂੰ ਨਿਯੰਤਰਿਤ ਕਰੇਗਾ। ਦੂਜਾ ਕਾਨੂੰਨ ਪ੍ਰਵਾਨਿਤ ਅਸਾਮੀਆਂ ਦੇ ਵਿਰੁੱਧ ਸਿੱਧੇ ਠੇਕਾ ਅਧਾਰਤ ਰੁਜ਼ਗਾਰ ਤੋਂ ਰੈਗੂਲਰ ਸੇਵਾ ਤੱਕ ਦਾ ਰਸਤਾ ਪੱਧਰਾ ਕਰੇਗਾ। ਇਹ ਇੱਕ ਇਤਿਹਾਸਕ ਕਦਮ ਹੈ ਜੋ ਹਜ਼ਾਰਾਂ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਵਿੱਚ ਮਿਸਾਲੀ ਤਬਦੀਲੀ ਲਿਆਵੇਗਾ।”

ਇਸ ਦੌਰਾਨ, ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਨਵੇਂ ਭਰਤੀ ਹੋਏ ਉਮੀਦਵਾਰਾਂ ਨੇ ਪੂਰੀ ਤਰ੍ਹਾਂ ਯੋਗਤਾ-ਅਧਾਰਤ, ਸੁਤੰਤਰ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕੀਤੀ।

ਉਨ੍ਹਾਂ ਕਿਹਾ ਕਿ ਰਾਜਨੀਤਿਕ ਸਮਰਥਨ, ਸਿਫਾਰਸ਼ਾਂ ਜਾਂ ਰਿਸ਼ਵਤਖੋਰੀ ਤੋਂ ਬਿਨਾਂ ਸਰਕਾਰੀ ਨੌਕਰੀ ਪ੍ਰਾਪਤ ਕਰਨਾ ਆਖਰਕਾਰ ਇੱਕ ਹਕੀਕਤ ਬਣ ਗਿਆ ਹੈ ਅਤੇ ਪੰਜਾਬ ਦੀ ਰੁਜ਼ਗਾਰ ਪ੍ਰਣਾਲੀ ਵਿੱਚ ਇੱਕ ਵੱਡੀ ਤਬਦੀਲੀ ਨੂੰ ਦਰਸਾਉਂਦਾ ਹੈ।

ਧੂਰੀ ਤੋਂ ਰਣਜੋਧ ਸਿੰਘ ਨੇ ਪੱਖਪਾਤ ਦੀ ਬਜਾਏ ਯੋਗਤਾ ਨੂੰ ਤਰਜੀਹ ਦੇਣ ਅਤੇ ਸਾਰਿਆਂ ਲਈ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਇਸੇ ਤਰ੍ਹਾਂ ਦੀਆਂ ਭਾਵਨਾਵਾਂ ਨੂੰ ਦੁਹਰਾਉਂਦਿਆਂ ਪਟਿਆਲਾ ਦੇ ਪਿੰਡ ਬੂਟਾ ਸਿੰਘ ਵਾਲਾ ਦੇ ਇੱਕ ਸਾਬਕਾ ਸੈਨਿਕ ਕਾਲਾ ਸਿੰਘ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਸੀ ਅਤੇ ਇਸ ਵਿੱਚ ਕਿਸੇ ਕਿਸਮ ਦੀ ਕੋਈ ਹੇਰਾਫੇਰੀ ਦੀ ਬਿਲਕੁਲ ਵੀ ਗੁੰਜਾਇਸ਼ ਨਹੀਂ ਸੀ।

ਅੰਮ੍ਰਿਤਸਰ ਤੋਂ ਮਨਪ੍ਰੀਤ ਕੌਰ ਨੇ ਇਸ ਦਿਨ ਨੂੰ ਆਪਣੇ ਅਤੇ ਆਪਣੇ ਪਰਿਵਾਰ ਲਈ ਇਤਿਹਾਸਕ ਦੱਸਿਆ। ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਉਸਨੇ ਕਿਹਾ ਕਿ ਉਸਨੇ ਬਿਨਾਂ ਕਿਸੇ ਸਿਫ਼ਾਰਿਸ਼ ਜਾਂ ਰਿਸ਼ਵਤ ਦੇ ਨੌਕਰੀ ਪ੍ਰਾਪਤ ਕੀਤੀ ਹੈ ਅਤੇ ਉਸਨੂੰ ਮਿਹਨਤ ਦਾ ਫਲ ਮਿਲਿਆ ਹੈ। ਉਸਨੇ ਅੱਗੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਬਹੁਤ ਸਾਰੇ ਪਰਿਵਾਰਾਂ ਲਈ ਲੰਬੇ ਸਮੇਂ ਤੋਂ ਆ ਰਹੀਆਂ ਰੁਕਾਵਟਾਂ ਨੂੰ ਤੋੜਿਆ ਹੈ ਅਤੇ ਨੌਜਵਾਨਾਂ ਵਿੱਚ ਵਿਸ਼ਵਾਸ ਬਹਾਲ ਕੀਤਾ ਹੈ। ”

ਮੋਹਾਲੀ ਤੋਂ ਪਰਮੀਤ ਕੌਰ ਨੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੀ ਆਪਣੇ ਪਰਿਵਾਰ ਦੀ ਪਹਿਲੀ ਮੈਂਬਰ ਬਣਨ ’ਤੇ ਬਹੁਤ ਖੁਸ਼ੀ ਪ੍ਰਗਟਾਈ। ਉਸਨੇ ਕਿਹਾ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਸੀ ਅਤੇ ਇਸ ਮੌਕੇ ਨੇ ਉਸਦੇ ਪਰਿਵਾਰ ਦਾ ਭਵਿੱਖ ਬਦਲ ਦਿੱਤਾ ਹੈ।

ਇੱਕ ਹੋਰ ਪ੍ਰੇਰਣਾਦਾਇਕ ਉਦਾਹਰਣ ਵਿੱਚ ਇੱਕ ਚੌਕੀਦਾਰ ਦੇ ਪੁੱਤਰ ਨੇ ਆਪਣੀ ਚੌਥੀ ਸਰਕਾਰੀ ਨੌਕਰੀ ਨੂੰ ਪੂਰੀ ਤਰ੍ਹਾਂ ਯੋਗਤਾ ਦੁਆਰਾ ਪ੍ਰਾਪਤ ਕੀਤੀ ਦੱਸਿਆ। ਉਸਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਉਸਦੇ ਬਹੁਤ ਸਾਰੇ ਐਨਆਰਆਈ ਦੋਸਤਾਂ ਨੂੰ ਪੰਜਾਬ ਵਾਪਸ ਆਉਣ ਅਤੇ ਸਰਕਾਰੀ ਨੌਕਰੀਆਂ ਲਈ ਅਰਜ਼ੀ ਦੇਣ ਬਾਰੇ ਵਿਚਾਰ ਕਰਨ ਲਈ ਉਤਸ਼ਾਹਿਤ ਕੀਤਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਖੁੱਡੀਆਂ ਸਮੇਤ ਕਈ ਹੋਰ ਪਤਵੰਤੇ ਮੌਜੂਦ ਸਨ।

Post Views: 5
Previous Post

25 May 2026 weekly

Next Post

*ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ*

Next Post
*ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ*

*ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ*

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800