ਵੱਖ-ਵੱਖ ਸਿੱਖ ਆਗੂਆਂ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਗੁਰਦੇਵ ਸਿੰਘ ਕਾਉਂਕੇ ਮਾਮਲੇ ਵਿਚ ਬੀਪੀ ਤਿਵਾੜੀ ਦੀ ਜਾਂਚ ਰਿਪੋਰਟ ’ਤੇ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਹੇਠ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਪੰਥਕ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮਰਹੂਮਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੇ ਗਏ ਪੰਥ ਰਤਨ ਅਤੇ ਫ਼ਖਰੇ ਕੌਮ ਐਵਾਰਡ ਵਾਪਸ ਲੈਣ ਦੀ ਵੀ ਅਪੀਲ ਕੀਤੀ। ਇਹ ਪੱਤਰ ਸਿੱਖ ਆਗੂ ਭਾਈ ਮੋਹਕਮ ਸਿੰਘ, ਭਾਈ ਮਨਜੀਤ ਸਿੰਘ ਭੋਮਾ, ਭਾਈ ਗੁਰਦੀਪ ਸਿੰਘ ਬਠਿੰਡਾ ਤੇ ਹੋਰਨਾਂ ਵੱਲੋਂ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਸੌਂਪਿਆ ਗਿਆ ਹੈ। ਇਸ ਪੱਤਰ ਵਿੱਚ ਅਕਾਲ ਤਖ਼ਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਥਿਤ ਕਤਲ ਦਾ ਹਵਾਲਾ ਦਿੰਦਿਆਂ ਕਿਹਾ ਕਿ 1997 ਵਿੱਚ ਬਾਦਲ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪੁਲੀਸ ਅਧਿਕਾਰੀ ਬੀਪੀ ਤਿਵਾੜੀ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਸੀ। ਇਹ ਜਾਂਚ ਰਿਪੋਰਟ 1999 ਵਿੱਚ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੌਂਪ ਦਿੱਤੀ ਗਈ। ਸਿੱਖ ਆਗੂਆਂ ਨੇ ਦੋਸ਼ ਲਾਇਆ ਕਿ ਸਾਬਕਾ ਮੁੱਖ ਮੰਤਰੀ ਸ੍ਰੀ ਬਾਦਲ ਵੱਲੋਂ ਇਸ ਰਿਪੋਰਟ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸੇ ਤਰ੍ਹਾਂ ਬਾਅਦ ਵਿੱਚ ਸਥਾਪਿਤ ਹੋਈ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਇਸ ਰਿਪੋਰਟ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਸਿੱਖ ਆਗੂਆਂ ਨੇ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਵਿਖੇ ਤਲਬ ਕੀਤਾ ਜਾਵੇ। ਦੋਵਾਂ ਖਿਲਾਫ ਪੰਥਕ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਸ਼੍ੋਮਣੀ ਕਮੇਟੀ ਵੱਲੋਂ ਕਾਉਂਕੇ ਨਮਿਤ ਅਖੰਡ ਪਾਠ ਦੇ ਭੋਗ ਪਾਏ ਗਏ ਹਨ। ਸ਼੍ੋਮਣੀ ਕਮੇਟੀ ਵੱਲੋਂ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਸੀ ਕਿ ਭਾਈ ਕਾਉਂਕੇ ਨੂੰ ਕੌਮੀ ਸ਼ਹੀਦ ਦਾ ਸਨਮਾਨ ਦਿੱਤਾ ਜਾਵੇ। ਇਸ ਸਬੰਧੀ ਰਿਪੋਰਟ ਕੁਝ ਦਿਨ ਪਹਿਲਾਂ ਹੀ ਜਨਤਕ ਹੋਈ ਹੈ ਅਤੇ ਇਹ ਰਿਪੋਰਟ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਸੌਂਪੀ ਗਈ ਸੀ। ਜਿਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਵਿੱਚ ਰਿਪੋਰਟ ਨੂੰ ਕਾਨੂੰਨੀ ਪੱਖ ਤੋਂ ਘੋਖਣ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਹੈ। ਅਕਾਲ ਤਖ਼ਤ ਦੇ ਸਕੱਤਰੇਤ ਦੇ ਅਧਿਕਾਰੀ ਨੂੰ ਮੰਗ ਪੱਤਰ ਸੌਂਪਦੇ ਹੋਏ ਆਗੂ।
ਕਾਲਕਾ ਨੇ ਜਥੇਦਾਰ ਕਾਉਂਕੇ ਦੇ ਮਾਮਲੇ ਵਿੱਚ ਬਾਦਲਾਂ ਨੂੰ ਘੇਰਿਆ
ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਮਾਮਲੇ ਵਿੱਚ ਬਾਦਲਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ 1992 ਵਿੱਚ ਬੇਅੰਤ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਣਨ ਉਪਰੰਤ 25 ਦਸੰਬਰ 1992 ਨੂੰ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਘਰੋਂ 200 ਲੋਕਾਂ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਚੁੱਕਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਜਸਟਿਸ ਅਜੀਤ ਸਿੰਘ ਬੈਂਸ ਦੀ ਇਸ ਮਾਮਲੇ ਵਿੱਚ ਜਥੇਦਾਰ ਅਕਾਲ ਤਖ਼ਤ ਨੂੰ ਸੌਂਪੀ ਜਾਂਚ ਰਿਪੋਰਟ ਵਿੱਚ ਸਾਰਾ ਕੁਝ ਸਪੱਸ਼ਟ ਹੋਇਆ ਹੈ। ਉਨ੍ਹਾਂ ਦੱਸਿਆ ਕਿ 1997 ਦੀਆਂ ਚੋਣਾਂ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ’ਤੇ ਜਥੇਦਾਰ ਕਾਉਂਕੇ ਦਾ ਕਤਲ ਕਰਨ ਦੇ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 1998 ਵਿੱਚ ਏਡੀਜੀਪੀ ਤਿਵਾੜੀ ਦੀ ਅਗਵਾਈ ਹੇਠ ਟੀਮ ਗਠਿਤ ਕੀਤੀ ਗਈ ਸੀ ਜਿਸ ਨੇ ਸਾਰੇ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਸੌਂਪੀ ਸੀ। ਇਸ ਦੇ ਬਾਵਜੂਦ 1997 ਤੋਂ 2002 ਅਤੇ ਫਿਰ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਸਮੇਂ ਕਿਸੇ ਵੀ ਦੋਸ਼ੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਰਵਾਈ ਤਾਂ ਕੀ ਕਰਨੀ ਸੀ ਸਗੋਂ ਪੁਲੀਸ ਅਧਿਕਾਰੀ ਸੁਮੇਧ ਸਿੰਘ ਸੈਣੀ ਜੋ 1992 ਵਿਚ ਆਈਜੀ ਲੁਧਿਆਣਾ ਸੀ, ਨੇ ਜਗਰਾਓਂ ਥਾਣੇ ਵਿਚ ਆ ਕੇ ਜਥੇਦਾਰ ਕਾਉਂਕੇ ਤੋਂ ਪੁੱਛ-ਗਿੱਛ ਕੀਤੀ ਤੇ ਸਿਗਰਟ ਦਾ ਧੂੰਆਂ ਉਨ੍ਹਾਂ ਦੇ ਮੂੰਹ ’ਤੇ ਮਾਰਿਆ ਤਾਂ ਜਥੇਦਾਰ ਕਾਉਂਕੇ ਨੇ ਉਸ ਦੇ ਥੱਪੜ ਜੜ ਦਿੱਤਾ। ਇਸ ਤੋਂ ਬੁਖ਼ਲਾ ਕੇ ਉਸ ਨੇ ਹੁਕਮ ਦਿੱਤਾ ਕਿ ਇਸ ਨੂੰ ਅਜਿਹੀ ਸਜ਼ਾ ਦਿਓ ਕਿ ਕੌਮ ਤੇ ਪੰਥ ਦੀ ਰੂਹ ਕੰਬ ਉਠੇ। ਇਸ ਮਗਰੋਂ ਜਥੇਦਾਰ ਕਾਉਂਕੇ ਦੇ ਸਰੀਰ ਦੇ ਟੁਕੜੇ-ਟੁਕੜੇ ਕਰ ਕੇ ਦਰਿਆ ਵਿੱਚ ਵਹਾ ਦਿੱਤੇ ਗਏ।

