ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪਤਾ ਹੈ ਕਿ ਸ਼ਰਾਬ ਘੁਟਾਲੇ ਦਾ ਮਾਮਲਾ ਗੰਭੀਰ ਹੈ, ਇਸ ਲਈ ਉਹ ਈਡੀ ਤੋਂ ਡਰਦੇ ਦਿਨ ਕਟੀ ਕਰ ਰਹੇ ਹਨ। ਭਾਜਪਾ ਆਗੂ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਕੀਤਾ ਗਿਆ ਅਪਰਾਧ ਜ਼ਮਾਨਤਯੋਗ ਨਹੀਂ ਹੈ, ਇਸ ਲਈ ਉਹ ਜ਼ਿਆਦਾ ਦੇਰ ਤੱਕ ਜਾਂਚ ਏਂਜਸੀਆਂ ਤੋਂ ਬਚ ਨਹੀਂ ਸਕਣਗੇ। ਸ੍ਰੀ ਜਾਖੜ ਨੇ ਤਨਜ਼ ਕੱਸਿਆ ਕਿ ਕੇਜਰੀਵਾਲ ਦੇ ਸਭ ਤੋਂ ਔਖੇ ਸਮੇਂ ਵਿੱਚ ਭਗਵੰਤ ਮਾਨ ਵੀ ਉਨ੍ਹਾਂ ਤੋਂ ਲੁਕਦੇ ਫਿਰ ਰਹੇ ਹਨ। ਉਨ੍ਹਾਂ ਸਵਾਲ ਕੀਤਾ, ‘‘ਜਦੋਂ ਤੁਹਾਡਾ ਵੱਡਾ ਆਗੂ ਪ੍ਰੇਸ਼ਾਨ ਤੇ ਸੰਕਟ ਵਿੱਚ ਹੋਵੇ ਤਾਂ ਅਜਿਹੇ ਵੇਲੇ ਭਗਵੰਤ ਮਾਨ ਦਾ ਧਿਆਨ ਕਰਨ ਜਾਣਾ, ਹੈਰਾਨ ਕਰਨ ਵਾਲੀ ਗੱਲ ਹੈ।’’ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵਿਰੁੱਧ ਨਵਾਂ ਪੁਲੀਸ ਕੇਸ ਦਰਜ ਕਰਨ ਬਾਰੇ ਭਾਜਪਾ ਆਗੂ ਨੇ ਕਿਹਾ ਕਿ ਦਿੱਲੀ ਤੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਮਾਪਦੰਡ ਵੱਖਰਾ ਨਹੀਂ ਹੋ ਸਕਦਾ। ਜੇਕਰ ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਆਗੂਆਂ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਦਿੱਲੀ ਵਿੱਚ ‘ਆਪ’ ਸੁਪਰੀਮੋ ਖਿਲਾਫ਼ ਅਜਿਹਾ ਕਿਉਂ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਵਾਲ ਕੀਤਾ, ‘‘ਜੇਕਰ ਕੇਜਰੀਵਾਲ ਬੇਕਸੂਰ ਹਨ ਤਾਂ ਈਡੀ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਵਿੱਚ ਕੀ ਹਰਜ਼ ਹੈ? ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਸੂਬਾਈ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ ਮਗਰੋਂ ਸ੍ਰੀ ਜਾਖੜ ਨੇ ਕਿਹਾ ਕਿ ਗੱਠਜੋੜ ਬਾਰੇ ਕੋਈ ਵੀ ਫ਼ੈਸਲਾ ਕੇਂਦਰੀ ਲੀਡਰਸ਼ਿਪ ਦਾ ਅਧਿਕਾਰ ਹੈ। ਉਨ੍ਹਾਂ ਸਾਰੇ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ।

