ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ 19 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ 37 ਹਜ਼ਾਰ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਹਜ਼ਾਰਾਂ ਮੁਲਾਜ਼ਮ ਰੈਗੂਲਰ ਕਰ ਦਿੱਤੇ ਹਨ ਅਤੇ ਭਵਿੱਖ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਡੇ ਮੌਕੇ ਮਿਲਣਗੇ, ਜਿਸ ਨਾਲ ਪੰਜਾਬ ਦੇ ਨੌਜਵਾਨ ਹੁਣ ਵਿਦੇਸ਼ਾਂ ਵੱਲ ਜਾਣ ਨੂੰ ਘੱਟ ਤਰਜੀਹ ਦੇ ਰਹੇ ਹਨ। ਵਿਧਾਇਕ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਸਾਫ਼-ਸੁਥਰਾ ਪ੍ਰਸ਼ਾਸਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਜਿੰਨੇ ਵਾਅਦੇ ਚੋਣਾਂ ਦੌਰਾਨ ਕੀਤੇ ਸਨ, ਸਰਕਾਰ ਬਣਨ ਤੋਂ ਬਾਅਦ ਇੱਕ-ਇੱਕ ਕਰ ਕੇ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਘਰਾਂ ਦੇ ਬਜਿਲੀ ਦੇ ਬਿੱਲ ਜ਼ੀਰੋ ਆ ਰਹੇ ਹਨ ਅਤੇ ਬਜਿਲੀ ਦੇ ਬਿੱਲਾਂ ਦੀ ਬੱਚਤ ਨਾਲ ਲੋਕਾਂ ਦੀ ਆਰਥਿਕਤਾ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸਾਡਾ ਸੂਬਾ ਸਿਹਤ, ਸਿੱਖਿਆ ਅਤੇ ਵਿਕਾਸ ਪੱਖੋਂ ਅੱਵਲ ਨੰਬਰ ’ਤੇ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜਿਹੜੀਆਂ ਵੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਨਿਰੋਲ ਮੈਰਿਟ ਦੇ ਆਧਾਰ ’ਤੇ ਚੋਣ ਕੀਤੀ ਗਈ ਹੈ, ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਹੈ। ਉਨ੍ਹਾਂ ਨੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਹੁਣ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਲਈ ਜੁੱਟ ਜਾਣ। ਇਸ ਮੌਕੇ ਬੀਡੀਪੀਓ ਅਟਾਰੀ ਬਿਕਰਮਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਦੀਪ ਕੌਰ, ਸੁਪਰਵਾਈਜ਼ਰ ਸ਼ਰਨਜੀਤ ਕੌਰ, ਗੁਰਦਿਆਲ ਸਿੰਘ, ਨਿਸ਼ਾਨ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

